ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਲਈ ਲਾਏ ਕਿਸਾਨ ਮੇਲੇ ਦੌਰਾਨ ਫਸਲੀ ਵਿਭਿੰਨਤਾ ਦਾ ਸੱਦਾ
ਅਸ਼ੋਕ ਵਰਮਾ
ਬਠਿੰਡਾ, 25 ਸਤੰਬਰ 2026:ਹਾੜ੍ਹੀ ਦੀਆਂ ਫ਼ਸਲਾਂ ਲਈ ਸਤੰਬਰ ਮਹੀਨੇ ਦੌਰਾਨ ਪੀ.ਏ.ਯੂ. ਵਲੋਂ ਕਰਵਾਏ ਜਾਂਦੇ ਕਿਸਾਨ ਮੇਲਿਆਂ ਦੀ ਲੜੀ ਤਹਿਤ ਅੱਜ ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਲਾਏ ਕਿਸਾਨ ਮੇਲੇ ਦੌਰਾਨ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਦੇ ਰਾਹ ਪੈਣ ਦਾ ਸੱਦਾ ਦਿੱਤਾ ਗਿਆ ਇਸ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਹੋਏ। ਕਿਸਾਨ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਸ. ਸੁਖਜੀਤ ਪਾਲ ਸਿੰਘ ਆਈ.ਏ.ਐਸ. ਨੇ ਕੀਤੀ।
ਮੁੱਖ ਮਹਿਮਾਨ ਸ. ਗੁਰਮੀਤ ਸਿੰਘ ਖੁੱਡੀਆਂ, ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਫਸਲੀ ਵਿਭਿੰਨਤਾ ਅਤੇ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਹੋਰ ਯਤਨ ਤੇਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਨਾਲ-ਨਾਲ ਨਰਮਾ-ਕਪਾਹ ਵਰਗੀਆਂ ਫਸਲਾਂ ਬੀਜਣ ਦੀ ਅਪੀਲ ਕੀਤੀ। ਸ. ਖੁੱਡੀਆਂ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀ ਦੇ ਨਾਲ-ਨਾਲ ਸਹਾਇਕ ਕਿੱਤਿਆਂ ਨੂੰ ਅਪਣਾਉਣ ’ਤੇ ਵੀ ਜ਼ੋਰ ਦਿੱਤਾ। ਸ. ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਪ੍ਰੋਸੈਸਿੰਗ ਦੇ ਨਾਲ ਨਾਲ ਖੁਦ ਮੰਡੀਕਰਨ ਦੇ ਖੇਤਰ ਵਿੱਚ ਵੀ ਆਉਣਾ ਪਵੇਗਾ। ਪੰਜਾਬ ਵੱਲੋਂ ਦੇਸ਼ ਦੇ ਅਨਾਜ ਭੰਡਾਰ ਵਿੱਚ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬਾ ਕੇਂਦਰੀ ਪੂਲ ਲਈ ਦੇਸ਼ ਦੇ ਕੁੱਲ ਝੋਨੇ ਦਾ ਲਗਭਗ 40 ਫ਼ੀਸਦੀ ਅਤੇ ਕਣਕ ਦਾ 25 ਫ਼ੀਸਦੀ ਹਿੱਸਾ ਮੁਹੱਈਆ ਕਰਵਾਉਂਦਾ ਹੈ। ਇਹ ਪ੍ਰਾਪਤੀ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਅਤੇ ਵਿਗਿਆਨੀਆਂ ਦੀ ਖੋਜ ਕਾਰਨ ਹੀ ਸੰਭਵ ਹੋ ਸਕੀ ਹੈ।
