ਬਲਵਿੰਦਰ ਸਿੰਘ ਲਾਡੀ ਨੇ ਪਿੰਡ ਮਾੜੀ ਪੰਨਵਾਂ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ, 11 ਸਤੰਬਰ

ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਮਾੜੀ ਪੰਨਵਾਂ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ , ਹਰਿਦੁਆਰ ਅਤੇ ਰਿਸੀਕੇਸ਼ ਅਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ।
ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।
ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਅਤੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।