ਪ੍ਰੋਗਰਾਮ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 10 ਅਕਤੂਬਰ 2026 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਮਾਪੇ- ਅਧਿਆਪਕ ਮਿਲਣੀ ਵਿੱਚ ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਮਾਪਿਆਂ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਰਵਿੰਦਰ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ, ਖੇੜੀ ਨੌਧ ਸਿੰਘ, ਸਰਕਾਰੀ ਹਾਈ ਸਕੂਲ ਦੁੱਲਵਾਂ ਅਤੇ ਸਰਕਾਰੀ ਮਿਡਲ ਸਕੂਲ ਸੈਦਪੁਰਾ ਦਾ ਦੌਰਾ ਕੀਤਾ ਗਿਆ
ਸ੍ਰੀਮਤੀ ਰਵਿੰਦਰ ਕੌਰ ਨੇ ਕਿਹਾ ਕਿ ਮੈਗਾ ਮਾਪੇ ਅਧਿਆਪਕ ਮਿਲਨੀ ਦਾ ਮਕਸਦ ਮਾਪਿਆਂ ਨੂੰ ਸਕੂਲਾਂ ਨਾਲ ਹੋਰ ਨੇੜਿਓਂ ਜੋੜਨਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਹਰ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰ ਰਹੇ ਹਨ ਅਤੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਤੋਂ ਲੈ ਕੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਵੀ ਸ਼ਾਨਦਾਰ ਸਫਲਤਾਵਾਂ ਹਾਸਲ ਕਰ ਰਹੇ ਹਨ
ਜ਼ਿਲ੍ਹਾ ਸਿੱਖਿਆ ਅਫਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਮੋਬਾਈਲ ਫੋਨ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਆਪਣਾ ਵਧੇਰੇ ਸਮਾਂ ਪੜ੍ਹਾਈ ਵਿੱਚ ਲਗਾਉਣ। ਉਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਵਿੱਚ ਸਕੂਲ, ਪਰਿਵਾਰ ਅਤੇ ਸਮਾਜ ਦੀ ਸਾਂਝੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਕੂਲਾਂ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਸਕੂਲਾਂ ਦੀ ਬਿਹਤਰੀ ਲਈ ਅੱਗੇ ਆ ਕੇ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ
ਇਸਦੇ ਨਾਲ ਹੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਦੀਦਾਰ ਸਿੰਘ ਮਾਂਗਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਅਤੇ ਸਰਕਾਰੀ ਹਾਈ ਸਕੂਲ ਨੂਰਪੁਰਾ, ਵੜੈਚਾਂ, ਦਨਘੇੜੀ ਅਤੇ ਅਲੀਪੁਰ ਸੋਢੀਆਂ ਦਾ ਦੌਰਾ ਕੀਤਾ ਅਤੇ ਸਕੂਲਾਂ ਵਿੱਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲਿਆ