ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਤੋਂ ਬਾਅਦ ਸਿਆਸੀ ਧਿਰਾਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਕਾਪੀਆਂ
11 ਦਸੰਬਰ ਤੱਕ ਪੇਸ਼ ਕੀਤੇ ਜਾ ਸਕਦੇ ਨੇ ਦਾਅਵੇ ਅਤੇ ਇਤਰਾਜ਼
22 ਨਵੰਬਰ ਅਤੇ 6 ਦਸੰਬਰ ਨੂੰ ਪੋਲਿੰਗ ਸਟੇਸ਼ਨਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ
ਅਸ਼ੋਕ ਵਰਮਾ
ਮਾਨਸਾ, 13 ਨਵੰਬਰ 2026 : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਯੋਗਤਾ ਮਿਤੀ 01.01.2027 ਦੇ ਆਧਾਰ 'ਤੇ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਫੋਟੋ ਵੋਟਰ ਸੂਚੀ ਦੀਆਂ ਕਾਪੀਆਂ ਅਤੇ ਸਾਫਟ ਕਾਪੀ ਦੀ ਸੀ.ਡੀਜ਼ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਲਈ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 11 ਦਸੰਬਰ ਤੱਕ ਨਿਰਧਾਰਿਤ ਕੀਤਾ ਗਿਆ ਹੈ, ਜਦਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਦੀ ਤਰੀਖ 28 ਦਸੰਬਰ ਤੱਕ ਨਿਰਧਾਰਤ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 04 ਜਨਵਰੀ, 2027 ਨੂੰ ਕਰਵਾਈ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਪ੍ਰਕਾਸ਼ਿਤ ਕੀਤੀ ਵੋਟਰ ਸੂਚੀ ਦੀ ਪੜਤਾਲ ਆਪਣੇ ਬੂਥ ਲੈਵਲ ਏਜੰਟਾਂ ਤੋਂ ਕਰਵਾ ਲਈ ਜਾਵੇ। ਜੇਕਰ ਕਿਸੇ ਯੋਗ ਵਿਅਕਤੀ ਦੀ ਵੋਟ ਸ਼ਾਮਲ ਨਹੀਂ ਹੈ ਤਾਂ ਉਹ 11 ਦਸੰਬਰ, 2026 ਤੱਕ ਫਾਰਮ ਨੰਬਰ 6 ਭਰ ਕੇ ਸਬੰਧਤ ਬੀ.ਐਲ.ਓ. ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਦੇ ਸਕਦਾ ਹੈ।
ਉਨ੍ਹਾਂ ਨਾਲ ਹੀ ਦੱਸਿਆ ਕਿ ਬੀ.ਐਲ.ਓਜ਼. ਦੁਆਰਾ 22 ਨਵੰਬਰ ਅਤੇ 6 ਦਸੰਬਰ ਨੂੰ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ ਜਿੱਥੇ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਫਾਰਮ ਨੰਬਰ 6 ਸਮੇਤ ਲੋੜੀਂਦੇ ਦਸਤਾਵੇਜ ਦੇ ਕੇ ਬਣਵਾ ਸਕਦਾ ਹੈ ਅਤੇ ਪਹਿਲਾਂ ਤੋਂ ਦਰਜ ਵੇਰਵਿਆਂ ਵਿਚ ਫਾਰਮ ਨੰਬਰ 8 ਭਰਕੇ ਸੋਧ ਕਰਵਾ ਸਕਦਾ ਹੈ ਅਤੇ ਸ਼ਿਫਟ ਹੋ ਚੁੱਕੇ ਜਾਂ ਜਿੰਨ੍ਹਾਂ ਵੋਟਰਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਪਰਿਵਾਰਕ ਮੈਂਬਰ ਫਾਰਮ ਨੰਬਰ 7 ਭਰਕੇ ਵੋਟ ਕਟਵਾਈ ਜਾ ਸਕਦੀ ਹੈ।
ਇਸ ਮੌਕੇ ਬਹੁਜਨ ਸਮਾਜ ਪਾਰਟੀ ਤੋਂ ਬਾਬੂ ਸਿੰਘ ਅਤੇ ਗੁਰਜੀਵਨ ਸਿੰਘ, ਆਮ ਆਦਮੀ ਪਾਰਟੀ ਤੋਂ ਭਰਪੂਰ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਕੇ.ਐੱਸ. ਮਠਾੜੂ, ਸੀ.ਪੀ.ਆਈ.(ਐੱਮ) ਤੋਂ ਸੀਤਾ ਰਾਮ ਗੋਇਲ, ਕਾਂਗਰਸ ਪਾਰਟੀ ਤੋਂ ਰਾਕੇਸ਼ ਕੁਮਾਰ ਤੋਂ ਇਲਾਵਾ ਚੋਣ ਵਿਭਾਗ ਤੋਂ ਦੀਪਕ ਮੋਹਨ ਅਤੇ ਬਲਜਿੰਦਰ ਕੁਮਾਰ ਹਾਜ਼ਰ ਸਨ।