ਪ੍ਰਧਾਨਗੀ ਭਾਸ਼ਣ ਵਿੱਚ ਪੀ.ਏ.ਯੂ. ਦੇ ਵਾਈਸ ਚਾਂਸਲਰ ਸ. ਸੁਖਜੀਤ ਪਾਲ ਸਿੰਘ, ਆਈ.ਏ.ਐਸ. ਨੇ ਕਿਹਾ ਕਿ ਯੂਨੀਵਰਸਿਟੀ ਖੇਤੀਬਾੜੀ ਦੇ ਖੇਤਰ ਵਿੱਚ ਨਵੀਆਂ ਖੋਜਾਂ ਨੂੰ ਉਤਸ਼ਾਹਿਤ ਕਰਦਿਆਂ ਖੇਤੀ ਸੁਧਾਰਾਂ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਦੇ ਵਿਗਿਆਨੀਆਂ ਦੀ ਖੋਜ ਦਾ ਉਦੇਸ਼ ਉਸ ਨੂੰ ਪ੍ਰਯੋਗਸ਼ਾਲਾ ਜਾਂ ਖੋਜ ਕੇਂਦਰ ਤੱਕ ਸੀਮਤ ਰੱਖਣ ਦੀ ਬਜਾਏ ਕਿਸਾਨ ਦੇ ਖੇਤ ਤੱਕ ਪਹੁੰਚਾਉਣਾ ਹੈ। ਇਸੇ ਦਿਸ਼ਾ ਵਿੱਚ ਫ਼ਸਲਾਂ ਦੇ ਝਾੜ ਅਤੇ ਗੁਣਵੱਤਾ ਵਿੱਚ ਸੁਧਾਰ ਲਈ ਨਵੀਆਂ ਕਿਸਮਾਂ ਵਿਕਸਤ ਕਰਨ ਦੇ ਨਾਲ-ਨਾਲ ਪਹਿਲਾਂ ਤੋਂ ਪ੍ਰਚਲਿਤ ਕਿਸਮਾਂ ਵਿੱਚ ਵੀ ਲੋੜ ਅਨੁਸਾਰ ਸੁਧਾਰ ਕੀਤੇ ਜਾ ਰਹੇ ਹਨ।
ਵਾਈਸ ਚਾਂਸਲਰ ਸ. ਸੁਖਜੀਤ ਪਾਲ ਸਿੰਘ, ਆਈ.ਏ.ਐਸ. ਨੇ ਕਿਸਾਨ ਮੇਲਿਆਂ ਦੀ ਭੂਮਿਕਾ ਨੂੰ ਸਿਰਫ਼ ਬੀਜਾਂ ਜਾਂ ਖੇਤੀ ਸਮੱਗਰੀ ਦੀ ਖਰੀਦ ਤੱਕ ਸੀਮਤ ਨਾ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਨੂੰ ਕਿਸਾਨਾਂ ਅਤੇ ਖੇਤੀ ਮਾਹਿਰਾਂ ਵਿਚਕਾਰ ਸਿੱਧੇ ਸੰਵਾਦ ਦੇ ਮੰਚ ਵਜੋਂ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਵੱਖ-ਵੱਖ ਖੇਤੀ ਸਮੱਸਿਆਵਾਂ ਬਾਰੇ ਵਿਚਾਰ ਕਰਨ ਅਤੇ ਉਨ੍ਹਾਂ ਨੂੰ ਵਿਗਿਆਨਕ ਸੇਧ ਦੇਣ ਲਈ ਮੇਲੇ ਵਿੱਚ ਯੂਨੀਵਰਸਿਟੀ ਦੇ ਮਾਹਿਰ ਮੌਜੂਦ ਹਨ। ਕਿਸਾਨ ਆਪਣੀਆਂ ਸਮੱਸਿਆਵਾਂ ਅਤੇ ਖੇਤ ਪੱਧਰ ’ਤੇ ਦਰਪੇਸ਼ ਚੁਣੌਤੀਆਂ ਮਾਹਿਰਾਂ ਨਾਲ ਸਾਂਝੀਆਂ ਕਰਨ। ਪਰਾਲੀ ਦੀ ਸੰਭਾਲ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਵਾਈਸ ਚਾਂਸਲਰ ਨੇ ਕਿਹਾ ਕਿ ਇਸ ਨੂੰ ਸਿਰਫ਼ ਖੇਤੀਬਾੜੀ ਨਾਲ ਜੁੜੀ ਇੱਕ ਚੁਣੌਤੀ ਵਜੋਂ ਦੇਖਣ ਦੀ ਬਜਾਏ ਇਸ ਦੀ ਉਪਯੋਗਤਾ ਨੂੰ ਸਮਝਦਿਆਂ ਇੱਕ ਖੇਤੀ ਸਰੋਤ ਵਜੋਂ ਵਰਤਣ ਵੱਲ ਧਿਆਨ ਦੇਣ ਦੀ ਲੋੜ ਹੈ।
