ਪਹਿਲਾ ਇੰਟਰ ਸਕੂਲ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ
ਦੂਨ ਇੰਟਰਨੈਸ਼ਨਲ ਸਕੂਲ ਨੇ ਜਿੱਤਿਆ ਫਾਈਨਲ ਮੁਕਾਬਲਾ
ਸਕੂਲ ਵਿੱਚ ਕ੍ਰਿਕਟ ਅਕੈਡਮੀ ਖੋਲ੍ਹੀ ਜਾਵੇਗੀ ਅਤੇ ਹਰ ਸਾਲ ਕਰਵਾਇਆ ਜਾਵੇਗਾ ਇੰਟਰ ਸਕੂਲ ਕ੍ਰਿਕਟ ਟੂਰਨਾਮੈਂਟ : ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ,5 ਨਵੰਬਰ ਗੁਰਦਾਸਪੁਰ ਪਬਲਿਕ ਸਕੂਲ, ਬਹਿਰਾਮਪੁਰ ਰੋਡ, ਗੁਰਦਾਸਪੁਰ ਵਿਖੇ ਸਕੂਲ ਦੇ ਸੰਸਥਾਪਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਸ੍ਰੀ ਖੁਸ਼ਹਾਲ ਬਹਿਲ ਦੀ ਯਾਦ ਅਤੇ ਉਨ੍ਹਾਂ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਇਆ ਗਿਆ ਚਾਰ ਰੋਜ਼ਾ ਪਹਿਲਾ ਇੰਟਰ ਸਕੂਲ ਕ੍ਰਿਕਟ ਟੂਰਨਾਮੈਂਟ ਅੱਜ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਗੁਰਦਾਸਪੁਰ ਐਜੂਕੇਸ਼ਨ ਸੋਸਾਇਟੀ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕੀਤੀ, ਜਦਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਮੁੱਖ ਮਹਿਮਾਨ ਵਜੋਂ ਅਤੇ ਐਸ.ਐਸ.ਪੀ. ਗੁਰਦਾਸਪੁਰ ਸ੍ਰੀ ਆਦਿਤਿਆ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਦੂਨ ਇੰਟਰਨੈਸ਼ਨਲ ਸਕੂਲ ਅਤੇ ਜਿਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ। ਦੂਨ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 15 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ 'ਤੇ 123 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਜਿਆ ਲਾਲ ਮਿੱਤਲ ਸਕੂਲ ਦੀ ਟੀਮ 105 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਤਰ੍ਹਾਂ ਦੂਨ ਇੰਟਰਨੈਸ਼ਨਲ ਸਕੂਲ ਨੇ ਸ਼ਾਨਦਾਰ ਜਿੱਤ ਦਰਜ ਕਰਕੇ ਪਹਿਲੇ ਇੰਟਰ ਸਕੂਲ ਕ੍ਰਿਕਟ ਟੂਰਨਾਮੈਂਟ ਦੀ ਟਰਾਫੀ ਆਪਣੇ ਨਾਂ ਕੀਤੀ। ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹਰਕੀਰਤ ਸਿੰਘ ਨੂੰ ਮੈਨ ਆਫ ਦੀ ਮੈਚ ਅਤੇ ਪਲੇਅਰ ਆਫ ਦਾ ਟੂਰਨਾਮੈਂਟ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਖੇਡ ਭਾਵਨਾ ਅਤੇ ਆਪਸੀ ਸਦਭਾਵਨਾ ਦਾ ਸੁਨੇਹਾ ਦਿੱਤਾ।
ਜੇਤੂ ਟੀਮ ਨੂੰ ਚੇਅਰਮੈਨ ਸ੍ਰੀ ਰਮਨ ਬਹਿਲ, ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਅਤੇ ਵਿਸ਼ੇਸ਼ ਮਹਿਮਾਨ ਐਸ.ਐਸ.ਪੀ. ਸ੍ਰੀ ਆਦਿਤਿਆ ਵੱਲੋਂ ਟਰਾਫੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਪਬਲਿਕ ਸਕੂਲ ਸਿਰਫ਼ ਵਿੱਦਿਆ ਪ੍ਰਦਾਨ ਕਰਨ ਵਾਲਾ ਅਦਾਰਾ ਹੀ ਨਹੀਂ, ਸਗੋਂ ਬੱਚਿਆਂ ਦੇ ਸਰਵਪੱਖੀ ਵਿਕਾਸ, ਉਨ੍ਹਾਂ ਵਿੱਚ ਚੰਗੇ ਸੰਸਕਾਰ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਵੀ ਵਚਨਬੱਧ ਹੈ। ਸ੍ਰੀ ਬਹਿਲ ਨੇ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਸਹਿਯੋਗ, ਸਹਿਣਸ਼ੀਲਤਾ ਅਤੇ ਹਾਰ ਨੂੰ ਸਵੀਕਾਰ ਕਰਕੇ ਮੁੜ ਅੱਗੇ ਵਧਣ ਦਾ ਜਜ਼ਬਾ ਪੈਦਾ ਕਰਦੀਆਂ ਹਨ। ਖੇਡ ਦੇ ਮੈਦਾਨ ਵਿੱਚ ਮਿਲਣ ਵਾਲੇ ਤਜਰਬੇ ਬੱਚਿਆਂ ਨੂੰ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਸਵਰਗੀ ਸ੍ਰੀ ਖੁਸ਼ਹਾਲ ਬਹਿਲ ਦੀ ਯਾਦ ਵਿੱਚ ਸ਼ੁਰੂ ਕੀਤਾ ਗਿਆ ਇਹ ਟੂਰਨਾਮੈਂਟ ਉਨ੍ਹਾਂ ਦੀ ਸੋਚ ਅਤੇ ਸਿੱਖਿਆ ਤੇ ਨੌਜਵਾਨ ਪੀੜ੍ਹੀ ਦੇ ਵਿਕਾਸ ਪ੍ਰਤੀ ਉਨ੍ਹਾਂ ਦੇ ਸੁਪਨਿਆਂ ਨੂੰ ਅੱਗੇ ਲਿਜਾਣ ਦਾ ਇੱਕ ਉਪਰਾਲਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸਕੂਲ ਵਿੱਚ ਜਲਦ ਹੀ ਕ੍ਰਿਕਟ ਅਕੈਡਮੀ ਸਥਾਪਿਤ ਕੀਤੀ ਜਾਵੇਗੀ, ਤਾਂ ਜੋ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਸਿਖਲਾਈ ਅਤੇ ਅੱਗੇ ਵਧਣ ਲਈ ਢੁੱਕਵਾਂ ਮੰਚ ਮਿਲ ਸਕੇ। ਇਸ ਦੇ ਨਾਲ ਹੀ ਹਰ ਸਾਲ ਇੰਟਰ ਸਕੂਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾਵੇਗਾ, ਤਾਂ ਜੋ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਰਹੇ।
ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਨੇ ਆਪਣੇ ਸੰਬੋਧਨ ਵਿੱਚ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਖੇਡਾਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਵਧਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਪੜ੍ਹਾਈ ਅਤੇ ਖੇਡਾਂ ਵਿਚਕਾਰ ਸੰਤੁਲਨ ਬਣਾਈ ਰੱਖਣ ਅਤੇ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਵਿਸ਼ੇਸ਼ ਮਹਿਮਾਨ ਐਸ.ਐਸ.ਪੀ. ਸ੍ਰੀ ਆਦਿਤਿਆ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਪ੍ਰਦਾਨ ਕਰਦੀਆਂ ਹਨ ਅਤੇ ਉਨ੍ਹਾਂ ਵਿੱਚ ਟੀਮ ਵਰਕ, ਅਨੁਸ਼ਾਸਨ ਤੇ ਅਗਵਾਈ ਕਰਨ ਦੇ ਗੁਣ ਵਿਕਸਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਉੱਤਮ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਖੇਡਾਂ ਨੂੰ ਵੀ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਜਿੱਤ-ਹਾਰ ਦੀ ਪ੍ਰਵਾਹ ਕੀਤੇ ਬਿਨਾਂ ਖੇਡ ਭਾਵਨਾ ਨਾਲ ਖੇਡਣ ਅਤੇ ਲਗਾਤਾਰ ਅਭਿਆਸ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਤੋਂ ਪਹਿਲਾਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਅਸਮਾਨ ਵਿੱਚ ਗੁਬਾਰੇ ਛੱਡ ਕੇ ਟੂਰਨਾਮੈਂਟ ਦਾ ਆਗਾਜ਼ ਕੀਤਾ ਸੀ। ਵਿਸ਼ੇਸ਼ ਮਹਿਮਾਨ ਨੇ ਖਿਡਾਰੀਆਂ ਨਾਲ ਕੁਝ ਸਮਾਂ ਕ੍ਰਿਕਟ ਖੇਡ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।
ਸਕੂਲ ਦੇ ਪ੍ਰਿੰਸੀਪਲ ਸ੍ਰੀ ਸੁੰਦੀਪ ਅਰੋੜਾ ਨੇ ਸਵਾਗਤੀ ਭਾਸ਼ਣ ਰਾਹੀਂ ਸਮੂਹ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਕੂਲ ਦੀਆਂ ਵਿੱਦਿਅਕ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ।
ਇਸ ਮੌਕੇ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਅਰਚਨਾ ਬਹਿਲ, ਮੈਨੇਜਿੰਗ ਕਮੇਟੀ ਮੈਂਬਰ ਸ੍ਰੀ ਧਰੂਵ ਬਹਿਲ ਅਤੇ ਸ੍ਰੀਮਤੀ ਰਾਬਿਆ ਬਹਿਲ, ਟੂਰਨਾਮੈਂਟ ਸਕੱਤਰ ਸ੍ਰੀ ਕਬੀਰ ਬਹਿਲ, ਪ੍ਰਿੰਸੀਪਲ ਸ੍ਰੀ ਸੁੰਦੀਪ ਅਰੋੜਾ, ਸਿਲੈਕਸ਼ਨ ਕਮੇਟੀ ਮੈਂਬਰ ਸ੍ਰੀ ਅਜੇ, ਸ੍ਰੀ ਰਾਕੇਸ਼ ਮਾਰਸ਼ਲ, ਸਰਕਾਰੀ ਕਾਲਜ ਦੀ ਕ੍ਰਿਕਟ ਕੋਚ ਸ੍ਰੀਮਤੀ ਪ੍ਰਿਆ ਰੰਧਾਵਾ, ਕੁਮੈਂਟੇਟਰ ਸ੍ਰੀ ਰਜਨੀਸ਼, ਕ੍ਰਿਕਟ ਕੋਚ ਸ੍ਰੀ ਵਿਸ਼ਾਲ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।