ਆਟੋ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ
ਸਾਂਝ ਕੇਂਦਰ ਲਾਲੜੂ ਵੱਲੋਂ ਆਟੋ ਯੂਨੀਅਨ ਵਿਖੇ ਜਾਗਰੂਕਤਾ ਸੈਮੀਨਾਰ
ਮਲਕੀਤ ਸਿੰਘ ਮਲਕਪੁਰ
ਲਾਲੜੂ 17 ਸਤੰਬਰ 2026: ਸੀਨੀਅਰ ਕਪਤਾਨ ਪੁਲਿਸ ਐੱਸ.ਏ.ਐੱਸ. ਨਗਰ ਵਰੁਨ ਸ਼ਰਮਾ, ਆਈ.ਪੀ.ਐੱਸ., ਐੱਸ.ਪੀ. ਨਵਰੀਤ ਸਿੰਘ ਵਿਰਕ, ਐੱਸ.ਪੀ. (ਐੱਚ.) ਕਮ ਡੀ.ਸੀ.ਪੀ.ਓ. ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਸਾਂਝ ਕੇਂਦਰ ਲਾਲੜੂ ਵੱਲੋਂ ਆਟੋ ਯੂਨੀਅਨ ਲਾਲੜੂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਾਂਝ ਕੇਂਦਰ ਦੇ ਏ.ਐੱਸ.ਆਈ. ਸੁਰਜੀਤ ਸਿੰਘ ਨੇ ਆਟੋ ਚਾਲਕਾਂ ਅਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ, ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਯੁਵਾ ਸਾਂਝ ਅਤੇ ਸਾਂਝ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਪੁਲਿਸ ਸੇਵਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਪੁਲਿਸ ਸਹਾਇਤਾ ਲਈ ਹੈਲਪਲਾਈਨ ਨੰਬਰ 112 ਅਤੇ ਸਾਈਬਰ ਕ੍ਰਾਈਮ ਨਾਲ ਸਬੰਧਤ ਮਾਮਲਿਆਂ ਦੀ ਸ਼ਿਕਾਇਤ ਲਈ 1930 ’ਤੇ ਸੰਪਰਕ ਕਰਨ ਲਈ ਵੀ ਜਾਗਰੂਕ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸੁਚੱਜੇ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਲੋਕਾਂ ਨੂੰ ਪੁਲਿਸ ਅਤੇ ਸਾਂਝ ਕੇਂਦਰਾਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ।