ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 23 ਨੂੰ ਕਾਲਕਾ ਤੇ ਕਾਹਲੋਂ
ਨਵੀਂ ਦਿੱਲੀ, 22 ਨਵੰਬਰ (ਮਨਮੋਹਨ ਸਿੰਘ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 23 ਨਵੰਬਰ 2026 ਨੂੰ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਸਜਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਨਗਰ ਕੀਰਤਨ ਜੁਗੋ-ਜੁਗ ਅਟੱਲ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਜਾਵੇਗਾ। ਇਹ ਨਗਰ ਕੀਰਤਨ 23 ਨਵੰਬਰ ਨੂੰ ਸਵੇਰੇ 10 ਵਜੇ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਸਮਾਪਤ ਹੋਵੇਗਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦੇ ਕੇ ਸਮਾਜ ਨੂੰ ਸੱਚਾਈ, ਸੇਵਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨਾਂ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਰਬ-ਸਾਂਝੀਵਾਲਤਾ, ਆਪਸੀ ਪਿਆਰ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਅੱਜ ਵੀ ਸੰਸਾਰ ਭਰ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਗੁਰਪੁਰਬ ਮੌਕੇ ਸਜਾਇਆ ਜਾਣ ਵਾਲਾ ਇਹ ਨਗਰ ਕੀਰਤਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਸੰਗਤਾਂ ਤੱਕ ਪਹੁੰਚਾਉਣ ਦਾ ਇੱਕ ਪਵਿੱਤਰ ਉਪਰਾਲਾ ਹੈ।
ਦੋਵਾਂ ਆਗੂਆਂ ਨੇ ਸਮੂਹ ਸਿੱਖ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਗੁਰਮਤਿ ਪ੍ਰੰਪਰਾ, ਸਿੱਖ ਵਿਰਾਸਤ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਲਈ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਮੌਕੇ ਦਾ ਹਿੱਸਾ ਬਣ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ।