ਅਮਨ ਕਾਨੂੰਨ ਦੀ ਸਥਿਤੀ : ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਵੱਲੋਂ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ, 13 ਅਕਤੂਬਰ 2026 :ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ-ਵਿਵਸਥਾ, ਵਧ ਰਹੇ ਜੁਰਮਾਂ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਆਗੂ ਨੇ ਸਖ਼ਤ ਸ਼ਬਦਾਂ ਵਿੱਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ਤੋਂ ਬਾਹਰ ਹੋ ਚੁੱਕੀ ਹੈ ਅਤੇ ਸੂਬੇ ਵਿੱਚ 'ਜੰਗਲਰਾਜ' ਦਾ ਆਲਮ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਸਵੇਰੇ ਉੱਠਦਿਆਂ ਹੀ ਕਤਲ, ਗੋਲੀਬਾਰੀ ਅਤੇ ਅਪਰਾਧਾਂ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਿਹੜੇ ਲੋਕ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਅੱਗੇ ਆਉਂਦੇ ਹਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕਦੇ ਹਨ, ਉਨ੍ਹਾਂ 'ਤੇ ਸ਼ਰੇਆਮ ਗੋਲੀਆਂ ਚਲਾ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।
ਆਪਣੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਸਿੰਗਲਾ ਨੇ ਕਿਹਾ ਕਿ ਇਹ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇਹ ਬਣ ਚੁੱਕੇ ਹਨ ਕਿ ਆਮ ਜਨਤਾ ਤਾਂ ਦੂਰ, ਡਿਊਟੀ ਕਰਕੇ ਘਰ ਪਰਤ ਰਹੇ ਪੁਲਿਸ ਅਤੇ ਇੰਟੈਲੀਜੈਂਸ ਦੇ ਜਵਾਨ ਵੀ ਸੁਰੱਖਿਅਤ ਨਹੀਂ ਹਨ। ਜਦੋਂ ਪੁਲਿਸ ਵਾਲੇ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕ ਆਪਣੇ-ਆਪ ਨੂੰ ਕਿਵੇਂ ਮਹਿਫ਼ੂਜ਼ ਸਮਝਣ? ਸੂਬੇ ਭਰ ਵਿੱਚ ਵਪਾਰੀਆਂ ਕੋਲੋਂ ਸ਼ਰੇਆਮ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਗੈਂਗਸਟਰਵਾਦ ਸਿਖ਼ਰਾਂ 'ਤੇ ਹੈ ਅਤੇ ਲੋਕ ਖ਼ੌਫ਼ ਦੇ ਸਾਏ ਹੇਠ ਜੀਣ ਲਈ ਮਜਬੂਰ ਹਨ। ਮੁੱਖ ਮੰਤਰੀ ਭਗਵੰਤ ਮਾਨ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਭਾਜਪਾ ਆਗੂ ਨੇ ਕਿਹਾ ਕਿ 'ਝਾੜੂ ਵਾਲੀ ਸਰਕਾਰ' ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਮੁੱਖ ਮੰਤਰੀ ਕੋਲੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ, "ਮੁੱਖ ਮੰਤਰੀ ਸਾਹਿਬ! ਹੁਣ ਬਹੁਤ ਹੋ ਗਿਆ, ਪੰਜਾਬ ਨੂੰ ਬਖ਼ਸ਼ੋ ਅਤੇ ਤੁਰੰਤ ਅਸਤੀਫ਼ਾ ਦਿਓ; ਸੂਬੇ ਨੂੰ ਸੰਭਾਲਣਾ ਹੁਣ ਤੁਹਾਡੇ ਵੱਸ ਦੀ ਗੱਲ ਨਹੀਂ ਰਹੀ।"