ਸਹਿਜ ਪਾਠ ਦੀ ਆਰੰਭਤਾ 26 ਸਤੰਬਰ ਨੂੰ: ਕਾਲਕਾ ਤੇ ਕਾਹਲੋਂ
ਨਵੀਂ ਦਿੱਲੀ, 24 ਸਤੰਬਰ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਦੱਸਿਆ ਕਿ ਸਿੱਖਾਂ ਦੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹੀਦੀ ਪਾਉਣ ਵਾਲੇ ਮਹਾਨ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੀ ਸੰਪੂਰਨਤਾ 14 ਦਸੰਬਰ 2026 ਨੂੰ ਹੋਣ ਜਾ ਰਹੀ ਹੈ। ਇਸ ਇਤਿਹਾਸਕ ਮੌਕੇ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਧਾਰਮਿਕ ਅਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।
ਸਰਦਾਰ ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸੰਗਤਾਂ ਦੀ ਭਾਰੀ ਮੰਗ ਅਤੇ ਸ਼ਰਧਾ ਨੂੰ ਮੁੱਖ ਰੱਖਦਿਆਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ। ਇਸ ਸਬੰਧੀ ਵਿਸ਼ੇਸ਼ ਸਮਾਗਮ 26 ਸਤੰਬਰ 2026, ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਰਵਾਇਆ ਜਾਵੇਗਾ।
ਦੋਵੇਂ ਆਗੂਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਨੇ ਅਜੇ ਤੱਕ ਆਪਣੇ ਜੀਵਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਹਿਜ ਪਾਠ ਸ਼ੁਰੂ ਨਹੀਂ ਕੀਤਾ, ਉਹ ਇਸ ਪਵਿੱਤਰ ਮੌਕੇ ਦਾ ਲਾਹਾ ਲੈਂਦਿਆਂ ਸਹਿਜ ਪਾਠ ਦੀ ਆਰੰਭਤਾ ਕਰਨ ਅਤੇ 26 ਸਤੰਬਰ ਨੂੰ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਪਹੁੰਚ ਕੇ ਆਪਣੀ ਹਾਜ਼ਰੀ ਭਰਨ।
ਸਰਦਾਰ ਕਾਲਕਾ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਪਿਛਲੇ ਸਾਲ ਸਹਿਜ ਪਾਠ ਕੀਤੇ ਸਨ ਅਤੇ ਗੁਰਦੁਆਰਾ ਸਾਹਿਬ ਤੋਂ ਸੈਂਚੀਆਂ ਸਾਹਿਬ ਲੈ ਕੇ ਗਏ ਸਨ, ਉਹ ਵੀ ਆਪਣੀਆਂ ਸੈਂਚੀਆਂ ਨਾਲ ਲਿਆ ਸਕਦੇ ਹਨ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਹਿਜ ਪਾਠਾਂ ਲਈ ਸੈਂਚੀਆਂ ਵੀ ਉਪਲਬਧ ਕਰਵਾਈਆਂ ਜਾਣਗੀਆਂ। ਦੋਵੇਂ ਆਗੂਆਂ ਨੇ ਕਿਹਾ ਕਿ ਸਹਿਜ ਪਾਠ ਸਿਰਫ਼ ਇੱਕ ਧਾਰਮਿਕ ਰਸਮ ਨਹੀਂ, ਸਗੋਂ ਗੁਰੂ ਸਾਹਿਬ ਦੀ ਬਾਣੀ ਨਾਲ ਜੁੜਨ, ਪਰਿਵਾਰਕ ਜੀਵਨ ਵਿੱਚ ਗੁਰਮਤਿ ਦੀ ਰੌਸ਼ਨੀ ਲਿਆਉਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦਾ ਪਵਿੱਤਰ ਮੌਕਾ ਹੈ। ਇਸ ਲਈ ਵੱਧ ਤੋਂ ਵੱਧ ਸੰਗਤਾਂ ਅਤੇ ਪਰਿਵਾਰ ਇਸ ਮੁਹਿੰਮ ਨਾਲ ਜੁੜਨ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਸਹਿਜ ਪਾਠ ਲਈ ਨਾਮ ਰਜਿਸਟਰ ਕਰਵਾਉਣ, ਪੋਥੀ ਸਾਹਿਬ ਪ੍ਰਾਪਤ ਕਰਨ ਅਤੇ ਹੋਰ ਜਾਣਕਾਰੀ ਲਈ 9873111444 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੇ ਇਸ ਇਤਿਹਾਸਕ ਵਰ੍ਹੇ ਨੂੰ ਗੁਰਬਾਣੀ ਨਾਲ ਜੁੜ ਕੇ ਯਾਦਗਾਰੀ ਬਣਾਇਆ ਜਾਵੇ ਅਤੇ ਵੱਧ ਤੋਂ ਵੱਧ ਪਰਿਵਾਰ ਸਹਿਜ ਪਾਠ ਦੀ ਆਰੰਭਤਾ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।