ਇੰਸਪੈਕਟਰ ਅੰਮ੍ਰਿਤਵੀਰ ਸਿੰਘ ਨੇ ਥਾਣਾ ਮੂਲੇਪੁਰ ਦਾ ਚਾਰਜ ਸੰਭਾਲਿਆ
ਫ਼ਤਹਿਗੜ੍ਹ ਸਾਹਿਬ 04 ਅਗਸਤ (ਗੁਰਪ੍ਰੀਤ ਸਿੰਘ ਜਖਵਾਲੀ): ਥਾਣਾ ਮੂਲੇਪੁਰ ਦੇ ਨਵੇਂ ਐਸ.ਐਚ.ਓ. ਵਜੋਂ ਇੰਸਪੈਕਟਰ ਅੰਮ੍ਰਿਤਵੀਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਉਹ ਮੰਡੀ ਗੋਬਿੰਦਗੜ੍ਹ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ।
ਚਾਰਜ ਸੰਭਾਲਣ ਤੋਂ ਬਾਅਦ ਇੰਸਪੈਕਟਰ ਅੰਮ੍ਰਿਤਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਇਲਾਕੇ ਦੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਆਪਣਾ ਗੈਰ-ਕਾਨੂੰਨੀ ਧੰਦਾ ਬੰਦ ਕਰ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਜੋ ਵਿਅਕਤੀ ਨਸ਼ੇ ਦੀ ਲਤ ਦਾ ਸ਼ਿਕਾਰ ਹਨ, ਉਨ੍ਹਾਂ ਨੂੰ ਪੁਲਿਸ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
ਇੰਸਪੈਕਟਰ ਅੰਮ੍ਰਿਤਵੀਰ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਸਬੰਧੀ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਥਾਣੇ ਵਿੱਚ ਆਉਣ ਵਾਲੇ ਹਰ ਵਿਅਕਤੀ ਨਾਲ ਪੂਰੇ ਮਾਣ-ਸਤਿਕਾਰ ਨਾਲ ਪੇਸ਼ ਆਇਆ ਜਾਵੇਗਾ। ਪੰਜਾਬ ਪੁਲਿਸ ਲੋਕਾਂ ਦੀ ਮਿੱਤਰ ਹੈ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਅਪਰਾਧ, ਚੋਰੀ ਅਤੇ ਠੱਗੀ ਵਰਗੀਆਂ ਘਟਨਾਵਾਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ।
- Download Babushahi App
-
-