ਪਿੰਡ ਅਲੂਣਾ ਮਿਆਨਾ ਵਿੱਚ ਆਮ ਆਦਮੀ ਕਲੀਨਿਕ ਸ਼ੁਰੂ, ਵਿਧਾਇਕ ਗਿਆਸਪੁਰਾ ਨੇ ਕੀਤਾ ਉਦਘਾਟਨ
*ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਮਨਵਿੰਦਰ ਸਿੰਘ ਗਿਆਸਪੁਰਾ
ਖੰਨਾ 15 ਅਕਤੂਬਰ: ( ਰਵਿੰਦਰ ਢਿੱਲੋਂ)
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਅਲੂਣਾ ਮਿਆਨਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਪਿੰਡ ਅਲੂਣਾ ਮਿਆਨਾ ਸਮੇਤ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ ਅਤੇ ਆਮ ਬਿਮਾਰੀਆਂ ਦੇ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਘਟੇਗੀ।
ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸਿਹਤ ਸੇਵਾਵਾਂ ਹਰ ਵਿਅਕਤੀ ਦੀ ਮੁੱਢਲੀ ਲੋੜ ਹਨ। ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲੇ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਹਾਸਲ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ, ਡਾਕਟਰੀ ਜਾਂਚ, ਲੋੜ ਅਨੁਸਾਰ ਦਵਾਈਆਂ ਅਤੇ ਲੈਬਾਰਟਰੀ ਟੈਸਟਾਂ ਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਿਹਤ ਸਹੂਲਤਾਂ ਦੀ ਉਪਲਬਧਤਾ ਵਧਾਉਣਾ ਜ਼ਰੂਰੀ ਹੈ, ਕਿਉਂਕਿ ਕਈ ਵਾਰ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੀ ਲੋਕਾਂ ਨੂੰ ਸ਼ਹਿਰਾਂ ਵਿੱਚ ਜਾਣਾ ਪੈਂਦਾ ਹੈ। ਆਮ ਆਦਮੀ ਕਲੀਨਿਕ ਦੇ ਚਾਲੂ ਹੋਣ ਨਾਲ ਸਥਾਨਕ ਵਸਨੀਕਾਂ ਨੂੰ ਆਪਣੇ ਨੇੜੇ ਡਾਕਟਰੀ ਸਲਾਹ ਅਤੇ ਇਲਾਜ ਦੀ ਸਹੂਲਤ ਮਿਲੇਗੀ।
ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਵੀ ਮਿਲਣਗੀਆਂ ਸਹੂਲਤਾਂ
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੀਪ ਸਿੱਧੂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਓਪੀਡੀ ਸੇਵਾਵਾਂ ਦੇ ਨਾਲ-ਨਾਲ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਅਤੇ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਵਰਗੀਆਂ ਸਹੂਲਤਾਂ ਵੀ ਉਪਲਬਧ ਹਨ। ਇਸ ਤੋਂ ਇਲਾਵਾ ਸੂਚੀਬੱਧ ਸਕੈਨ ਸੈਂਟਰਾਂ ਵਿੱਚ ਗਰਭਵਤੀ ਔਰਤਾਂ ਦੇ ਮੁਫ਼ਤ ਅਲਟਰਾਸਾਊਂਡ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਦਾ ਮਕਸਦ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਦੇਣਾ ਅਤੇ ਮਰੀਜ਼ਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਲੋੜ ਪੈਣ ’ਤੇ ਕਲੀਨਿਕ ਦੀਆਂ ਸੇਵਾਵਾਂ ਦਾ ਲਾਭ ਲੈਣ।
ਇਸ ਮੌਕੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਖਾਲਸਾ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਰਾਣੋਂ, ਚੇਅਰਮੈਨ ਸਿਰਾਜ ਖਾਨ, ਰਜਿੰਦਰ ਕੁਮਾਰ ਰਾਜੂ, ਸਤਵੰਤ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਡਾ. ਮਨਜੀਤ ਸਿੰਘ ਜੀਤੀ, ਨਵਜੋਤ ਸਿੰਘ ਮਲਹਾਂਸ, ਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਜਸਪ੍ਰੀਤ ਸਿੰਘ ਅਤੇ ਕੇਵਲ ਸਿੰਘ ਸਮੇਤ ਹੋਰ ਵਿਅਕਤੀ ਹਾਜ਼ਰ ਸਨ।