ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖੱਟੇ ਰੰਗ ਦੀਆਂ ਟੀ-ਸ਼ਰਟਾਂ ਸ਼ਰਟਾਂ ਵਿੱਚ ਦੌੜਨਗੇ ਨੌਜਵਾਨ
ਅਸ਼ੋਕ ਵਰਮਾ
ਬਠਿੰਡਾ, 11 ਸਤੰਬਰ 2026 :ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ 13 ਸਤੰਬਰ ਨੂੰ ਬਠਿੰਡਾ ਵਿਖੇ ‘ਪੰਜਾਬ ਯੂਥ ਰਨ’ਮੈਰਾਥਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੈਰਾਥਨ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਮਾਰਗਦਰਸ਼ਨ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।
ਇਸੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਮ ਆਦਮੀ ਪਾਰਟੀ ਦੀ ਟੀਮ ਨਾਲ ਪ੍ਰੈੱਸ ਕਾਨਫਰੰਸ ਕਰਕੇ ‘ਪੰਜਾਬ ਯੂਥ ਰਨ’ਦੀ ਟੀ-ਸ਼ਰਟ ਰਿਲੀਜ਼ ਕੀਤੀ। ਇਸ ਮੌਕੇ ਚੇਅਰਮੈਨ ਸ੍ਰੀ ਬਲਜੀਤ ਸਿੰਘ ਬੱਲੀ, ਸ੍ਰੀ ਰਾਜਨ ਅਮਰਦੀਪ ਸਿੰਘ, ਸ੍ਰੀ ਨਵਦੀਪ ਸਿੰਘ ਜੀਦਾ, ਸ੍ਰੀ ਰਾਕੇਸ਼ ਪੁਰੀ, ਸ੍ਰੀ ਵਿਕਰਮ ਲਵਲੀ, ਯੂਥ ਸਕੱਤਰ ਗੁਰਪ੍ਰੀਤ ਬੈਂਸ, ਯੂਥ ਜ਼ਿਲ੍ਹਾ ਪ੍ਰਧਾਨ ਸ੍ਰੀ ਰਮਨਦੀਪ ਸਿੰਘ, ਸ੍ਰੀ ਹਰਦੀਪ ਸਿੰਘ, ਸ੍ਰੀ ਆਸ਼ੀਸ਼ ਭਾਰਦਵਾਜ ਸਮੇਤ ਹੋਰ ‘ਆਪ’ਆਗੂ ਅਤੇ ਵਰਕਰ ਹਾਜ਼ਰ ਸਨ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ 13 ਸਤੰਬਰ ਦੀ ਸਵੇਰ 6 ਵਜੇ ਸ਼ੁਰੂ ਹੋਣ ਵਾਲੀ ਪੰਜਾਬ ਯੂਥ ਰਨ ਲਈ ਹੁਣ ਤੱਕ 10,500 ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਲੋਕਾਂ, ਨੌਜਵਾਨਾਂ, ਸਮਾਜਿਕ ਸੰਸਥਾਵਾਂ ਅਤੇ ਖੇਡ ਪ੍ਰੇਮੀਆਂ ਵਿੱਚ ਇਸ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ 15 ਹਜ਼ਾਰ ਤੋਂ ਵੱਧ ਲੋਕਾਂ ਦੇ ਮੈਰਾਥਨ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਮੈਰਾਥਨ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਵਾਲੀ ਇੱਕ ਵੱਡੀ ਸਮਾਜਿਕ ਮੁਹਿੰਮ ਹੈ। ਬਠਿੰਡਾ ਦੀਆਂ ਸੜਕਾਂ ’ਤੇ ਹਜ਼ਾਰਾਂ ਨੌਜਵਾਨਾਂ ਦੀ ਦੌੜ ਨਸ਼ਿਆਂ ਖ਼ਿਲਾਫ਼ ਇੱਕ ਮਜ਼ਬੂਤ ਸੰਦੇਸ਼ ਦੇਵੇਗੀ।
