ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ,ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਵਾਇਆ
ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਬੇਲਰ, ਹੈਪੀ ਸੀਡਰ, ਸੁਪਰ ਸੀਡਰ ਅਤੇ ਹੋਰ ਉਪਲਬਧ ਖੇਤੀ ਮਸ਼ੀਨਰੀ ਰਾਹੀਂ ਪਰਾਲੀ ਦਾ ਪ੍ਰਬੰਧਨ ਕਰਨ
ਰੋਹਿਤ ਗੁਪਤਾ
ਬਟਾਲਾ, 31 ਅਕਤੂਬਰ
ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਐੱਸ ਡੀ ਐਮ ਬਟਾਲਾ ਸਾਰੰਗਪ੍ਰੀਤ ਸਿੰਘ ਵਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਭਾਗੋਵਾਲ ਅਤੇ ਚੰਨਣਕੇ ਵਿਖੇ ਖੇਤ ਵਿੱਚ ਲੱਗੀ ਅੱਗ ਨੂੰ ਮੌਕੇ 'ਤੇ ਬੁਝਵਾਇਆ ਗਿਆ। ਇਸ ਮੌਕੇ ਏਡੀਓ ਬਟਾਲਾ ਸਿਮਰਨਜੀਤ ਸਿੰਘ ਵੀ ਮੌਜੂਦ ਸਨ।
ਐੱਸ ਡੀ ਐੱਮ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ।ਇਸ ਮੌਕੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਬੇਲਰ, ਹੈਪੀ ਸੀਡਰ, ਸੁਪਰ ਸੀਡਰ ਅਤੇ ਹੋਰ ਉਪਲਬਧ ਖੇਤੀ ਮਸ਼ੀਨਰੀ ਰਾਹੀਂ ਪਰਾਲੀ ਦਾ ਪ੍ਰਬੰਧਨ ਕਰਨ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਿੱਤਰ ਕੀੜਿਆਂ ਨੂੰ ਨੁਕਸਾਨ ਪਹੁੰਚਦਾ ਹੈ।
ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਾਲਿਆਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਪਰਾਲੀ ਸਾੜਨ ਦੀ ਕਿਸੇ ਵੀ ਘਟਨਾ ਨੂੰ ਹਲਕੇ ਵਿੱਚ ਨਹੀਂ ਲਿਆ ਜਾਵੇਗਾ। ਕਿਸਾਨ ਵਾਤਾਵਰਨ ਅਤੇ ਜ਼ਮੀਨ ਦੀ ਸਿਹਤ ਦੀ ਰਾਖੀ ਲਈ ਸਹਿਯੋਗ ਦੇਣ ਅਤੇ ਪਰਾਲੀ ਪ੍ਰਬੰਧਨ ਦੇ ਸੁਚੱਜੇ ਤਰੀਕੇ ਅਪਣਾਉਣ।