ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲੇ ਵਿੱਚ ਮਮਤਾ ਰਾਣੀ ਨੇ ਜਿੱਤਿਆ ਕਾਂਸੀ ਦਾ ਤਗ਼ਮਾ
ਪਟਿਆਲਾ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਟੇਬਲ ਟੈਨਿਸ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸਥਾਨਕ ਪੋਲੋ ਗਰਾਊਂਡ ਪਟਿਆਲਾ ਵਿਖੇ ਸਫ਼ਲਤਾਪੂਰਵਕ ਕਰਵਾਇਆ ਗਿਆ। ਇਹ ਟੂਰਨਾਮੈਂਟ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਸ੍ਰੀ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਭਰ ਦੇ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਵੱਡੇ ਪੱਧਰ 'ਤੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ 51 ਤੋਂ 60 ਸਾਲ ਉਮਰ ਵਰਗ ਦੇ ਮਹਿਲਾ ਵਰਗ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਵਿਖੇ ਤਾਇਨਾਤ ਪੀ.ਟੀ.ਆਈ. ਸ੍ਰੀਮਤੀ ਮਮਤਾ ਰਾਣੀ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਬਰੋਂਜ਼ ਮੈਡਲ ਹਾਸਲ ਕੀਤਾ। ਉਨ੍ਹਾਂ ਨੇ ਆਪਣੇ ਤਜ਼ਰਬੇ ਅਤੇ ਖੇਡ ਹੁਨਰ ਨਾਲ ਸਾਬਤ ਕਰ ਦਿੱਤਾ ਕਿ ਖੇਡਾਂ ਪ੍ਰਤੀ ਜਜ਼ਬਾ ਕਿਸੇ ਵੀ ਉਮਰ ਦੀਆਂ ਹੱਦਾਂ ਦਾ ਮੁਹਤਾਜ ਨਹੀਂ ਹੁੰਦਾ। ਉਨ੍ਹਾਂ ਦੀ ਇਸ ਜਿੱਤ ਨਾਲ ਸਕੂਲ ਅਤੇ ਖੇਡ ਜਗਤ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗ ਵਰਗ ਨੂੰ ਵੀ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਸ੍ਰੀਮਤੀ ਮਮਤਾ ਰਾਣੀ ਦੇ ਜਜ਼ਬੇ ਦੀ ਭਰਪੂਰ ਸ਼ਲਾਘਾ ਕੀਤੀ।ਇਸ ਇਨਾਮ ਵੰਡ ਸਮਾਰੋਹ ਦੌਰਾਨ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਜਤਿਨ ਅਹੁਜਾ, ਸ੍ਰੀਮਤੀ ਰਵਿੰਦਰਪਾਲ ਕੌਰ ਅਤੇ ਹੋਰ ਕੋਚ ਸਾਹਿਬਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਸਮੂਹ ਅਧਿਕਾਰੀਆਂ ਅਤੇ ਕੋਚਾਂ ਨੇ ਜੇਤੂਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।