ਰੂਪਨਗਰ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਕੀਤਾ ਜਾਗਰੂਕ ਕੀਤੇ ਜਾਣ ਦਾ ਦ੍ਰਿਸ਼
ਰੂਪਨਗਰ 26 ਅਕਤੂਬਰ : ਜ਼ਿਲ੍ਹਾ ਪੁਲਿਸ ਮੁਖੀ (ਐੱਸਐੱਸਪੀ) ਮਨਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਰੂਪਨਗਰ ਪੁਲਿਸ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਸਰਕਾਰੀ ਸਕੂਲ ਖੇੜੀ ਸਲਾਮਤਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ , ਇਸ ਦੌਰਾਨ ਵਿਦਿਆਰਥੀਆਂ ਨੂੰ ਪੁਲਿਸ ਦੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ
ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ , ਉਨ੍ਹਾਂ ਨੂੰ ਸਮਝਾਇਆ ਗਿਆ ਕਿ ਨਸ਼ਿਆਂ ਦੀ ਲਤ ਨਾ ਸਿਰਫ਼ ਵਿਅਕਤੀ ਦੀ ਸਿਹਤ ਅਤੇ ਭਵਿੱਖ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਇਸ ਦਾ ਅਸਰ ਪਰਿਵਾਰ ਅਤੇ ਸਮੁੱਚੇ ਸਮਾਜ ’ਤੇ ਵੀ ਪੈਂਦਾ ਹੈ , ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਸਾਥੀਆਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ
ਇਸ ਮੌਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ, ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਅਤੇ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਰਹਿਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਸਮਾਜ ਵਿੱਚ ਫੈਲ ਰਹੀਆਂ ਹੋਰ ਸਮਾਜਿਕ ਬੁਰਾਈਆਂ ਬਾਰੇ ਜਾਣੂ ਕਰਵਾਉਂਦਿਆਂ ਚੰਗੇ ਨਾਗਰਿਕ ਬਣਨ ਅਤੇ ਸਮਾਜ ਦੀ ਬਿਹਤਰੀ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ ਗਿਆ
ਵਿਦਿਆਰਥੀਆਂ ਨੂੰ ਪੁਲਿਸ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਅਤੇ ਦੇਸ਼ ਤੇ ਸਮਾਜ ਦੀ ਸੇਵਾ ਪ੍ਰਤੀ ਸਮਰਪਿਤ ਰਹਿਣ ਲਈ ਵੀ ਉਤਸ਼ਾਹਿਤ ਕੀਤਾ ਗਿਆ