ਹਾੜ੍ਹੀ ਦੀਆਂ ਫ਼ਸਲਾਂ ਲਈ ਪੀ.ਏ.ਯੂ. ਵੱਲੋਂ ਜਾਰੀ ਖੇਤੀ ਸਿਫ਼ਾਰਸ਼ਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਹੁਣ ਤਕ 995 ਕਿਸਮਾਂ ਤਿਆਰ ਕਰਕੇ ਕਾਸ਼ਤ ਲਈ ਸਿਫਾਰਸ਼ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 250 ਤੋਂ ਵਧੇਰੇ ਕਿਸਮਾਂ ਨੂੰ ਰਾਸ਼ਟਰੀ ਪੱਧਰ ‘ਤੇ ਪ੍ਰਵਾਨਗੀ ਮਿਲੀ ਹੈ। ਉਨ੍ਹਾਂ ਪਿਛਲੇ ਛੇ ਮਹੀਨਿਆਂ ਦੌਰਾਨ ਤਿਆਰ ਕੀਤੀਆਂ ਨਵੀਂਆਂ ਸਿਫਾਰਸ਼ੀ ਕਿਸਮਾਂ, ਉਤਪਾਦਨ ਤਕਨੀਕਾਂ, ਪੌਦ ਸੁਰੱਖਿਆ ਉਪਾਆਂ ਅਤੇ ਹੋਰ ਖੇਤੀ ਸਿਫਾਰਿਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ। ਇਨ੍ਹਾਂ ਵਿੱਚ ਕਣਕ ਦੀਆਂ ਪੀ.ਬੀ.ਡਬਲਯੂ. 887 ਅਤੇ ਪੀ.ਬੀ.ਡਬਲਯੂ. 927, ਮਸਰ ਦੀ ਐੱਲ.ਐੱਲ. 1613, ਸਰ੍ਹੋਂ ਦੀਆਂ ਪੰਜਾਬ ਰਾਇਆ ਕਨੋਲਾ-7 ਅਤੇ ਪੰਜਾਬ ਰਾਇਆ 813, ਹਾੜ੍ਹ ਬਰਸੀਮ ਦੀ ਬੀ.ਐੱਲ. 45, ਮਟਰ ਦੀ ਅਗੇਤਾ 8, ਆਲੂ, ਪਿਆਜ਼ ਅਤੇ ਲਸਣ ਦੀਆਂ ਨਵੀਆਂ ਕਿਸਮਾਂ, ਖਰਬੂਜ਼ੇ ਦੀ ਪੰਜਾਬ ਅੰਮ੍ਰਿਤ ਆਦਿ ਸ਼ਾਮਲ ਹਨ।
ਉਨ੍ਹਾਂ ਨੇ ਇਹਨਾਂ ਕਿਸਮਾਂ ਦੇ ਗੁਣਾਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਇਨ੍ਹਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ। ਇਸਦੇ ਨਾਲ ਹੀ ਉਨ੍ਹਾਂ ਉਤਪਾਦਨ ਤਕਨੀਕਾਂ ਵਿੱਚ ਫੋਨ ਨਾਲ ਸਿੰਚਾਈ ਸੈਂਸਰ ਜੋੜਨ, ਮੂੰਗੀ ਵਿੱਚ ਨੀਲੇ ਚਿਪਕਵੇਂ ਕਾਰਡਾਂ ਦੀ ਵਰਤੋਂ, ਗੁੱਲੀ ਡੰਡੇ ਦੀ ਰੋਕਥਾਮ, ਸੂਖਮ ਸਿੰਚਾਈ, ਗੋਭੀ ਸਰ੍ਹੋਂ ਅਤੇ ਤੋਰੀਆ ਦੀ ਅੰਤਰਫ਼ਸਲੀ ਕਾਸ਼ਤ, ਅਤੇ ਪਸ਼ੂਆਂ ਲਈ ਫ਼ਸਲੀ ਅਚਾਰ ਬਣਾਉਣ ਵਾਸਤੇ ਲੈਕਟਿਕ ਐਸਿਡ ਬੈਕਟੀਰੀਆ ਜਾਗ ਦੀ ਤਕਨਾਲੋਜੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਪਾਣੀ ਦੀ ਬਚਤ ਲਈ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਪਣਾਉਣ ਦੀ ਅਪੀਲ ਕੀਤੀ ਅਤੇ ਪਰਾਲੀ ਦੀ ਸੰਭਾਲ ਹਰ ਹਾਲਤ ਵਿੱਚ ਖੇਤ ਵਿੱਚ ਹੀ ਕਰਨ ‘ਤੇ ਜ਼ੋਰ ਦਿੱਤਾ। ਪਸਾਰ ਸਿੱਖਿਆ ਦੇ ਨਿਰਦੇਸ਼ਕ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