ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ਦੇ ਨਾਲ ਚੱਟਾਨ ਵਾਂਗ ਖੜਨ ਦਾ ਦਾਅਵਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 23 ਜੁਲਾਈ 2021: ਹਲਕਾ ਸੁਲਤਾਨਪੁਰ ਲੋਧੀ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਂਬਰ ਪੀ. ਏ .ਸੀ. ਇੰਜੀਨੀਅਰ ਸਵਰਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੁੱਢ ਤੋਂ ਹੀ ਕਿਸਾਨ ਅੰਦੋਲਨ ਦੇ ਨਾਲ ਚੱਟਾਨ ਵਾਂਗ ਖਡ਼੍ਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਖਾਤਰ ਭਾਜਪਾ ਨਾਲ ਆਪਣਾ ਦਹਾਕਿਆਂ ਪੁਰਾਣਾ ਅਲਾਇੰਸ ਤੋੜਨ ਤੋਂ ਵੀ ਗੁਰੇਜ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਖਾਤਰ ਆਪਣੇ ਮੰਤਰੀ ਪਦ ਦੇ ਅਹੁਦੇ ਦੀ ਪਰਵਾਹ ਨਹੀਂ ਕੀਤੀ ਅਤੇ ਅਸਤੀਫਾ ਦੇ ਦਿੱਤਾ । ਇੱਥੇ ਹੀ ਬਸ ਨਹੀਂ ਜਦੋਂ ਵੀ ਸੰਸਦ ਵਿੱਚ ਮੌਕਾ ਲੱਗਾ ਬੀਬਾ ਹਰਸਿਮਰਤ ਕੋਰ ਬਾਦਲ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਆਵਾਜ਼ ਉਠਾਈ ਅਤੇ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹਾਅ ਦਾ ਨਾਅਰਾ ਮਾਰਿਆ।
ਉਨ੍ਹਾਂ ਕਿਹਾ ਇਸੇ ਤਰ੍ਹਾਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਸ ਮੌਕੇ ਦਿੱਲੀ ਧਰਨੇ 'ਤੇ ਪਹੁੰਚ ਕੇ ਕਿਸਾਨ ਆਗੂ ਨਰੇਸ਼ ਟਿਕੈਤ ਦੇ ਮੋਢੇ ਨਾਲ ਮੋਢਾ ਜੋਡ਼ ਕੇ ਕੇਂਦਰ ਸਰਕਾਰ ਨੂੰ ਦਿਖਾ ਦਿੱਤਾ ਕਿ ਉਹ ਕਿਸਾਨਾਂ ਦੇ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਚੱਟਾਨ ਵਾਂਗ ਖਡ਼੍ਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਗੱਲ ਨੂੰ ਹੋਰ ਵੀ ਪੁਖਤਾ ਕਰਦਿਆਂ ਬਿਆਨ ਜਾਰੀ ਕੀਤਾ ਹੈ ਕਿ ਉਹ ਕੇਂਦਰ ਸਰਕਾਰ ਉੱਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਬਾਅ ਬਣਾ ਕੇ ਸਾਹ ਲੈਣਗੇ। ਉਨ੍ਹਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਕਿਸਾਨ ਅੰਦੋਲਨ ਦੇ ਹੱਕ ਵਿੱਚ ਲਿਆ ਗਿਆ ਇਹ ਸਟੈਂਡ ਬਹੁਤ ਹੀ ਸ਼ਲਾਘਾਯੋਗ ਹੈ ਜਿਸ ਦੀ ਸਮੁੱਚੇ ਹਲਕੇ ਵਿੱਚ ਪ੍ਰਸੰਸਾ ਹੋ ਰਹੀ ਹੈ। ਇੰਜਨੀਅਰ ਸਵਰਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਉੱਪਰਲੀ ਲੀਡਰਸ਼ਿਪ ਹੀ ਨਹੀਂ ਬਲਕਿ ਹੇਠਲੀ ਲੀਡਰਸ਼ਿਪ ਵੀ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਚਟਾਨ ਵਾਂਗ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਇਕਜੁੱਟ ਹੋ ਕੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਸਾਹ ਲਵਾਂਗੇ।