ਸ੍ਰੀ ਮਹਿਤਾ ਨੇ ਦੱਸਿਆ ਕਿ ਮੈਰਾਥਨ ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ ਹਿੱਸਾ ਲੈਣ ਵਾਲੇ ਪ੍ਰਤੀਭਾਗੀਆਂ ਲਈ ਆਕਰਸ਼ਕ ਨਕਦ ਇਨਾਮ ਵੀ ਰੱਖੇ ਗਏ ਹਨ। 100 ਰੁਪਏ ਅਤੇ 150 ਰੁਪਏ ਵਾਲੀਆਂ ਰਜਿਸਟ੍ਰੇਸ਼ਨ ਸ਼੍ਰੇਣੀਆਂ ਵਿੱਚ ਹਿੱਸਾ ਲੈਣ ਵਾਲੇ ਜੇਤੂਆਂ ਨੂੰ ਆਕਰਸ਼ਕ ਨਕਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈਰਾਥਨ ਵਿੱਚ ਮੁਫ਼ਤ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਉਪਲਬਧ ਹੈ ਅਤੇ ਹਰ ਉਮਰ ਵਰਗ ਦੇ ਲੋਕ ਇਸ ਵਿੱਚ ਹਿੱਸਾ ਲੈ ਸਕਦੇ ਹਨ।ਮੇਅਰ ਨੇ ਦੱਸਿਆ ਕਿ ਪੰਜਾਬ ਯੂਥ ਰਨ ਦੀ ਸ਼ੁਰੂਆਤ ਸਵੇਰੇ 6 ਵਜੇ ਪੁੱਡਾ ਮਾਰਕੀਟ, ਪਾਵਰ ਹਾਊਸ ਰੋਡ ਨੇੜੇ ਰੈੱਡ ਲਾਈਟ ਚੌਕ ਤੋਂ ਹੋਵੇਗੀ। ਇਸ ਤੋਂ ਬਾਅਦ ਮੈਰਾਥਨ ਘੋੜਾ ਚੌਕ, ਆਈ.ਸੀ.ਆਈ.ਸੀ.ਆਈ. ਚੌਕ, ਬੀਬੀ ਵਾਲਾ ਰੋਡ, ਫੌਜੀ ਚੌਕ, ਜੀ.ਟੀ. ਰੋਡ ਅਤੇ ਪਾਵਰ ਹਾਊਸ ਰੋਡ ਤੋਂ ਹੁੰਦੀ ਹੋਈ ਮੁੜ ਪੁੱਡਾ ਮਾਰਕੀਟ ਨੇੜੇ ਪਹੁੰਚੇਗੀ।
ਉਨ੍ਹਾਂ ਦੱਸਿਆ ਕਿ ਮੈਰਾਥਨ ਵਿੱਚ ਭਾਗ ਲੈਣ ਵਾਲੇ ਸਾਰੇ ਪ੍ਰਤੀਭਾਗੀਆਂ ਨੂੰ ਟੀ-ਸ਼ਰਟ ਮੁਹੱਈਆ ਕਰਵਾਈ ਜਾਵੇਗੀ, ਜਦਕਿ ਪ੍ਰਤੀਭਾਗੀਆਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਬਠਿੰਡਾ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਪੰਜਾਬ ਯੂਥ ਰਨ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ।ਉਨ੍ਹਾਂ ਕਿਹਾ, “ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਰਾਜ ਵਿੱਚ ਹੁਣ ਪੰਜਾਬ ‘ਉੱਡਦਾ ਪੰਜਾਬ’ ਨਹੀਂ, ਸਗੋਂ ‘ਦੌੜਦਾ ਪੰਜਾਬ’ਹੈ। ਪੰਜਾਬ ਦਾ ਨੌਜਵਾਨ ਨਸ਼ਿਆਂ ਵੱਲ ਨਹੀਂ, ਸਗੋਂ ਖੇਡ ਦੇ ਮੈਦਾਨ ਅਤੇ ਸਫ਼ਲਤਾ ਵੱਲ ਵੱਧ ਰਿਹਾ ਹੈ।”ਉਨ੍ਹਾਂ ਕਿਹਾ ਕਿ ਪੰਜਾਬ ਯੂਥ ਰਨ ਰਾਹੀਂ ਬਠਿੰਡਾ ਤੋਂ ਪੂਰੇ ਪੰਜਾਬ ਨੂੰ ਇਹ ਸੰਦੇਸ਼ ਦਿੱਤਾ ਜਾਵੇਗਾ ਕਿ ਨੌਜਵਾਨ ਸ਼ਕਤੀ ਨਸ਼ਿਆਂ ਦੇ ਖ਼ਿਲਾਫ਼ ਹੈ ਅਤੇ ਸਿਹਤਮੰਦ, ਨਸ਼ਾ ਮੁਕਤ ਅਤੇ ਵਿਕਸਤ ਪੰਜਾਬ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਸ਼ਹਿਰ ਵਾਸੀਆਂ, ਨੌਜਵਾਨਾਂ, ਵਿਦਿਆਰਥੀਆਂ, ਖਿਡਾਰੀਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਨੂੰ 13 ਸਤੰਬਰ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।