ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ ਦੌਰਾਨ ਸਕੂਲ ਅਧਿਆਪਕਾਂ ਨਾਲ ਕਾਲਜ ਦੇ ਅਧਿਆਪਕ ਸਾਹਿਬਾਨ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 25 ਨਵੰਬਰ 2026 :ਮਾਤਾ ਗੁਜਰੀ ਕਾਲਜ ਵੱਲੋਂ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਵਾਤਾਵਰਣ ਦੀ ਸੰਭਾਲ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਦੇ ਉਦੇਸ਼ ਨਾਲ ਸਕੂਲ ਅਧਿਆਪਕਾਂ ਲਈ ਵਾਤਾਵਰਣ-ਅਨੁਕੂਲ ਬੈਗ ਤਿਆਰ ਕਰਨ ਸਬੰਧੀ ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਣਨਯੋਗ ਹੈ ਕਿ ਇਹ ਵਰਕਸ਼ਾਪ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿੱਚ ਫ਼ਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ।
ਕਾਲਜ ਦੇ ਫ਼ਾਈਨ ਆਰਟਸ ਵਿਭਾਗ ਅਤੇ ਸੌਲਿਡ ਵੇਸਟ ਮੈਨੇਜਮੈਂਟ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਆਯੋਜਿਤ ਇਸ ਵਰਕਸ਼ਾਪ ਵਿੱਚ ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ ਵੱਖ-ਵੱਖ ਸਕੂਲਾਂ ਤੋਂ 68 ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਅਫ਼ਸਰ ਸ੍ਰੀ ਦੀਪਕ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ ਜਿਸ ਵਿਚ ਜ਼ੂਆਲੋਜੀ ਵਿਭਾਗ ਦੇ ਪ੍ਰੋ. ਪ੍ਰਦੀਪ ਕੌਰ ਅਤੇ ਬਾਇਓਟੈਕਨਾਲੋਜੀ ਵਿਭਾਗ ਦੇ ਡਾ. ਮੋਨਿਕਾ ਨੇ ਕੋਆਰਡੀਨੇਟਰ ਵਜੋਂ ਭੂਮਿਕਾ ਨਿਭਾਈ ਜਦਕਿ ਬੈਗ ਬਣਾਉਣ ਦੇ ਸਿਖਲਾਈ ਸੈਸ਼ਨਾਂ ਵਿੱਚ ਫਾਈਨ ਆਰਟਸ ਵਿਭਾਗ ਦੇ ਡਾ. ਅਵਨੀਤ ਕੌਰ ਅਤੇ ਪ੍ਰੋ. ਬਨਿੰਦਰ ਕੌਰ ਨੇ ਸਹਿਯੋਗ ਦਿੱਤਾ
ਇਸ ਮੌਕੇ ਗੁਰੂ ਨਾਨਕ ਗਰਲਜ਼ ਕਾਲਜ ਲੁਧਿਆਣਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਮੁਖੀ ਨੰਦਿਨੀ ਕਪੂਰ ਨੇ ਮੁੱਖ ਵਕਤਾ ਦੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਹਾਰਕ ਸਿਖਲਾਈ ਸੈਸ਼ਨਾਂ ਦਾ ਸੰਚਾਲਨ ਕੀਤਾ। ਉਨ੍ਹਾਂ ਨੇ ਬਚੇ ਹੋਏ ਅਤੇ ਬੇਕਾਰ ਕੱਪੜਿਆਂ ਦੀ ਵਰਤੋਂ ਕਰਕੇ ਉਪਯੋਗੀ ਅਤੇ ਆਕਰਸ਼ਕ ਬੈਗ ਤਿਆਰ ਕਰਨ ਦੀਆਂ ਵੱਖ-ਵੱਖ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ। ਇਸ ਸਿਖਲਾਈ ਰਾਹੀਂ ਅਧਿਆਪਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਬਦਲ ਵਜੋਂ ਵਾਤਾਵਰਣ-ਅਨੁਕੂਲ ਬੈਗ ਤਿਆਰ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਇਸ ਸੰਦੇਸ਼ ਨੂੰ ਆਪਣੇ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਤੱਕ ਵੀ ਪਹੁੰਚਾ ਸਕਣ
ਇਸ ਤੋਂ ਪਹਿਲਾਂ ਕਾਲਜ ਦੇ ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ ਨੇ ਸਵਾਗਤੀ ਭਾਸ਼ਣ ਰਾਹੀਂ ਮੁੱਖ ਵਕਤਾ, ਪਤਵੰਤਿਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਵਾਤਾਵਰਣ ਦੀ ਸੰਭਾਲ ਅਤੇ ਟਿਕਾਊ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਤੇ ਭਾਰਤ ਸਰਕਾਰ ਦੇ 'ਮਿਸ਼ਨ ਲਾਈਫ' ਦੇ ਉਦੇਸ਼ਾਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਾਲਿਡ ਵੇਸਟ ਮੈਨੇਜਮੈਂਟ ਕਮੇਟੀ ਦੇ ਟੀਮ ਮੈਂਬਰ ਡਾ. ਸੰਤੋਸ਼ ਕੁਮਾਰ, ਡਾ. ਜੁਝਾਰ ਸਿੰਘ, ਪ੍ਰੋ. ਸ਼ਿਵਦੀਪ ਕੌਰ ਅਤੇ ਡਾ. ਦੀਪਿਕਾ ਜੈਨ ਨੇ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