ਰਾਣਾ ਹਸਪਤਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਏ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 25 ਨਵੰਬਰ 2026 : ਰਾਣਾ ਹਸਪਤਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਹਿਤੇਂਦਰ ਸੂਰੀ, ਡਾ. ਦੀਪਿਕਾ ਸੂਰੀ, ਹਸਪਤਾਲ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਮਰੀਜ਼ਾਂ ਨੇ ਇਕੱਠੇ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ
ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸਾਂਝੀ ਅਰਦਾਸ ਕੀਤੀ ਗਈ ਅਤੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ। ਇਸ ਉਪਰੰਤ ਹਾਜ਼ਰ ਸਾਰਿਆਂ ਨੂੰ ਸ਼ਰਧਾ ਨਾਲ ਕੜਾਹ ਪ੍ਰਸ਼ਾਦ ਵੰਡਿਆ ਗਿਆ
ਇਸ ਮੌਕੇ ਡਾ. ਹਿਤੇਂਦਰ ਸੂਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਸਿਧਾਂਤਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਪਿਆਰ, ਭਾਈਚਾਰੇ, ਇਮਾਨਦਾਰੀ, ਸੇਵਾ ਅਤੇ ਪਰਉਪਕਾਰ ਦਾ ਸੰਦੇਸ਼ ਦਿੱਤਾ। ਉਨ੍ਹਾਂ ਵੱਲੋਂ ਦਰਸਾਏ ਗਏ ਤਿੰਨ ਪ੍ਰਮੁੱਖ ਸਿਧਾਂਤ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਅੱਜ ਵੀ ਹਰ ਮਨੁੱਖ ਨੂੰ ਸੱਚਾਈ ਅਤੇ ਮਨੁੱਖਤਾ ਦੇ ਰਾਹ 'ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ
ਇਸ ਪਵਿੱਤਰ ਦਿਹਾੜੇ ਨੂੰ ਯਾਦਗਾਰ ਬਣਾਉਣ ਲਈ ਹਾਜ਼ਰ ਸਾਰੇ ਵਿਅਕਤੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਿੱਤਰ ਭੇਟ ਕੀਤੇ ਗਏ, ਤਾਂ ਜੋ ਹਰ ਕੋਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਹੋ ਸਕੇ
ਸਮਾਗਮ ਦੀ ਸਮਾਪਤੀ ਸ਼ਰਧਾ, ਆਪਸੀ ਪਿਆਰ ਅਤੇ ਭਾਈਚਾਰੇ ਦੇ ਮਾਹੌਲ ਵਿੱਚ ਹੋਈ