ਯੂਥ ਮੈਰਾਥਨ:ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਜਥੇਦਾਰ ਦਾਦੂਵਾਲ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ
ਵੱਡੀ ਗਿਣਤੀ ਚ ਇਲਾਕਾ ਨਿਵਾਸੀਆਂ,ਬੱਚਿਆਂ ਅਤੇ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ,ਜੇਤੂਆਂ ਨੂੰ ਵੰਡੇ ਇਨਾਮ
ਅਸ਼ੋਕ ਵਰਮਾ
ਤਲਵੰਡੀ ਸਾਬੋ ,22 ਨਵੰਬਰ 2026:ਉੱਪ ਮੰਡਲ ਤਲਵੰਡੀ ਸਾਬੋ ਦੀ ਹੱਦ ਨਾਲ ਲੱਗਦੇ ਹਰਿਆਣਾ ਦੀ ਕਾਲਾਂਵਾਲੀ ਮੰਡੀ ਵਿਖੇ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਨਸ਼ਿਆਂ ਵਿਰੁੱਧ ਚੇਤਨਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਇਸ ਮੌਕੇ ਕਰਵਾਈ ਗਈ ਯੂਥ ਮੈਰਾਥਨ ਯਾਤਰਾ ਅਤੇ ਵਿਸ਼ਾਲ ਕਾਨਫਰੰਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਚ ਲੋਕਾਂ, ਬੱਚਿਆਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉੱਘੇ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਾਨਫਰੰਸ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਨਸ਼ਾ ਅੱਜ ਸਾਡੇ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ।ਨਸ਼ਿਆਂ ਕਾਰਨ ਜਿੱਥੇ ਨੌਜਵਾਨ ਪੀੜ੍ਹੀ ਦਾ ਭਵਿੱਖ ਬਰਬਾਦ ਹੋ ਰਿਹੈ ਉੱਥੇ ਹੀ ਅਨੇਕਾਂ ਪਰਿਵਾਰਾਂ ਦੀਆਂ ਖੁਸ਼ੀਆਂ ਵੀ ਉੱਜੜ ਰਹੀਆਂ ਹਨ।ਇਸ ਲਈ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ,ਧਾਰਮਿਕ ਗਤੀਵਿਧੀਆਂ ਅਤੇ ਸਮਾਜ ਸੇਵਾ ਨਾਲ ਜੁੜਨ।ਮਾਪਿਆਂ,ਅਧਿਆਪਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਅੱਗੇ ਆ ਕੇ ਬੱਚਿਆਂ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ।
ਦੋਵਾਂ ਸਖਸ਼ੀਅਤਾਂ ਅਨੁਸਾਰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪਿੰਡ-ਪਿੰਡ ਅਤੇ ਘਰ-ਘਰ ਜਾਗਰੂਕਤਾ ਪਹੁੰਚਾਉਣ ਦੀ ਲੋੜ ਹੈ।ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਫਰਜ਼ ਹੈ।ਕਾਨਫਰੰਸ ਉਪਰੰਤ ਕਰਵਾਈ ਮੈਰਾਥਨ ਦੌੜ ਵਿੱਚ ਪਹਿਲੇ,ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲਿਆਂ ਨੂੰ ਲੱਖਾਂ ਰੁਪਈਏ ਦੇ ਇਨਾਮ ਵੀ ਮੌਕੇ ਤੇ ਦਿੱਤੇ ਗਏ ਅਤੇ ਜੇਤੂਆਂ ਨੂੰ ਮੁੱਖ ਮੰਤਰੀ ਸੈਣੀ ਅਤੇ ਜਥੇਦਾਰ ਦਾਦੂਵਾਲ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ। ਕਾਨਫਰੰਸ ਦੌਰਾਨ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਸੰਘਰਸ਼ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਅਹਿਦ ਲਿਆ ਗਿਆ।