ਮਨਦੀਪ ਸਿੰਘ ਪੋਲਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕੇ ਦੇ ਲੋਕਾਂ ਨੂੰ 2027 ਦੀਆਂ ਚੋਣਾਂ ਵਿੱਚ ਲਖਬੀਰ ਸਿੰਘ ਰਾਏ ਦੀ ਜਿੱਤ ਯਕੀਨੀ ਬਣਾਉਣ ਦੀ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ 31 ਅਕਤੂਬਰ (ਗੁਰਪ੍ਰੀਤ ਸਿੰਘ ਜਖਵਾਲੀ) ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਮੁੜ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪਣੀ ਖੁਸ਼ੀ ਸਾਂਝੀ ਕੀਤੀ।
ਮਨਦੀਪ ਸਿੰਘ ਪੋਲਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਲਖਬੀਰ ਸਿੰਘ ਰਾਏ ’ਤੇ ਮੁੜ ਭਰੋਸਾ ਪ੍ਰਗਟਾਉਣਾ ਉਨ੍ਹਾਂ ਦੀ ਮਿਹਨਤ, ਲੋਕਪ੍ਰਿਅਤਾ ਅਤੇ ਹਲਕੇ ਪ੍ਰਤੀ ਸਮਰਪਣ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਲਖਬੀਰ ਸਿੰਘ ਰਾਏ ਇੱਕ ਨਿੱਘੇ ਸੁਭਾਅ ਵਾਲੇ, ਮਿਲਣਸਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਵਾਲੇ ਆਗੂ ਹਨ। ਉਨ੍ਹਾਂ ਦੀ ਸਭ ਤੋਂ ਵੱਡੀ ਖ਼ੂਬੀ ਇਹ ਹੈ ਕਿ ਉਹ ਹਰ ਵਰਗ ਦੇ ਲੋਕਾਂ ਨਾਲ ਸਿੱਧਾ ਸੰਪਰਕ ਰੱਖਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਗਏ ਯਤਨ ਅਤੇ ਕਰਵਾਏ ਗਏ ਵਿਕਾਸ ਕਾਰਜ ਲੋਕਾਂ ਦੇ ਮਨਾਂ ਵਿੱਚ ਹਮੇਸ਼ਾ ਯਾਦ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਹਲਕੇ ਲਈ ਅਜਿਹਾ ਵਿਧਾਇਕ ਮਿਲਣਾ ਮਾਣ ਵਾਲੀ ਗੱਲ ਹੈ, ਜੋ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋਣ ਦੇ ਨਾਲ-ਨਾਲ ਹਲਕੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਵੀ ਲਗਾਤਾਰ ਕੰਮ ਕਰਦਾ ਹੋਵੇ।
ਮਨਦੀਪ ਸਿੰਘ ਪੋਲਾ ਨੇ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਵੋਟਰਾਂ ਅਤੇ ਪਾਰਟੀ ਸਮਰਥਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਖਬੀਰ ਸਿੰਘ ਰਾਏ ਵਰਗੇ ਤਜਰਬੇਕਾਰ, ਮਿਹਨਤੀ ਅਤੇ ਲੋਕਾਂ ਨਾਲ ਜੁੜੇ ਆਗੂ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੀਰੇ ਵਰਗੇ ਆਗੂ ਨੂੰ ਗੁਆਉਣਾ ਹਲਕੇ ਦੇ ਹਿੱਤ ਵਿੱਚ ਨਹੀਂ ਹੋਵੇਗਾ। ਇਸ ਲਈ ਸਾਰੇ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦੇ ਵਿਕਾਸ ਅਤੇ ਬਿਹਤਰ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲਖਬੀਰ ਸਿੰਘ ਰਾਏ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ।
ਅਖ਼ੀਰ ਵਿੱਚ ਮਨਦੀਪ ਸਿੰਘ ਪੋਲਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਹਲਕੇ ਦੇ ਲੋਕ ਲਖਬੀਰ ਸਿੰਘ ਰਾਏ ਨੂੰ ਮੁੜ ਵੱਡਾ ਸਮਰਥਨ ਦੇ ਕੇ ਵਿਧਾਨ ਸਭਾ ਵਿੱਚ ਭੇਜਣਗੇ ਅਤੇ ਹਲਕੇ ਦੇ ਵਿਕਾਸ ਦੀ ਇਸ ਲੜੀ ਨੂੰ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।