ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਬੇਗਮਪੁਰਾ ਦੇ ਸੰਕਲਪ ਨੂੰ ਯਕੀਨੀ ਬਣਾਉਣਾ ਦੇ ਸੰਕਲਪ ਉੱਤੇ ਦਿੱਤਾ ਗਿਆ ਜ਼ੋਰ
ਅਸ਼ੋਕ ਵਰਮਾ
ਤਲਵੰਡੀ ਸਾਬੋ, 7 ਅਕਤੂਬਰ 2026 :ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿਦਿਅਕ ਅਦਾਰਿਆਂ ਵਿਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਅੱਜ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਗੁਰੂ ਜੀ ਦੀ ਬਾਣੀ ਅਤੇ ਸਿਖਿਆਵਾਂ ਨੂੰ ਸਮਰਪਤ ਸੈਮੀਨਾਰ ਕਰਵਾਇਆ ਗਿਆ ਜਿਥੇ ਸੰਤਾਂ-ਮਹਾਂਪੁਰਸ਼ਾਂ, ਸਿਆਸੀ ਸ਼ਖਸੀਅਤਾਂ ਅਤੇ ਇਤਿਹਾਸ ਦੇ ਮਾਹਰਾਂ ਵਲੋਂ ਗੁਰੂ ਜੀ ਦੇ ਬੇਗਮਪੁਰਾ ਦੇ ਸੰਕਲਪ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਾਂਝੇ ਯਤਨ ਕਰਨ ਦੀ ਤਾਕੀਦ ਕੀਤੀ।ਸੈਮੀਨਾਰ ਦੌਰਾਨ ਸੰਤ ਕੇਵਲ ਸਿੰਘ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ, ਸੰਤ ਸੁਰਿੰਦਰ ਦਾਸ ਚਰਨਛੋਹ ਸੱਚਖੰਡ ਬੇਗ਼ਮਪੁਰਾ ਸ੍ਰੀ ਖੁਰਾਲਗੜ੍ਹ ਸਾਹਿਬ, ਚੀਫ਼ ਪਾਰਟੀ ਵਿੱਪ ਅਤੇ ਵਿਧਾਇਕ ਤਲਵੰਡੀ ਸਾਬੋ ਕੈਬਨਿਟ ਰੈਂਕ ਪ੍ਰੋ: ਬਲਜਿੰਦਰ ਕੌਰ, ਡਾ. ਮਨਜਿੰਦਰ ਸਿੰਘ ਪੰਜਾਬੀ ਵਿਭਾਗ ਦੇ ਮੁਖੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਡਾ ਗੁਰਮੇਲ ਸਿੰਘ, ਵਾਈਸ ਚਾਂਸਲਰ, ਯੂਨੀਵਰਸਿਟੀ ਨੇ ਗੁਰੂ ਜੀ ਦੇ ਜੀਵਨ, ਫਲਸਫੇ, ਸਿੱਖਿਆਵਾਂ ਅਤੇ ਉਨ੍ਹਾਂ ਦੀ ਅਜੋਕੇ ਯੁੱਗ ਵਿਚ ਮਹੱਤਤਾ ਬਾਰੇ ਵਿਸਥਾਰਤ ਚਾਨਣਾ ਪਾਇਆ।
ਸੰਤ ਕੇਵਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਉਸ ਵੇਲੇ ਸਮਾਨਤਾ ਅਤੇ ਸਿਖਿਆ ਨਾਲ ਜਾਗ ਦਾ ਹਨੇਰਾ ਦੂਰ ਕਰਨ ਦੀ ਗੱਲ ਕੀਤੀ ਜਿਨ੍ਹਾਂ ਸਮੇਂ 'ਚ ਲੋਕਾਂ ਦੀ ਸਿਖਿਆ ਪ੍ਰਤੀ ਚੇਤਨਾ ਘੱਟ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਜ਼ਿੰਦਗੀ ਵਿਚ ਤੈਅ ਮੁਕਾਮ ਹਾਸਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਰਾਹੀਂ ਬੌਧਿਕ ਵਿਕਾਸ ਨਵੀਂਆਂ ਪੀੜ੍ਹੀਆਂ ਵਿਚ ਲੋੜੀਂਦੀ ਤਬਦੀਲੀ ਨੂੰ ਅਮਲੀ ਰੂਪ ਦਿੰਦਾ ਹੈ ਅਤੇ ਗੁਰੂ ਜੀ ਨੇ ਵੀ ਆਪਣੇ ਜੀਵਨ ਦੌਰਾਨ ਸਿੱਖਿਆ, ਕਿਰਤ ਅਤੇ ਸਮਾਜਿਕ ਬਰਾਬਰਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ ਅਤੇ ਸੈਮੀਨਾਰਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਨਾਲ ਜੁੜਨ ਅਤੇ ਇਨ੍ਹਾਂ ਤੋਂ ਪ੍ਰੇਰਨਾ ਲੈਣ ਦਾ ਮੌਕਾ ਮਿਲ ਰਿਹਾ ਹੈ।
