ਸੰਵਿਧਾਨ ਦਿਵਸ ਮੌਕੇ ਮਾਨਸਾ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਸਵੱਛ ਭਾਰਤ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ
ਦੁਕਾਨਦਾਰਾਂ ਨੂੰ ਗੁਲਾਬ ਦੇ ਫੁੱਲ ਭੇਟ ਕਰਕੇ ਸਫ਼ਾਈ ਰੱਖਣ ਦਾ ਦਿੱਤਾ ਸੱਦਾ
ਅਸ਼ੋਕ ਵਰਮਾ
ਮਾਨਸਾ, 27 ਨਵੰਬਰ 2026 :ਸੰਵਿਧਾਨ ਦਿਵਸ ਦੇ ਮੌਕੇ 'ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ 'ਸਵੱਛ ਭਾਰਤ ਅਭਿਆਨ' ਤਹਿਤ ਸ਼ਹਿਰ ਵਿੱਚ ਇੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਪ੍ਰਤੀ ਸੁਚੇਤ ਕਰਨਾ ਸੀ।
ਇਸ ਅਭਿਆਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਯੂਸ਼ ਗੋਇਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਕ੍ਰਿਤਿਕਾ ਗੋਇਲ ਦੀ ਅਗਵਾਈ ਹੇਠ ਕੱਢੀ ਗਈ ਇਹ ਜਾਗਰੂਕਤਾ ਰੈਲੀ, ਬੱਸ ਸਟੈਂਡ ਤੋਂ ਹੁੰਦੀ ਹੋਈ ਗੁਰਦੁਆਰਾ ਸਾਹਿਬ ਚੌਂਕ ਵਿਖੇ ਜਾ ਕੇ ਸਮਾਪਤ ਹੋਈ। ਰੈਲੀ ਵਿੱਚ ਸਮੁੱਚੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਸਵੱਛਤਾ ਦਾ ਸੁਨੇਹਾ ਦਿੱਤਾ।
ਮੁਹਿੰਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਨਗਰ ਕੌਂਸਲ ਪ੍ਰਧਾਨ ਸ਼੍ਰੀ ਭੂਸ਼ਣ ਕੁਮਾਰ ਮੱਤੀ, ਵਧੀਕ ਡਿਪਟੀ ਕਮਿਸ਼ਨਰ ਆਯੂਸ਼ ਗੋਇਲ ਤੇ ਕ੍ਰਿਤਿਕਾ ਗੋਇਲ, ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ ਤੇ ਗੁਰਮੀਤ ਕੁਮਾਰ ਸਮੇਤ ਹੋਰ ਅਧਿਕਾਰੀਆਂ ਨੇ ਬਾਜ਼ਾਰਾਂ ਵਿੱਚ ਜਾ ਕੇ ਦੁਕਾਨਦਾਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਦੁਕਾਨਦਾਰਾਂ ਨੂੰ ਗੁਲਾਬ ਦੇ ਫੁੱਲ ਭੇਟ ਕਰਦਿਆਂ ਅਪੀਲ ਕੀਤੀ ਕਿ ਉਹ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਇਕੱਤਰ ਕਰਨ ਅਤੇ ਇਸ ਦੇ ਸੁਚੱਜੇ ਨਿਪਟਾਰੇ ਵਿੱਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ।
ਅਧਿਕਾਰੀਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਆਪਣੀਆਂ ਦੁਕਾਨਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਨੂੰ ਆਪਣੇ ਨੈਤਿਕ ਜੀਵਨ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਮਾਨਸਾ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕੇ।