ਫ਼ਤਹਿਗੜ੍ਹ ਸਾਹਿਬ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 964 ਮੀਟ੍ਰਿਕ ਟਨ ਝੋਨੇ ਦੀ ਖਰੀਦ : ਡੀ ਸੀ
ਦੀਦਾਰ ਗੁਰਨਾ
- ਮੰਡੀਆਂ ਵਿੱਚ 2008 ਮੀਟ੍ਰਿਕ ਟਨ ਝੋਨੇ ਦੀ ਆਮਦ
- ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 04 ਅਕਤੂਬਰ 2022 - ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2008 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 964 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 205 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 287 ਮੀਟ੍ਰਿਕ ਟਨ, ਪਨਸਪ ਵੱਲੋਂ 232 ਮੀਟ੍ਰਿਕ ਟਨ ਤੇ ਵੇਅਰ ਹਾਊਸ ਵੱਲੋਂ 230 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਸ਼੍ਰੀਮਤੀ ਸ਼ੇਰਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਪੂਰੀ ਤਰ੍ਹਾਂ ਸੁੱਕਾ ਹੀ ਲੈ ਕੇ ਆਉਣ ਤਾਂ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ, ਕਿਉਂਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਮੀਨ ਦੇ ਖੁਰਾਕੀ ਤੱਤ ਵੀ ਨਸ਼ਟ ਹੁੰਦੇ ਹਨ,ਉਸਦੇ ਨਾਲ ਹੀ ਜਮੀਨ ਦੀ ਉਪਜਾਉ ਸ਼ਕਤੀ ਵੀ ਨਸਟ ਹੁੰਦੀ ਹੈ। ਇਸ ਲਈ ਕਿਸਾਨ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ। ਇਸ ਨਾਲ ਫਸਲਾਂ ਨੂੰ ਖਾਦਾਂ ਦੀ ਘੱਟ ਲੋੜ ਪੈਂਦੀ ਹੈ ਤੇ ਕਿਸਾਨ ਦੇ ਖਰਚੇ ਘੱਟ ਹੁੰਦੇ ਹਨ ਤੇ ਆਮਦਨ ਵਿੱਚ ਵੀ ਵਾਧਾ ਹੁੰਦਾ ਹੈ ਅਤੇ ਸਾਡਾ ਵਾਤਾਵਰਣ ਵੀ ਪ੍ਰਦੂਸ਼ਿਤ ਨਹੀਂ ਹੁੰਦਾ।