ਸੰਤ ਸੁਰਿੰਦਰ ਦਾਸ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣਾ ਸਮੁੱਚਾ ਜੀਵਨ ਸਮਾਜਿਕ ਬਰਾਬਰਤਾ, ਜਾਤ-ਪਾਤ ਦੇ ਵਿਤਕਰੇ ਅਤੇ ਸਮਾਜਿਕ ਨਿਆਂ ਲਈ ਲਾ ਦਿੱਤਾ ਜੋ ਅੱਜ ਵੀ ਸਾਡੇ ਜੀਵਨ ਵਿਚ ਬਹੁਤ ਸਾਰਥਕ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹਾਸਲ ਕਰਕੇ ਇਨ੍ਹਾਂ ਸਮਾਜਿਕ ਕੁਰੀਤੀਆਂ ਦਾ ਯਕੀਨਣ ਖਾਤਮਾ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਲੰਬੇ ਸਮੇਂ ਤੱਕ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਪ੍ਰੋ ਚੀਫ਼ ਪਾਰਟੀ ਵਿੱਪ ਅਤੇ ਵਿਧਾਇਕ ਤਲਵੰਡੀ ਸਾਬੋ ਕੈਬਨਿਟ ਰੈਂਕ ਪ੍ਰੋ: ਬਲਜਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ, ਡਾਕੂਮੈਂਟਰੀ ਸ਼ੋਅ, ਡਰੋਨ ਸ਼ੋਅ, ਮੈਰਾਥਨ ਅਤੇ ਹੋਰ ਉਪਰਾਲਿਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ 100 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 13000 ਪਿੰਡਾਂ ਵਿਚ ਡਾਕੂਮੈਂਟਰੀ ਸ਼ੋਅ ਦਿਖਾਏ ਜਾ ਰਹੇ ਹਨ ਤਾਂ ਜੋ ਜ਼ਮੀਨੀ ਪੱਧਰ ਤੱਕ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ-ਪ੍ਰਸਾਰ ਹੋ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਿਛਲੇ ਦਿਨੀਂ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ । ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਖੁਰਾਲਗੜ੍ਹ ਵਿਖੇ ਗੁਰੂ ਰਵਿਦਾਸ ਮੈਮੋਰੀਅਲ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ’ਤੇ 37 ਕਰੋੜ ਰੁਪਏ ਦੀ ਲਾਗਤ ਆਉਣੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਮੀਨਾਰਾਂ ਦਾ ਉਦੇਸ਼ ਪੰਜਾਬ ਸਰਕਾਰ ਵਲੋਂ ਮਨੁੱਖਤਾਵਾਦੀ ਅਤੇ ਸਮਾਜਿਕ ਬਰਾਬਰਤਾ ਦਾ ਸੰਦੇਸ਼ ਦੇਣਾ ਹੈ ਤਾਂ ਜੋ ਪੰਜਾਬ ਨੂੰ ਤਰੱਕੀ ਦੀਆਂ ਹੋਰ ਬੁਲੰਦੀਆਂ ’ਤੇ ਲਿਜਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਸ਼ੋਅ ਤੋਂ ਇਲਾਵਾ ਡਰੋਨ ਸ਼ੋਅ ਵੀ ਕਰਵਾਏ ਜਾ ਰਹੇ ਹਨ।
ਡਾ. ਮਨਜਿੰਦਰ ਸਿੰਘ ਪੰਜਾਬੀ ਵਿਭਾਗ ਦੇ ਮੁਖੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚਾ ਜੀਵਨ ਸਮਾਜਿਕ ਨਾ ਬਰਾਬਰਤਾ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਬੇਗਮਪੁਰਾ ਦਾ ਸੰਕਲਪ ਦਿੱਤਾ ਜਿਸ ਨੂੰ ਅਮਲੀ ਰੂਪ ਦੇਣ ਲਈ ਸਾਰਿਆਂ ਨੂੰ ਸਮਾਜ ਵਿਚ ਇਕਸਾਰ ਯਤਨ ਕਰਨੇ ਚਾਹੀਦੇ ਹਨ।ਡਾ. ਗੁਰਮੇਲ ਸਿੰਘ, ਵਾਈਸ ਚਾਂਸਲਰ, ਯੂਨੀਵਰਸਿਟੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਇਨ੍ਹਾਂ ਦੀ ਅਜੋਕੇ ਸਮੇਂ ਵਿਚ ਪ੍ਰਸੰਗਿਕਤਾ ਬਾਰੇ ਜਾਣਕਾਰੀ ਦਿੱਤੀ। ਯੂਨੀਵਰਸਿਟੀ ਵਲੋਂ ਆਈਆਂ ਸ਼ਖਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਇਸ ਮੌਕੇ ਉਪ ਮੰਤਲ ਮੈਜਿਸਟ੍ਰੇਟ ਤਲਵੰਡੀ ਸਾਬੋ ਮੈਡਮ ਵੀਰਪਾਲ ਕੌਰ, ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਡਾ. ਮਨੀਸ਼ ਕੁਮਾਰ ਹਾਜ਼ਰ ਸਨ।