ਮੀਟਿੰਗਾਂ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਐਸ ਏ ਐਸ ਨਗਰ (ਮੋਹਾਲੀ) 10 ਅਕਤੂਬਰ 2026 : ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਐਸ.ਏ.ਐਸ. ਨਗਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਵਾਰਡ ਰੱਖਿਆ ਕਮੇਟੀਆਂ (WDC) ਨਾਲ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ , ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਤੇ ਆਮ ਲੋਕਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਹੈ
ਇਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਅਤੇ ਆਪਣੇ ਇਲਾਕਿਆਂ ਵਿੱਚ ਨਸ਼ਾ ਤਸਕਰੀ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ , ਲੋਕਾਂ ਨੂੰ ਨਸ਼ਾ ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਵਿੱਚ ਪੁਲਿਸ ਦਾ ਸਾਥ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ
ਮੀਟਿੰਗਾਂ ਦੌਰਾਨ ਵਾਰਡ ਰੱਖਿਆ ਕਮੇਟੀਆਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਹੋ ਰਹੀਆਂ ਗਤੀਵਿਧੀਆਂ ਪ੍ਰਤੀ ਸੁਚੇਤ ਰਹਿਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਂਝੇ ਯਤਨ ਕਰਨ ਦਾ ਸੁਨੇਹਾ ਦਿੱਤਾ ਗਿਆ , ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੀ ਭਾਗੀਦਾਰੀ ਨੂੰ ਵੀ ਮਹੱਤਵਪੂਰਨ ਮੰਨਿਆ ਗਿਆ
ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਅਤੇ ਜਨਤਾ ਦਾ ਆਪਸੀ ਸਹਿਯੋਗ ਬੇਹੱਦ ਜ਼ਰੂਰੀ ਹੈ। ਜਦੋਂ ਲੋਕ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਪੁਲਿਸ ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾਉਣਗੇ, ਤਾਂ ਨਸ਼ਾ ਤਸਕਰੀ ਨੂੰ ਰੋਕਣ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਮਦਦ ਮਿਲੇਗੀ