ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ SIR ਰੱਦ ਕਰਾਉਣ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਲਈ ਧਰਨਾ
ਅਸ਼ੋਕ ਵਰਮਾ
ਬਠਿੰਡਾ,23 ਅਕਤੂਬਰ 2026 'ਸਪੈਸ਼ਲ ਇੰਟੈਂਸਿਵ ਰਿਵੀਜ਼ਨ' (SIR) ਨੂੰ ਰੱਦ ਕਰਨ, ਗਿਆਨੇਸ਼ ਕੁਮਾਰ ਨੂੰ ਹਟਾਉਣ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਅਤੇ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਨੂੰ ਬਹਾਲ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਦਾ ਉਗਰਾਹਾਂ ਬਠਿੰਡਾ ਨੇ ਬਠਿੰਡਾ ਦੇ ਡੀਸੀ ਦਫਤਰ ਅੱਗੇ ਧਰਨਾ ਦੇ ਕੇ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਆਰਐਸਐਸ ਤੇ ਭਾਜਪਾ ਨੇ ਐਸ ਆਈ ਆਰ ਵਿੱਚ ਸੋਧ ਕਰ ਕੇ ਅਧਿਕਾਰਾਂ ਦੀ ਗਲਤ ਵਰਤੋਂ ਕਰਦਿਆਂ ਰਾਜਗੱਦੀ ਤੇ ਪੱਕਾ ਕਾਬਜ ਰਹਿਣ ਲਈ ਮੁਖ ਚੋਣ ਕਮਿਸ਼ਨ ਭਾਰਤ ਰਾਹੀਂ ਭਾਰਤ ਦੇ 13 ਕਰੋੜ ਤੋਂ ਜਿਆਦਾ ਲੋਕਾਂ ਦੀਆਂ ਵੋਟਾਂ ਕੱਟ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਦੇ ਖਿਲਾਫ ਦਿੱਲੀ ਵਿੱਚ ਲਗਾਤਾਰ ਰੋਸ਼ ਪ੍ਰਦਰਸ਼ਨ ਹੋ ਰਹੇ ਪਰ ਭਾਜਪਾ ਸਰਕਾਰ ਰੋਸ ਕਰ ਰਹੇ ਵਿਦਿਆਰਥੀਆਂ ਤੇ ਹੋਰ ਜਮਹੂਰੀ ਲੋਕਾਂ ਦੇ ਅੰਦੋਲਨ ਨੂੰ ਕੁਚਲ ਕੇ ਮੁੱਖ ਚੋਣ ਕਮਿਸ਼ਨਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਖਲਾਫ ਭਾਰਤ ਵਿੱਚ ਲੋਕਤੰਤਰ ਅਤੇ ਸਾਰੇ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਕਿਸਾਨ ਸੰਘਰਸ਼ ਵਿੱਚ ਇਕਜੁੱਟ ਹੋ ਰਹੇ ਹਨ। ਅੱਜ ਦੇ ਮੰਗ ਪੱਤਰ ਰਾਹੀਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 'ਸਪੈਸ਼ਲ ਇੰਟੈਂਸਿਵ ਰਿਵੀਜ਼ਨ' (SIR) ਨੂੰ ਤੁਰੰਤ ਰੱਦ ਕੀਤਾ ਜਾਵੇ; ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ; ਬਿਨਾਂ ਕਿਸੇ ਪਾਰਦਰਸ਼ਤਾ ਦੇ ਸੂਚੀ ਵਿੱਚੋਂ ਹਟਾਏ ਗਏ 13.41 ਕਰੋੜ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਬਹਾਲ ਕੀਤੇ ਜਾਣ; 2023 ਦੇ ਕਾਨੂੰਨ ਵਿੱਚ ਸੋਧ ਕੀਤੀ ਜਾਵੇ ਅਤੇ ਚੋਣ ਪੈਨਲ ਵਿੱਚ ਪ੍ਰਧਾਨ ਮੰਤਰੀ ਦੁਆਰਾ ਨਾਮਜ਼ਦ ਕੈਬਨਿਟ ਮੰਤਰੀ ਦੀ ਥਾਂ 'ਤੇ ਭਾਰਤ ਦੇ ਚੀਫ਼ ਜਸਟਿਸ (ਮੁੱਖ ਜੱਜ) ਨੂੰ ਸ਼ਾਮਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਅਤੇ ਅਪਰਾਧੀ ਅਨਸਰਾਂ ਦੁਆਰਾ ਵਿਦਿਆਰਥਣਾਂ ਅਤੇ ਪੱਤਰਕਾਰਾਂ ਨਾਲ ਕੀਤੀ ਗਈ ਜਿਨਸੀ ਛੇੜਛਾੜ ਦੀ ਘਟਨਾ ਪੂਰੇ ਦੇਸ਼ ਲਈ ਹੈਰਾਨ ਕਰਨ ਵਾਲੀ ਅਤੇ ਸ਼ਰਮਨਾਕ ਹੈ। ਜੇਕਰ ਮੋਦੀ ਸਰਕਾਰ ਪ੍ਰਦਰਸ਼ਨਕਾਰੀਆਂ 'ਤੇ ਹਮਲੇ ਜਾਰੀ ਰੱਖਦੀ ਹੈ, ਤਾਂ ਕਿਸਾਨ ਉਨ੍ਹਾਂ ਦੀ ਸੁਰੱਖਿਆ ਲਈ ਅੱਗੇ ਆਉਣ ਲਈ ਮਜਬੂਰ ਹੋਣਗੇ। ਅਸੀਂ ਮੰਗ ਕਰਦੇ ਹਾਂ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕੀਤੀ ਜਾਵੇ, ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਅਤੇ ਵਰਦੀਧਾਰੀ ਅਧਿਕਾਰੀਆਂ ਸਮੇਤ ਅਜਿਹੇ ਘਿਨਾਉਣੇ ਅਪਰਾਧੀਆਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਬੁਲਾਰਿਆਂ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਇੱਕ ਮੌਲਿਕ ਅਧਿਕਾਰ ਹੈ, ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਹਮਲਾ ਕਰਨਾ ਸੰਵਿਧਾਨ ਅਤੇ ਕਾਨੂੰਨ ਦੇ ਸ਼ਾਸਨ ਦੇ ਵਿਰੁੱਧ ਹੈ। ਕਿਸਾਨ ਆਗੂਆਂ ਨੇ ਇਸ ਸਰਕਾਰੀ ਦਹਿਸ਼ਤਗਰਦੀ ਦਾ ਸਖ਼ਤ ਵਿਰੋਧ ਕਰਦਿਆਂ ਅਤੇ ਮਾਨਯੋਗ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਨਾਗਰਿਕਾਂ ਦੀ ਨਿੱਜਤਾ ਅਤੇ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਵਿੱਚ ਕੀਤੀ ਜਾ ਰਹੀ ਦਖਲਅੰਦਾਜ਼ੀ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ।ਅੱਜ ਦੇ ਇਕੱਠ ਨੂੰ ਮਾਲਣ ਕੌਰ ਕੋਠਾ ਗੁਰੂ, ਹਰਪ੍ਰੀਤ ਕੌਰ ਜੇਠੂਕੇ,ਲਖਵੀਰ ਸਿੰਘ ਗਿੱਦੜ,ਗੁਰਪਾਲ ਸਿੰਘ ਦਿਉਣ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਬੂਟਾ ਸਿੰਘ ਬੱਲੋ ਨੇ ਨਿਭਾਈ। ਸਟੇਜ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਕਿਸਾਨ ਕਾਫਲੇ ਚੋਂ ਵਿਛੜ ਚੁੱਕੇ ਬਠਿੰਡਾ ਜ਼ਿਲ੍ਹੇ ਦੇ ਜਿਲਾ ਆਗੂ ਮਾਸਟਰ ਨਛੱਤਰ ਸਿੰਘ ਢੱਡੇ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।