Cencus -2027 :ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਗਿਣਤੀ ਵਾਲੀਆਂ ਕਿੱਟਾਂ ਦੀ ਵੰਡ ਮੁਕੰਮਲ
ਅਸ਼ੋਕ ਵਰਮਾ
ਬਠਿੰਡਾ, 22 ਨਵੰਬਰ 2026 : ਨਗਰ ਨਿਗਮ ਬਠਿੰਡਾ ਦੀ ਟੀਮ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤਹਿਤ ਸਮੂਹ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਲੋੜੀਂਦੀਆਂ ਕਿੱਟਾਂ ਦੀ 100 ਫ਼ੀਸਦੀ ਵੰਡ ਸਫ਼ਲਤਾਪੂਰਵਕ ਮੁਕੰਮਲ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀਆਂ ਕਿੱਟਾਂ 20 ਨਵੰਬਰ ਸ਼ਾਮ ਨੂੰ ਪ੍ਰਾਪਤ ਹੋਈਆਂ ਸਨ। ਨਗਰ ਨਿਗਮ ਬਠਿੰਡਾ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਅੱਜ ਸਾਰੀਆਂ ਕਿੱਟਾਂ ਸਬੰਧਤ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਵੰਡ ਦਿੱਤੀਆਂ ਗਈਆਂ।
ਇਸ ਤਰ੍ਹਾਂ ਨਗਰ ਨਿਗਮ ਬਠਿੰਡਾ ਦੀ ਟੀਮ ਦੇ ਸਾਂਝੇ ਯਤਨਾਂ ਅਤੇ ਫੀਲਡ ਟ੍ਰੇਨਰਾਂ ਦੇ ਸਹਿਯੋਗ ਨਾਲ ਕਰਵਾਇਆ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਤੱਕ ਲੋੜੀਂਦੀ ਸਮੱਗਰੀ ਪਹੁੰਚਾਉਣ ਦਾ ਕੰਮ 100 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀਮਤੀ ਨੀਧੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।ਇਸ ਪ੍ਰਬੰਧ ਨਾਲ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਫੀਲਡ ਵਿੱਚ ਕੰਮ ਕਰਨ ਵਾਲੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਮੱਗਰੀ ਸਮੇਂ ਸਿਰ ਮੁਹੱਈਆ ਹੋ ਗਈ ਹੈ, ਜਿਸ ਨਾਲ ਜਨਗਣਨਾ ਦੇ ਕੰਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ।
ਨਗਰ ਨਿਗਮ ਬਠਿੰਡਾ ਦੀ ਟੀਮ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ, ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ।