ਅਗਾਮੀਂ ਵਿਧਾਨ ਸਭਾ ਚੋਣਾਂ ਸੰਬੰਧੀ ਜਗਰਾਉਂ ਵਿੱਚ ਪ੍ਰੇਮ ਸਿੰਘ ਭੰਗੂ ਲਗਾਤਾਰ ਸਰਗਰਮ
ਹਲਕੇ ਦੀ ਤਰੱਕੀ ਅਤੇ ਲੋਕ ਮਸਲਿਆਂ ਨੂੰ ਪਹਿਲ ਦੇਣ ਦਾ ਦਿੱਤਾ ਸੱਦਾ
ਜਗਰਾਉਂ, 9 ਅਕਤੂਬਰ (ਦੀਪਕ ਜੈਨ): ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਲਕਾ ਜਗਰਾਉਂ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਅਤੇ ਸਮਾਜ ਸੇਵੀ ਸੇਵਾਮੁਕਤ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵੱਲੋਂ ਸ਼ਹਿਰ ਵਾਸੀਆਂ ਨਾਲ ਨੁੱਕੜ ਬੈਠਕਾਂ ਕਰਨ ਦਾ ਸਿਲਸਿਲਾ ਜਾਰੀ ਹੈ। ਇਨ੍ਹਾਂ ਬੈਠਕਾਂ ਰਾਹੀਂ ਉਹ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਸ਼ਹਿਰ ਦੀਆਂ ਸਮੱਸਿਆਵਾਂ, ਵਿਕਾਸ ਦੀਆਂ ਲੋੜਾਂ ਅਤੇ ਹਲਕੇ ਦੇ ਭਵਿੱਖ ਬਾਰੇ ਵਿਚਾਰ ਸਾਂਝੇ ਕਰ ਰਹੇ ਹਨ।
ਅੱਜ ਜਗਰਾਉਂ ਵਿਖੇ ਲੱਕੀ ਕਲੋਥ ਹਾਊਸ ਵਾਲੇ ਰੁਪਿੰਦਰ ਸਿੰਘ ਲੱਕੀ ਦੀ ਹਾਜ਼ਰੀ ਵਿੱਚ ਹੋਈ ਬੈਠਕ ਦੌਰਾਨ ਬਿੱਟੂ, ਫੋਟੋਗ੍ਰਾਫਰ ਬਲਰਾਮ ਕੁਮਾਰ ਬੱਲਾ, ਧਰਮਜੀਤ ਸਿੰਘ ਧਰਮਾ ਡਾਂਗੀਆਂ, ਸ਼ਸ਼ੀ ਸ਼ਰਮਾ, ਤਰੁਣ ਸ਼ਰਮਾ ਕਾਕਾ, ਸਰਪੰਚ ਜਗਦੀਸ਼ ਸ਼ਰਮਾ ਅਤੇ ਸੁਖਜਿੰਦਰ ਸਿੰਘ ਕਾਕਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਜਗਰਾਉਂ ਦੇ ਲੋਕਾਂ ਦੀਆਂ ਆਸਾਂ ਅਤੇ ਲੋੜਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿਆਸਤ ਸਿਰਫ਼ ਚੋਣਾਂ ਵੇਲੇ ਲੋਕਾਂ ਤੱਕ ਪਹੁੰਚਣ ਦਾ ਨਾਂ ਨਹੀਂ, ਸਗੋਂ ਲੋਕਾਂ ਦੇ ਦੁੱਖ-ਸੁੱਖ ਵਿੱਚ ਸਾਥ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣ ਦਾ ਨਾਂ ਹੈ।
ਉਨ੍ਹਾਂ ਕਿਹਾ ਕਿ ਜਗਰਾਉਂ ਨੂੰ ਤਰੱਕੀ ਦੀ ਨਵੀਂ ਦਿਸ਼ਾ ਦੇਣ ਲਈ ਸ਼ਹਿਰ ਦੀਆਂ ਸੜਕਾਂ, ਗਲੀਆਂ, ਪਾਣੀ ਦੀ ਨਿਕਾਸੀ, ਸਾਫ਼ ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨਸ਼ਿਆਂ ਦੀ ਲਾਹਨਤ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਵੀ ਸਾਂਝੇ ਯਤਨ ਕੀਤੇ ਜਾਣੇ ਚਾਹੀਦੇ ਹਨ।
ਪ੍ਰੇਮ ਸਿੰਘ ਭੰਗੂ ਨੇ ਆਖਿਆ ਕਿ ਹਲਕੇ ਦੀ ਤਰੱਕੀ ਲਈ ਲੋਕਾਂ ਦੇ ਸੁਝਾਅ ਅਤੇ ਉਨ੍ਹਾਂ ਦੀ ਰਾਇ ਬਹੁਤ ਅਹਿਮ ਹਨ। ਜਦੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਂ ਸੁਣਿਆ ਜਾਂਦਾ ਹੈ ਤਾਂ ਉਨ੍ਹਾਂ ਦੇ ਢੁਕਵੇਂ ਹੱਲ ਲੱਭਣ ਵਿੱਚ ਸਹਾਇਤਾ ਮਿਲਦੀ ਹੈ। ਇਸੇ ਸੋਚ ਤਹਿਤ ਉਹ ਸ਼ਹਿਰ ਵਾਸੀਆਂ ਨਾਲ ਬੈਠਕਾਂ ਕਰਕੇ ਉਨ੍ਹਾਂ ਦੇ ਵਿਚਾਰ ਜਾਣ ਰਹੇ ਹਨ।
ਉਨ੍ਹਾਂ ਕਿਹਾ ਕਿ ਜਗਰਾਉਂ ਦੇ ਲੋਕਾਂ ਨੂੰ ਅਜਿਹੀ ਅਗਵਾਈ ਦੀ ਲੋੜ ਹੈ ਜੋ ਉਨ੍ਹਾਂ ਦੇ ਮਸਲਿਆਂ ਨੂੰ ਪਹਿਲ ਦੇਵੇ ਅਤੇ ਹਲਕੇ ਦੀ ਤਰੱਕੀ ਲਈ ਇਮਾਨਦਾਰੀ ਨਾਲ ਯਤਨ ਕਰੇ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਦੀਆਂ ਆਸਾਂ ਨੂੰ ਸਮਝਣਾ ਬੇਹੱਦ ਜ਼ਰੂਰੀ ਹੈ।
ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਉਹ ਲੋਕਾਂ ਨਾਲ ਆਪਣਾ ਮੇਲ-ਮਿਲਾਪ ਜਾਰੀ ਰੱਖਣਗੇ ਅਤੇ ਹਲਕਾ ਜਗਰਾਉਂ ਦੀ ਬਿਹਤਰੀ ਲਈ ਲੋਕਾਂ ਦੇ ਸੁਝਾਵਾਂ ਨੂੰ ਮਹੱਤਵ ਦੇਣਗੇ। ਉਨ੍ਹਾਂ ਅਨੁਸਾਰ ਜਗਰਾਉਂ ਦੀ ਤਰੱਕੀ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ ਅਤੇ ਇਸ ਲਈ ਲੋਕਾਂ ਦੀ ਭਾਗੀਦਾਰੀ ਸਭ ਤੋਂ ਅਹਿਮ ਹੈ।