ਭਗਵੰਤ ਮਾਨ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਕੀਤਾ ਪੂਰਾ : ਗੋਪਾਲ ਸਿੰਘ ਕੋਟਫੱਤਾ
ਅਸ਼ੋਕ ਵਰਮਾ
ਬਠਿੰਡਾ, 27 ਨਵੰਬਰ 2026 :ਬਠਿੰਡਾ ਦਿਹਾਤੀ ਹਲਕੇ ਤੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੋਪਾਲ ਸਿੰਘ ਕੋਟਫੱਤਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਕੇ ਇੱਕ ਇਤਿਹਾਸ ਸਿਰਜਿਆ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿੱਚ ਹੋਈ ਰੈਲੀ ਸਬੰਧੀ ਉਹਨਾਂ ਕਿਹਾ ਕਿ ਲੱਖਾਂ ਲੋਕਾਂ ਦੀ ਸ਼ਮੂਲੀਅਤ ਨੇ ਸਾਬਿਤ ਕਰ ਦਿੱਤਾ ਹੈ ਕਿ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੀ ਬਣਨਗੇ । ਉਹਨਾਂ ਇਸ ਮੌਕੇ ਰੈਲੀ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਦਿਹਾਤੀ ਹਲਕੇ ਦੇ ਸਮੂਹ ਵਰਕਰਾਂ ਆਗੂਆਂ ਅਤੇ ਵਲੰਟੀਅਰਾਂ ਦਾ ਧੰਨਵਾਦ ਵੀ ਕੀਤਾ।ਆਪਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਯੋਗ ਨੀਤੀਆਂ ਕਾਰਨ ਸਿਰਫ ਚਾਰ ਸਾਲਾਂ ਵਿੱਚ ਹੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ਤੇ ਪਹੁੰਚ ਗਿਆ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਿਹਤ ਦੇ ਖੇਤਰ ਵਿੱਚ ਸੂਬੇ ਦੇ ਲੋਕਾਂ ਨੂੰ ਦਸ ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕੀਤਾ ਗਿਆ ਹੈ। ਔਰਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਕੋਟਫੱਤਾ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਹਰ ਵਰਗ ਦੀਆਂ ਬਾਲਗ ਔਰਤਾਂ ਨੂੰ ਮਹੀਨਾਵਾਰ ਸਨਮਾਨ ਰਾਸ਼ੀ ਦੇ ਕੇ ਭਗਵੰਤ ਮਾਨ ਨੇ ਸੂਬੇ ਵਿੱਚ ਇਤਿਹਾਸ ਦਰਜ ਕਰ ਦਿੱਤਾ ਹੈ ਅਤੇ ਸੂਬੇ ਦੀਆਂ ਮਾਵਾਂ ਭੈਣਾਂ ਇਸ ਫੈਸਲੇ ਤੋਂ ਬਾਗੋ ਬਾਗ ਹਨ।ਇਸ ਮੌਕੇ ਉਨ੍ਹਾਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ਤੇ ਹੱਲ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਚੇਅਰਮੈਨ ਲਖਵੀਰ ਸਿੰਘ ਮਾਨ, ਸੰਗਠਨ ਇੰਚਾਰਜ ਸਰਪੰਚ ਦੀਪ ਡੂੰਮਵਾਲੀ, ਯੂਥ ਆਗੂ ਸਰਪੰਚ ਸੁਖਜਿੰਦਰ ਰੋਮਾਣਾ ਅਤੇ ਹੋਰ ਵੱਡੀ ਗਿਣਤੀ ਆਗੂ ਹਾਜ਼ਰ ਸਨ।।