ਐੱਮ.ਪੀ. ਮਲਵਿੰਦਰ ਸਿੰਘ ਕੰਗ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਪਿੰਡ ਕੰਧੋਲਾ ਵਿਖੇ ਪੰਚਾਇਤ ਘਰ ਦਾ ਕੀਤਾ ਉਦਘਾਟਨ
ਪਿੰਡਾਂ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ - ਮਲਵਿੰਦਰ ਸਿੰਘ ਕੰਗ
ਮਨਪ੍ਰੀਤ ਸਿੰਘ
ਸ੍ਰੀ ਚਮਕੌਰ ਸਾਹਿਬ, ਰੂਪਨਗਰ 10 ਅਕਤੂਬਰ:
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ੍ਰੀ ਮਲਵਿੰਦਰ ਸਿੰਘ ਕੰਗ ਨੇ ਅੱਜ ਇਤਿਹਾਸਕ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ, ਆਪਸੀ ਭਾਈਚਾਰਕ ਸਾਂਝ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਕੰਧੋਲਾ ਵਿਖੇ ਨਵੇਂ ਪੰਚਾਇਤ ਘਰ ਦਾ ਉਦਘਾਟਨ ਕਰਦਿਆਂ ਇਸ ਨੂੰ ਪਿੰਡ ਦੇ ਵਿਕਾਸ ਅਤੇ ਪੰਚਾਇਤੀ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ।
ਇਸ ਮੌਕੇ ਸ੍ਰੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣਾ ਬੇਹੱਦ ਜ਼ਰੂਰੀ ਹੈ। ਪਿੰਡਾਂ ਦੀਆਂ ਸਾਂਝੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕਰਨੀ ਅਤੇ ਉਨ੍ਹਾਂ ਨੂੰ ਤਰਜੀਹੀ ਆਧਾਰ ’ਤੇ ਨੇਪਰੇ ਚਾੜ੍ਹਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ, ਸੁਚੱਜਾ ਪ੍ਰਬੰਧ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨ ਪਿੰਡਾਂ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਕਿਹਾ ਕਿ ਪੰਚਾਇਤ ਘਰ ਪਿੰਡ ਦੀ ਸਾਂਝੀ ਸੰਸਥਾ ਵਜੋਂ ਪਿੰਡ ਵਾਸੀਆਂ ਅਤੇ ਪੰਚਾਇਤ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਵਿੱਚ ਸਹਾਈ ਹੁੰਦਾ ਹੈ। ਇੱਥੇ ਪਿੰਡ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕਰਨ, ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਸਾਂਝੇ ਮਸਲਿਆਂ ਦੇ ਹੱਲ ਲਈ ਯੋਜਨਾਵਾਂ ਉਲੀਕਣ ਵਾਸਤੇ ਢੁੱਕਵਾਂ ਮੰਚ ਉਪਲਬਧ ਹੋਵੇਗਾ। ਉਨ੍ਹਾਂ ਨੇ ਪਿੰਡਾਂ ਦੇ ਵਿਕਾਸ ਵਿੱਚ ਪੰਚਾਇਤਾਂ ਅਤੇ ਪਿੰਡ ਵਾਸੀਆਂ ਦੀ ਸਰਗਰਮ ਭੂਮਿਕਾ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।
ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਸਾਂਝੀ ਜ਼ਿੰਮੇਵਾਰੀ ਅਤੇ ਆਪਸੀ ਸਹਿਯੋਗ ਦੀ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਦੇ ਨਾਲ-ਨਾਲ ਲੋਕਾਂ ਦੀ ਭਲਾਈ, ਸਹੂਲਤਾਂ ਵਿੱਚ ਸੁਧਾਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਵੀ ਬਹੁਤ ਮਹੱਤਵਪੂਰਨ ਹੈ। ਪੰਚਾਇਤੀ ਸੰਸਥਾਵਾਂ ਲੋਕਤੰਤਰ ਦੀਆਂ ਬੁਨਿਆਦੀ ਇਕਾਈਆਂ ਹਨ ਅਤੇ ਇਨ੍ਹਾਂ ਨੂੰ ਮਜ਼ਬੂਤ ਕਰਨ ਨਾਲ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ।
ਪਿੰਡ ਕੰਧੋਲਾ ਵਿਖੇ ਪੰਚਾਇਤ ਘਰ ਦੇ ਉਦਘਾਟਨ ਮੌਕੇ ਪਿੰਡ ਦੇ ਸਰਪੰਚ ਸੁਰਿੰਦਰ ਸਿੰਘ, ਸ਼ੂਗਰ ਮਿੱਲ ਮੋਰਿੰਡਾ ਦੇ ਚੇਅਰਮੈਨ ਸੁਖਜਿੰਦਰ ਸਿੰਘ ਸੋਹੀ, ਸ਼ੂਗਰ ਫੈੱਡ ਦੇ ਡਾਇਰੈਕਟਰ ਸਤਨਾਮ ਸਿੰਘ, ਸਰਪੰਚ ਹਰਜਿੰਦਰ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਫ਼ੌਜੀ, ਸਰਪੰਚ ਭੁਪਿੰਦਰ ਸਿੰਘ ਖੈਰਪੁਰ, ਸਰਕਲ ਪ੍ਰਧਾਨ ਪਰਮਿੰਦਰ ਖੱਟੜਾ, ਜੁਝਾਰ ਗਰਚਾ, ਕਾਕਾ ਸਾਲਾਪੁਰ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।