ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਜ਼ਿਲ੍ਹਾ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
42 ਬਜ਼ੁਰਗਾਂ ਦੀ ਦਿਲ ਸਬੰਧੀ ਬਿਮਾਰੀਆਂ, ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਜਾਂਚ; 28 ਬਜ਼ੁਰਗਾਂ ਨੂੰ ਮੁਫ਼ਤ ਐਨਕਾਂ ਵੰਡੀਆਂ
ਪ੍ਰਮੋਦ ਭਾਰਤੀ
ਨਵਾਂਸ਼ਹਿਰ 16 ਅਕਤੂਬਰ, 2026
ਬਜ਼ੁਰਗਾਂ ਦੀ ਸਿਹਤ ਸੰਭਾਲ, ਸਨਮਾਨ ਅਤੇ ਬਿਹਤਰ ਜੀਵਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਇੱਥੇ ਜ਼ਿਲ੍ਹਾ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਰਾਹੀਂ ਬਜ਼ੁਰਗਾਂ ਨੂੰ ਸਿਹਤ ਸੇਵਾਵਾਂ, ਡਾਕਟਰੀ ਸਲਾਹ ਅਤੇ ਅੱਖਾਂ ਦੀ ਜਾਂਚ ਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ।
ਕੈਂਪ ਦਾ ਉਦਘਾਟਨ ਸਿਵਲ ਸਰਜਨ ਡਾ. ਅਮਨ ਸੂਦ ਨੇ ਕੀਤਾ, ਜਦਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਬਸਰਾ ਨੇ ਕੈਂਪ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦੀ ਟੀਮ ਨੇ ਬਜ਼ੁਰਗ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਦਿੱਤੀ।
ਮੈਡੀਕਲ ਟੀਮ ਵਿੱਚ ਡਾ. ਜਸਕਰਨ ਸਿੰਘ, ਐੱਮ.ਡੀ. (ਮੈਡੀਸਨ), ਸਾਬਕਾ ਸਿਵਲ ਸਰਜਨ ਅਤੇ ਅੱਖਾਂ ਦੇ ਮਾਹਿਰ ਡਾ. ਦੇਵਿੰਦਰ ਧੰਦਾ, ਓਫਥੈਲਮਿਕ ਅਫ਼ਸਰ ਦੀਪਕ ਸ਼ਰਮਾ ਅਤੇ ਗੈਰ-ਸੰਚਾਰੀ ਬਿਮਾਰੀਆਂ (ਐੱਨ.ਸੀ.ਡੀ.) ਟੀਮ ਦੀ ਰਾਜਬੀਰ ਕੌਰ ਸ਼ਾਮਲ ਸਨ।
ਕੈਂਪ ਦੌਰਾਨ 42 ਬਜ਼ੁਰਗਾਂ ਦੀ ਦਿਲ ਸਬੰਧੀ ਬਿਮਾਰੀਆਂ, ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ, ਜਦਕਿ 31 ਬਜ਼ੁਰਗਾਂ ਦੀਆਂ ਅੱਖਾਂ ਨਾਲ ਸਬੰਧਤ ਸਮੱਸਿਆਵਾਂ ਦੀ ਜਾਂਚ ਕੀਤੀ ਗਈ। ਬਜ਼ੁਰਗਾਂ ਦੀ ਨਜ਼ਰ ਵਿੱਚ ਸੁਧਾਰ ਲਿਆਉਣ ਅਤੇ ਉਨ੍ਹਾਂ ਦੇ ਰੋਜ਼ਾਨਾ ਜੀਵਨ ਨੂੰ ਸੁਖਾਲਾ ਬਣਾਉਣ ਦੇ ਮਕਸਦ ਨਾਲ 28 ਬਜ਼ੁਰਗਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ।
ਇਹ ਕੈਂਪ ਬਜ਼ੁਰਗਾਂ ਲਈ ਸਮੇਂ ਸਿਰ ਬਿਮਾਰੀਆਂ ਦੀ ਪਛਾਣ, ਨਿਯਮਤ ਸਿਹਤ ਜਾਂਚ ਅਤੇ ਰੋਕਥਾਮ ਵਾਲੀਆਂ ਸਿਹਤ ਸੇਵਾਵਾਂ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ। ‘ਸਾਡੇ ਬਜ਼ੁਰਗ, ਸਾਡਾ ਮਾਣ’ ਪ੍ਰੋਗਰਾਮ ਰਾਹੀਂ ਬਜ਼ੁਰਗਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਸਨਮਾਨ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਗਿਆ।
ਜ਼ਿਲ੍ਹਾ ਸਿਹਤ ਵਿਭਾਗ ਦੀ ਇਹ ਪਹਿਲ ਬਜ਼ੁਰਗਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਸਿਹਤਮੰਦ, ਸਵੈ-ਨਿਰਭਰ ਤੇ ਸਨਮਾਨਜਨਕ ਜੀਵਨ ਜਿਊਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।