ਕਿਸਾਨ ਅਮਰੀਕ ਸਿੰਘ ਵੱਲੋਂ ਰਾਊਂਡ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਵਾਤਾਵਰਨ ਸੰਭਾਲ ਦਾ ਸੰਦੇਸ਼
ਅਸ਼ੋਕ ਵਰਮਾ
ਬਠਿੰਡਾ, 22 ਅਕਤੂਬਰ 2026 : ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟਸਮੀਰ ਦੇ ਅਗਾਂਹਵਧੂ ਕਿਸਾਨ ਅਮਰੀਕ ਸਿੰਘ ਪੁੱਤਰ ਜਗੀਰ ਸਿੰਘ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਸੰਭਾਲ ਲਈ ਰਾਊਂਡ ਬੇਲਰ ਮਸ਼ੀਨ ਦੀ ਵਰਤੋਂ ਕਰਕੇ ਪਰਾਲੀ ਦੀਆਂ ਗੱਠਾਂ ਤਿਆਰ ਕੀਤੀਆਂ ਹਨ। ਉਨ੍ਹਾਂ ਵੱਲੋਂ ਅਪਣਾਈ ਗਈ ਇਸ ਆਧੁਨਿਕ ਤਕਨੀਕ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਪੈਂਦੀ ਅਤੇ ਇਸ ਦੀ ਸੁਚੱਜੀ ਸੰਭਾਲ ਕੀਤੀ ਜਾ ਸਕਦੀ ਹੈ। ਕਿਸਾਨ ਅਮਰੀਕ ਸਿੰਘ ਦਾ ਇਹ ਉਪਰਾਲਾ ਵਾਤਾਵਰਨ ਦੀ ਸੁਰੱਖਿਆ ਅਤੇ ਖੇਤੀਬਾੜੀ ਨੂੰ ਟਿਕਾਊ ਬਣਾਉਣ ਵੱਲ ਇੱਕ ਸ਼ਲਾਘਾਯੋਗ ਕਦਮ ਹੈ।
ਕਿਸਾਨ ਅਮਰੀਕ ਸਿੰਘ ਨੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਸੰਭਾਲ ਲਈ ਪ੍ਰੇਰਿਤ ਕੀਤਾ ਹੈ। ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਹਵਾ ਦੇ ਪ੍ਰਦੂਸ਼ਣ ਨੂੰ ਘਟਾਉਣ, ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਦਾ ਇਹ ਉਪਰਾਲਾ ਹੋਰਨਾਂ ਕਿਸਾਨਾਂ ਲਈ ਪ੍ਰੇਰਨਾਦਾਇਕ ਹੈ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਆਧੁਨਿਕ ਤਕਨੀਕਾਂ ਅਪਣਾ ਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਦਾ ਸੰਦੇਸ਼ ਦਿੰਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨ ਅਮਰੀਕ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਦੀ ਸੰਭਾਲ ਲਈ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਅਤੇ ਪਾਣੀ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ ਅਤੇ ਜ਼ਮੀਨ ਵਿੱਚ ਮੌਜੂਦ ਮਿੱਤਰ ਕੀਟ ਨਸ਼ਟ ਹੋ ਜਾਂਦੇ ਹਨ । ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਸਹਿਕਾਰੀ ਸਭਾਵਾਂ ਅਤੇ ਹੋਰ ਉਪਲਬਧ ਸਾਧਨਾਂ ਰਾਹੀਂ ਬੇਲਰ ਸਮੇਤ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦਾ ਲਾਭ ਲੈਣ ਅਤੇ ਪਰਾਲੀ ਦਾ ਵਾਤਾਵਰਨ ਪੱਖੀ ਤਰੀਕਿਆਂ ਨਾਲ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਵਰਗੇ ਅਗਾਂਹਵਧੂ ਕਿਸਾਨਾਂ ਨੂੰ ਆਪਣੇ ਆਲੇ-ਦੁਆਲੇ ਦੇ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ, ਤਾਂ ਜੋ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਖੇਤੀਬਾੜੀ ਨੂੰ ਵੀ ਟਿਕਾਊ ਬਣਾਇਆ ਜਾ ਸਕੇ।
ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਜੀਤ ਵਿਰਕ, ਡਾ. ਅਸਮਾਨਦੀਪ ਸਿੰਘ, ਟੈਕਨੀਕਲ ਅਸਿਸਟੈਂਟ ਸੁਖਦੀਪ ਸਿੰਘ ਜੂਨੀਅਰ ਅਤੇ ਅਮਨਦੀਪ ਕੌਰ ਵੀ ਹਾਜ਼ਰ ਸਨ।