ਜੱਚਾ-ਬੱਚਾ ਹਸਪਤਾਲ ਬਠਿੰਡਾ ਵਿਖੇ ਮਾਪਿਆਂ ਨੂੰ ਟੀਕਾਕਰਨ ਸਬੰਧੀ ਕੀਤਾ ਜਾਗਰੂਕ
ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ ਸਿਰ ਟੀਕਾਕਰਨ ਕਰਵਾਉਣਾ ਜ਼ਰੂਰੀ: ਸਿਵਲ ਸਰਜਨ
ਅਸ਼ੋਕ ਵਰਮਾ
ਬਠਿੰਡਾ, 28 ਅਕਤੂਬਰ 2026 :ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਜੱਚਾ-ਬੱਚਾ ਹਸਪਤਾਲ ਬਠਿੰਡਾ ਵਿਖੇ ਟੀਕਾਕਰਨ ਦੀ ਮਹੱਤਤਾ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮਾਪਿਆਂ ਨੂੰ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਵਾਉਣ ਅਤੇ ਨਿਰਧਾਰਤ ਸਮੇਂ ਅਨੁਸਾਰ ਸਾਰੇ ਟੀਕੇ ਲਗਵਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਸਬੰਧੀ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਕਿਹਾ ਕਿ ਟੀਕਾਕਰਨ ਬੱਚਿਆਂ ਨੂੰ ਕਈ ਗੰਭੀਰ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਕਿਹਾ ਕਿ ਹਰ ਮਾਪੇ ਨੂੰ ਆਪਣੇ ਬੱਚੇ ਦਾ ਟੀਕਾਕਰਨ ਸਿਹਤ ਵਿਭਾਗ ਵੱਲੋਂ ਨਿਰਧਾਰਤ ਸ਼ਡਿਊਲ ਅਨੁਸਾਰ ਸਮੇਂ ਸਿਰ ਕਰਵਾਉਣਾ ਚਾਹੀਦਾ ਹੈ, ਤਾਂ ਜੋ ਬੱਚਿਆਂ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਬੱਚਿਆਂ ਦੇ ਮਾਹਿਰ ਡਾ. ਅੰਕੁਸ਼ ਨੇ ਕਿਹਾ ਕਿ ਬੱਚਿਆਂ ਦੇ ਸਿਹਤਮੰਦ ਵਿਕਾਸ ਲਈ ਟੀਕਾਕਰਨ ਬਹੁਤ ਮਹੱਤਵਪੂਰਨ ਹੈ। ਮਾਪਿਆਂ ਨੂੰ ਬੱਚਿਆਂ ਦਾ ਟੀਕਾਕਰਨ ਕਾਰਡ ਸੰਭਾਲ ਕੇ ਰੱਖਣਾ ਚਾਹੀਦਾ ਹੈ ਅਤੇ ਉਸ ਵਿੱਚ ਦਰਜ ਮਿਤੀਆਂ ਅਨੁਸਾਰ ਟੀਕੇ ਲਗਵਾਉਣੇ ਯਕੀਨੀ ਬਣਾਉਣੇ ਚਾਹੀਦੇ ਹਨ। ਜੇਕਰ ਕਿਸੇ ਕਾਰਨ ਬੱਚੇ ਦਾ ਕੋਈ ਟੀਕਾ ਰਹਿ ਗਿਆ ਹੋਵੇ ਤਾਂ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਕੇ ਟੀਕਾਕਰਨ ਪੂਰਾ ਕਰਵਾਉਣਾ ਚਾਹੀਦਾ ਹੈ।
ਡਿਪਟੀ ਮਾਸ ਮੀਡੀਆ ਅਫ਼ਸਰ ਸ੍ਰੀ ਲਖਵਿੰਦਰ ਸਿੰਘ ਅਤੇ ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ ਨੇ ਕਿਹਾ ਕਿ ਟੀਕਾਕਰਨ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਸਬੰਧੀ ਫੈਲੀਆਂ ਗਲਤ ਧਾਰਨਾਵਾਂ ਤੋਂ ਬਚਣ ਅਤੇ ਸਿਹਤ ਵਿਭਾਗ ਦੇ ਮਾਹਿਰਾਂ ਦੀ ਸਲਾਹ ਅਨੁਸਾਰ ਆਪਣੇ ਬੱਚਿਆਂ ਦੇ ਸਾਰੇ ਟੀਕੇ ਸਮੇਂ ਸਿਰ ਲਗਵਾਉਣ।
ਸਿਹਤ ਵਿਭਾਗ ਵੱਲੋਂ ਵੱਖ-ਵੱਖ ਸਿਹਤ ਸੰਸਥਾਵਾਂ ਅਤੇ ਭਾਈਚਾਰਕ ਪੱਧਰ 'ਤੇ ਲੋਕਾਂ ਨੂੰ ਟੀਕਾਕਰਨ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਹਰ ਬੱਚੇ ਤੱਕ ਟੀਕਾਕਰਨ ਦੀ ਸਹੂਲਤ ਪਹੁੰਚਾਈ ਜਾ ਸਕਦੀ ਹੈ।
ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਬਿਹਤਰ ਭਵਿੱਖ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਟੀਕਾਕਰਨ ਨੂੰ ਤਰਜੀਹ ਦੇਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਟੀਕਾਕਰਨ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।