ਸੰਯੁਕਤ ਕਿਸਾਨ ਮੋਰਚਾ ਬਠਿੰਡਾ ਜ਼ਿਲ੍ਹੇ ਵੱਲੋਂ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਕਾਨਫਰੰਸ
ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ, 27 ਨਵੰਬਰ 2026 : ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨਾਂ ਵੱਲੋਂ ਲਾਇਆ ਇਤਿਹਾਸਕ ਮੋਰਚਾ ਭਾਵੇਂ ਉੱਠ ਗਿਆ, ਪਰ ਮੰਗਾਂ ਦੀ ਪੰਡ ਅਜੇ ਵੀ ਸਰਕਾਰਾਂ ਦੇ ਦਰਵਾਜ਼ੇ ’ਤੇ ਪਈ ਹੈ। ਇਸੇ ਅਧੂਰੀ ਲੜਾਈ ਦੀ ਯਾਦ ਵਿੱਚ ਸੰਯੁਕਤ ਕਿਸਾਨ ਮੋਰਚਾ ਬਠਿੰਡਾ ਦੀ ਅਗਵਾਈ ਹੇਠ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਕਿਸਾਨ ਕਾਨਫਰੰਸ ਕੀਤੀ ਗਈ। ਇਸ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਿਆ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੀ ਕੇ ਯੂ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਮੋਰਚੇ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ ਤੇ ਨਵੇਂ ਕਾਨੂੰਨਾਂ ਰਾਹੀਂ ਕਿਸਾਨਾਂ ’ਤੇ ਹੋਰ ਬੋਝ ਪਾਇਆ ਜਾ ਰਿਹਾ ਹੈ।
ਉਨ੍ਹਾਂ ਸੂਬਿਆਂ ਦੇ ਅਧਿਕਾਰਾਂ ਵਿੱਚ ਕੇਂਦਰੀ ਦਖ਼ਲਅੰਦਾਜ਼ੀ ਦਾ ਵੀ ਵਿਰੋਧ ਕੀਤਾ। ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੌਣੇ ਪੰਜ ਸਾਲਾਂ ਵਿੱਚ ਕਿਸਾਨਾਂ ਲਈ ਕੋਈ ਠੋਸ ਨੀਤੀ ਨਹੀਂ ਲਿਆਂਦੀ ਗਈ। ਚੰਡੀਗੜ੍ਹ ਵਿੱਚ ਸੱਤ ਦਿਨਾਂ ਦੇ ਮੋਰਚੇ ਦੌਰਾਨ ਮੰਨੀਆਂ ਮੰਗਾਂ ਵੀ ਲਾਗੂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ)-ਧਨੇਰ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਵਾਲਾ ਬਿੱਲ ਆਉਣ ਵਾਲੇ ਲੋਕ ਸਭਾ ਇਜਲਾਸ ਵਿੱਚ ਲਿਆਉਣ ਦੀ ਮੰਗ ਕੀਤੀ।
ਉਨ੍ਹਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਕਾਰਪੋਰੇਟ ਘਰਾਣਿਆਂ ਵਾਂਗ ਕਿਸਾਨਾਂ ਨੂੰ ਵੀ ਰਾਹਤ ਦੇਣ ਦੀ ਵਕਾਲਤ ਕੀਤੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਤੇ ਜਸਵਿੰਦਰ ਸਿੰਘ, ਬੀ ਕੇ ਯੂ (ਸਿੱਧੂਪੁਰ) ਦੇ ਸੂਬਾ ਆਗੂ ਬੋਘ ਸਿੰਘ ਮਾਨਸਾ, ਜਮਹੂਰੀ ਕਿਸਾਨ ਸਭਾ ਦੇ ਆਗੂ ਸੁਖਵਿੰਦਰ ਧਾਲੀਵਾਲ ਤੇ ਅਮਰੀਕ ਸਿੰਘ ਫਫੜੇ ਭਾਈਕੇ, ਬੀ ਕੇ ਯੂ (ਰਾਜੇਵਾਲ) ਦੇ ਸੂਬਾ ਆਗੂ ਪ੍ਰਗਟ ਸਿੰਘ ਤਲਵੰਡੀ ਨੇਪਾਲੀਆ, ਬੀ ਕੇ ਯੂ (ਲੱਖੋਵਾਲ) ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਤੇ ਪਰਸ਼ੋਤਮ ਗਿੱਲ, ਬੀ ਕੇ ਯੂ (ਮਾਲਵਾ) ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ, ਬੀ ਕੇ ਯੂ ਮਾਲਵਾ (ਹੀਰ ਕੇ) ਦੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਸਵੀਰ ਸਿੰਘ ਅਕਲੀਆ, ਬੀ ਕੇ ਯੂ (ਡਕੌਂਦਾ)-ਧਨੇਰ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਤੇ ਹਰਵਿੰਦਰ ਸਿੰਘ ਕੋਟਲੀ ਮੌਜੂਦ ਰਹੇ।