SCERT ਦੇ ਅਦੇਸ਼ਾਂ 'ਤੇ ਦੋ ਰੋਜ਼ਾ ਕਿਸ਼ੋਰ ਅਵਸਥਾ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਕਰਵਾਈ
ਅਸ਼ੋਕ ਵਰਮਾ
ਮਾਨਸਾ: 27 ਨਵੰਬਰ 2026 :ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਦੀ ਅਗਵਾਈ ਹੇਠ ਐਨਲਾਈਟਨਡ ਕਾਲਜ, ਝੁਨੀਰ ਵਿਖੇ ਦੋ ਰੋਜ਼ਾ ਕਿਸ਼ੋਰ ਅਵਸਥਾ ਸਿੱਖਿਆ ਪ੍ਰੋਗਰਾਮ (AEP) ਵਰਕਸ਼ਾਪ ਕਰਵਾਈ ਗਈ ਜਿਸ ਵਿੱਚ ਜ਼ਿਲ੍ਹੇ ਦੇ ਸਮੁੱਚੇ ਸਕੂਲਾਂ ਵਿੱਚੋਂ ਇੱਕ-ਇੱਕ ਅਧਿਆਪਕ ਨੇ ਭਾਗ ਲਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਕਿਸ਼ੋਰ ਅਵਸਥਾ ਦੌਰਾਨ ਵਿਦਿਆਰਥੀਆਂ ਵਿੱਚ ਆਉਣ ਵਾਲੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਬਦਲਾਅ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਦੀ ਸਹੀ ਮਾਰਗਦਰਸ਼ਨ ਕਰਨ ਲਈ ਸਮਰੱਥ ਬਣਾਉਣਾ ਸੀ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸ਼ੋਰ ਅਵਸਥਾ ਵਿਦਿਆਰਥੀਆਂ ਦੇ ਜੀਵਨ ਦਾ ਬਹੁਤ ਮਹੱਤਵਪੂਰਨ ਪੜਾਅ ਹੁੰਦਾ ਹੈ। ਇਸ ਸਮੇਂ ਦੌਰਾਨ ਉਨ੍ਹਾਂ ਨੂੰ ਸਹੀ ਜਾਣਕਾਰੀ, ਸਕਾਰਾਤਮਕ ਸੋਚ ਅਤੇ ਭਰੋਸੇਯੋਗ ਮਾਰਗਦਰਸ਼ਨ ਦੀ ਲੋੜ ਹੁੰਦੀ ਹੈ। ਅਧਿਆਪਕ ਇਸ ਉਮਰ ਦੇ ਬੱਚਿਆਂ ਨੂੰ ਸਿਹਤਮੰਦ ਜੀਵਨ-ਜਾਚ ਅਪਣਾਉਣ, ਆਤਮ-ਵਿਸ਼ਵਾਸ ਵਧਾਉਣ ਅਤੇ ਜੀਵਨ ਦੀਆਂ ਚੁਣੌਤੀਆਂ ਦਾ ਸਮਝਦਾਰੀ ਨਾਲ ਸਾਹਮਣਾ ਕਰਨ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਧਿਆਪਕਾਂ ਦੇ ਗਿਆਨ ਅਤੇ ਸਿਖਲਾਈ ਵਿੱਚ ਵਾਧਾ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਜਾਗਰੂਕਤਾ ਭਰਪੂਰ ਅਤੇ ਸੁਰੱਖਿਅਤ ਸਿੱਖਿਆ ਮਾਹੌਲ ਸਿਰਜਣ ਵਿੱਚ ਵੀ ਸਹਾਈ ਹੁੰਦੀਆਂ ਹਨ।
ਵਰਕਸ਼ਾਪ ਦੌਰਾਨ ਅਧਿਆਪਕਾਂ ਨੂੰ ਕਿਸ਼ੋਰ ਅਵਸਥਾ ਸਿੱਖਿਆ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਤੱਕ ਇਸ ਗਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਸਿਖਲਾਈ ਪ੍ਰਦਾਨ ਕੀਤੀ ਗਈ।ਇਸ ਉਪਰਾਲੇ ਦਾ ਮਕਸਦ ਵਿਦਿਆਰਥੀਆਂ ਨੂੰ ਜਾਗਰੂਕ, ਆਤਮ-ਵਿਸ਼ਵਾਸੀ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਅਧਿਆਪਕਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨਾ ਹੈ।ਇਸ ਮੌਕੇ ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ, ਲੈਕਚਰਾਰ ਗੁਰਦੀਪ ਸਿੰਘ, ਨਿਰਮਲ ਸਿੰਘ ਚਹਿਲ ਜ਼ਿਲ੍ਹਾ ਨੋਡਲ ਅਫ਼ਸਰ, ਦੀਪਾਕਰ ਭੰਮਾ,ਵਿਜੈ ਚੁਰਾਇਆ, ਰੇਨੂ ਮਹਿਤਾ, ਰਾਜਿੰਦਰ ਸਿੰਗਲਾ, ਰੋਹਿਤ ਬਾਂਸਲ,ਸ਼ਿਵਾਨੀ ਗੁਪਤਾ,ਰਵਨੀਤ ਕੌਰ ,ਗਗਨਦੀਪ ਕੌਰ,ਹਰਲੀਨ ਕੌਰ, ਮਧੂ ਬਾਲਾ ਅਤੇ ਸ਼ਿਲਪਾ ਹਾਜ਼ਰ ਸਨ।