ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਕਿੱਤੇ ਦੀ ਚੋਣ ਕਰਨ ਲਈ ਕੀਤਾ ਪ੍ਰੇਰਿਤ
ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮੀਆਂ ਖਾਨ ਵਿਖੇ ਕਰਵਾਈ ਗਈ ਐਕਸਪਰਟ ਵਿਜ਼ਿਟ
ਰੋਹਿਤ ਗੁਪਤਾ
ਗੁਰਦਾਸਪੁਰ, 27 ਅਕਤੂਬਰ:
ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਸ੍ਰੀਮਤੀ ਕਿਰਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੈਣੀ ਮੀਆਂ ਖਾਨ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਐਕਸਪਰਟ ਵਿਜ਼ਿਟ ਕਰਵਾਈ ਗਈ, ਜਿਸ ਵਿੱਚ ਗੋਲਡ ਮੈਡਲਿਸਟ ਜਸਬੀਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਹੀ ਕਿੱਤੇ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਸਬੀਰ ਸਿੰਘ ਸਮਰਾ ਨੇ ਕਿਹਾ ਕਿ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਲਈ ਸਿਰਫ਼ ਸੁਪਨੇ ਦੇਖਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਪੂਰਾ ਕਰਨ ਲਈ ਸਹੀ ਦਿਸ਼ਾ, ਲਗਨ, ਮਿਹਨਤ ਅਤੇ ਨਿਰੰਤਰ ਯਤਨਾਂ ਦੀ ਲੋੜ ਹੁੰਦੀ ਹੈ। ਹਰੇਕ ਵਿਦਿਆਰਥੀ ਵਿੱਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਅਤੇ ਯੋਗਤਾ ਹੁੰਦੀ ਹੈ, ਜਿਸ ਦੀ ਪਛਾਣ ਕਰਕੇ ਉਸ ਨੂੰ ਸਹੀ ਦਿਸ਼ਾ ਵਿੱਚ ਵਿਕਸਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ, ਕਰੀਅਰ ਦੇ ਮੌਕਿਆਂ ਅਤੇ ਆਪਣੇ ਰੁਝਾਨ ਅਨੁਸਾਰ ਭਵਿੱਖ ਦੀ ਯੋਜਨਾਬੰਦੀ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ “ਆਪਣੀ ਮੰਜ਼ਿਲ ਤੈਅ ਕਰੋ, ਆਪਣੇ ਟੀਚੇ ਨੂੰ ਲਿਖ ਕੇ ਰੱਖੋ ਅਤੇ ਹਰ ਰੋਜ਼ ਉਸ ਨੂੰ ਹਾਸਲ ਕਰਨ ਲਈ ਪੂਰੀ ਇਮਾਨਦਾਰੀ ਤੇ ਦ੍ਰਿੜ੍ਹ ਇਰਾਦੇ ਨਾਲ ਯਤਨ ਕਰੋ। ਜੇਕਰ ਵਿਦਿਆਰਥੀ ਆਪਣੀ ਰੁਚੀ ਅਤੇ ਯੋਗਤਾ ਦੀ ਪਛਾਣ ਕਰਕੇ ਸਹੀ ਸਮੇਂ ’ਤੇ ਸਹੀ ਕਿੱਤੇ ਦੀ ਚੋਣ ਕਰਦੇ ਹਨ, ਤਾਂ ਉਹ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਵੀ ਅਹਿਮ ਯੋਗਦਾਨ ਪਾ ਸਕਦੇ ਹਨ।”
ਸਕੂਲ ਦੇ ਪ੍ਰਿੰਸੀਪਲ ਨਿਸ਼ਾਨ ਸਿੰਘ ਨੇ ਵਿਦਿਆਰਥੀਆਂ ਨੂੰ ਮਾਹਿਰਾਂ ਵੱਲੋਂ ਦਿੱਤੀ ਗਈ ਸੇਧ ਨੂੰ ਆਪਣੇ ਜੀਵਨ ਵਿੱਚ ਅਪਣਾਉਣ, ਅਨੁਸ਼ਾਸਨ ਵਿੱਚ ਰਹਿਣ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਲਗਾਤਾਰ ਮਿਹਨਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਨਰੇਸ਼ ਕੁਮਾਰ, ਰਜਿੰਦਰ ਸਿੰਘ, ਗਾਈਡੈਂਸ ਕੌਂਸਲਰ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਇੰਚਾਰਜ ਨਿਸ਼ਾਨ ਸਿੰਘ, ਲੈਕਚਰਾਰ ਵਿਜੇ ਕੁਮਾਰ ਅਤੇ ਸਕੂਲ ਦਾ ਸਟਾਫ਼ ਵੀ ਮੌਜੂਦ ਸੀ।