ਨਗਰ ਨਿਗਮ ਬਠਿੰਡਾ ਨੇ ਕੀਤਾ ਆਪਣੇ ਸਫ਼ਾਈ ਕਰਮਚਾਰੀਆਂ ਦੀ ਸਿਹਤ ਸਬੰਧੀ ਫਿਕਰ
ਅਸ਼ੋਕ ਵਰਮਾ
ਬਠਿੰਡਾ, 9 ਅਕਤੂਬਰ 2026 :ਨਗਰ ਨਿਗਮ ਬਠਿੰਡਾ ਵੱਲੋਂ ਮੇਅਰ ਸ੍ਰੀ ਪਰਮਜੀਤ ਸਿੰਘ ਮਹਿਤਾ ਅਤੇ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਲਵਜੀਤ ਕਲਸੀ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਨਿਗਮ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਸਫ਼ਾਈ ਕਰਮਚਾਰੀਆਂ ਲਈ ਤਿੰਨ ਰੋਜ਼ਾ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਿਵਲ ਹਸਪਤਾਲ ਬਠਿੰਡਾ ਦੇ ਡਾਕਟਰਾਂ ਦੀ ਟੀਮ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਲਵਜੀਤ ਕਲਸੀ ਨੇ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਿਹਤ ਜਾਂਚ ਕੈਂਪ ਦਾ ਉਦੇਸ਼ ਸਫ਼ਾਈ ਕਰਮਚਾਰੀਆਂ ਦੀ ਸਿਹਤ ਦਾ ਧਿਆਨ ਰੱਖਣਾ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਕੈਂਪ ਦੌਰਾਨ ਬਲੱਡ ਪ੍ਰੈਸ਼ਰ, ਸ਼ੂਗਰ, ਟੀ.ਬੀ. ਅਤੇ ਮਲੇਰੀਆ ਆਦਿ ਦੀ ਜਾਂਚ ਕੀਤੀ ਗਈ।
ਇਸ ਤੋਂ ਇਲਾਵਾ ਅੱਖਾਂ ਦੇ ਮਾਹਿਰ ਡਾਕਟਰ ਵੱਲੋਂ ਕਰਮਚਾਰੀਆਂ ਦੀਆਂ ਅੱਖਾਂ ਦੀ ਜਾਂਚ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਲੋੜ ਅਨੁਸਾਰ ਕਰਮਚਾਰੀਆਂ ਨੂੰ ਦਵਾਈਆਂ ਅਤੇ ਐਨਕਾਂ ਵੀ ਮੁਹੱਈਆ ਕਰਵਾਈਆਂ ਗਈਆਂ।ਨਗਰ ਨਿਗਮ ਮੇਅਰ ਸ੍ਰੀ ਪਦਮਜੀਤ ਮਹਿਤਾ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਸਿਹਤ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਉਪਰਾਲਿਆਂ ਰਾਹੀਂ ਉਨ੍ਹਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਿਹਤ ਜਾਂਚ ਕੈਂਪ ਵਿੱਚ ਸਿਵਲ ਹਸਪਤਾਲ ਬਠਿੰਡਾ ਤੋਂ ਡਾ. ਵਿਕਾਸ ਗੋਇਲ, ਡਾ. ਸ਼ੁਭਮ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਿਹਤ ਜਾਂਚ ਦੀ ਸੇਵਾ ਨਿਭਾਈ ਗਈ। ਇਸ ਮੌਕੇ ਸਵੱਛ ਭਾਰਤ ਮਿਸ਼ਨ ਦੀ ਸਮੁੱਚੀ ਟੀਮ ਵੀ ਹਾਜ਼ਰ ਰਹੀ।