ਗੁਲਜ਼ਾਰ ਖੁਦਕੁਸ਼ੀ ਮਾਮਲਾ :ਵਿੱਤ ਮੰਤਰੀ 'ਤੇ ਪਰਚੇ ਦੀ ਮੰਗ ਨੂੰ ਲੈਕੇ ਜਨਤਕ ਜਥੇਬੰਦੀਆਂ ਵੱਲੋਂ ਮੁਜ਼ਾਹਰਾ
ਮਜ਼ਦੂਰ ਆਗੂਆਂ 'ਤੇ ਸਿਆਸੀ ਲੀਡਰਾਂ ਵੱਲੋਂ ਦੂਸ਼ਣਬਾਜ਼ੀ ਦੀ ਨਿੰਦਾ
ਅਸ਼ੋਕ ਵਰਮਾ
ਸੰਗਰੂਰ ,18 ਸਤੰਬਰ 2026: ਤੂਰਵਣਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਲਈ ਕਥਿਤ ਤੌਰ ਤੇ ਜ਼ਿੰਮੇਵਾਰ ਵਿੱਤ ਮੰਤਰੀ ਪੰਜਾਬ ਖਿਲਾਫ ਮੁਕੱਦਮਾ ਦਰਜ ਕਰਨ ਅਤੇ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਤੇ ਨੌਕਰੀ ਦੇਣ ਤੋਂ ਇਲਾਵਾ ਐਸ ਸੀ ਐਸ ਟੀ ਐਕਟ ਤਹਿਤ ਮਿਲਦੀਆਂ ਸਾਰੀਆਂ ਸਹੂਲਤਾਂ ਤੁਰੰਤ ਦੇਣ ਆਦਿ ਮੰਗਾਂ ਨੂੰ ਲੈ ਕੇ ਅੱਜ਼ ਜ਼ਿਲੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਤੋਂ ਬਾਅਦ ਸ਼ਹਿਰ ਦੇ ਵਿੱਚ ਰੋਹ ਭਰਪੂਰ ਮੁਜ਼ਾਹਰਾ ਕੀਤਾ। ਇਕੱਠ ਨੂੰ ਵੱਖ ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਆਪ ਸਰਕਾਰ ਦੇ ਹੁਕਮਾਂ ਤੇ ਪੁਲਿਸ ਵੱਲੋਂ ਪਰਿਵਾਰ ਨੂੰ ਮਿਰਤਕ ਗੁਲਜ਼ਾਰ ਸਿੰਘ ਦੀਆਂ ਅੰਤਿਮ ਰਸਮਾਂ ਵੀ ਨਹੀਂ ਕਰਨ ਦਿੱਤੀਆਂ । ਉਹਨਾਂ ਲਾਸ਼ ਦੀ ਬੇਅਬਦੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਵੀ ਕਾਰਵਾਈ ਦੀ ਮੰਗ ਕੀਤੀ।
ਉਹਨਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਨਸ਼ਿਆਂ ਦੇ ਸਵਾਲ ਕਰਨ ਤੇ ਹੀ ਇੱਕ ਮਜ਼ਦੂਰ ਨੂੰ ਮੌਤ ਦੇ ਮੂੰਹ ਧੱਕ ਦਿੱਤਾ ਗਿਆ।ਉਹਨਾਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਵੱਲੋਂ ਪੀੜਤ ਪਰਿਵਾਰ ਨਾਲ ਡਟ ਕੇ ਖ਼ੜੇ ਮਜ਼ਦੂਰ ਆਗੂਆਂ 'ਤੇ ਚਿੱਕੜ ਉਛਾਲੀ ਦੀ ਸਖ਼ਤ ਨਿਖੇਧੀ ਕਰਦਿਆਂ ਆਖਿਆ ਕਿ ਇਹਨਾਂ ਪਾਰਟੀਆਂ ਦੇ ਰਾਜਾਂ ਦੌਰਾਨ ਵੀ ਦਲਿਤ ਮਜ਼ਦੂਰਾਂ ਤੇ ਹੋਰਨਾਂ ਕਿਰਤੀ ਕਮਾਊ ਲੋਕਾਂ ਤੇ ਅੰਨਾਂ ਤਸ਼ੱਦਦ ਢਾਹਿਆ ਜਾਂਦਾ ਰਿਹਾ ਹੈ ਅਤੇ ਆਪ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਜਾਬਰ ਤੇ ਲੋਕ ਵਿਰੋਧੀ ਨੀਤੀਆਂ 'ਤੇ ਇਹ ਸਭ ਪਾਰਟੀਆਂ ਪੂਰੀ ਤਰ੍ਹਾਂ ਇੱਕਮੱਤ ਹਨ ।
ਅੱਜ ਦੇ ਪ੍ਰਦਰਸ਼ਨ ਨੂੰ ਖੇਤ ਮਜ਼ਦੂਰ ਆਗੂ ਲਛਮਣ ਸੇਵੇਵਾਲਾ, ਮਜ਼ਦੂਰ ਮੁਕਤੀ ਮੋਰਚਾ ਦੇ ਗੌਬਿੰਦ ਛਾਜਲੀ,ਸਾਬਕਾ ਸੈਨਿਕ ਯੂਨੀਅਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਮਾਲੇਰਕੋਟਲਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਆਗੂ ਜਗਤਾਰ ਕਾਲਾਝਾੜ, ਹਰਜੀਤ ਮਹਿਲਾਂ ਕ੍ਰਾਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਜੀਤ ਨਮੌਲ਼, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਬਠਿੰਡਾ, ਦਾਤਾ ਨਮੋਲ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਭਗਵਾਨ ਮੂਣਕ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਬਲਬੀਰ ਲੌਂਗੋਵਾਲ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਜੁਝਾਰ ਲੋਂਗੋਵਾਲ,ਖੇਤ ਮਜ਼ਦੂਰ ਸਭਾ ਦੇ ਨਿਰੰਜਣ ਸਿੰਘ, ਕ੍ਰਾਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਲੋਂਗੋਵਾਲ, ਪ੍ਰਗਟ ਕਾਲਾਝਾੜ, ਲੋਕ ਮੋਰਚੇ ਦੇ ਜਗਮੇਲ ਸਿੰਘ,1158 ਯੂਨੀਅਨ ਦੇ ਪ੍ਰੋ ਨਿਰਭੈ ਸਿੰਘ, ਟੋਲ ਪਲਾਜ਼ਾ ਯੂਨੀਅਨ ਦੇ ਨਾਜਰ ਸਿੰਘ, ਬੇਰੁਜ਼ਗਾਰ ਮੋਰਚੇ ਦੇ ਸੰਦੀਪ ਮੋਫ਼ਰ ਆਦਿ ਆਗੂਆਂ ਨੇ ਪ੍ਰੀਵਾਰ ਨੂੰ ਇਨਸਾਫ਼ ਦਿਵਾਉਣ ਤਕ ਸੰਘਰਸ਼ ਕਰਨ ਦਾ ਅਹਿਦ ਲਿਆ ।ਅੰਤ ਵਿੱਚ ਹਰਭਗਵਾਨ ਮੂਣਕ ਵੱਲੋਂ ਸਭ ਸ਼ਾਮਿਲ ਸਾਥੀਆਂ ਅਤੇ ਜਥਬੰਦੀਆਂ ਦਾ ਧੰਨਵਾਦ ਕੀਤਾ ਗਿਆ।