ਨਰਮੇ ਦੀ ਫਸਲ ਹੇਠ ਰਕਬਾ ਵਧਾਉਣ ਲਈ ਪੰਜਾਬ ਸਰਕਾਰ ਕਰ ਰਹੀ ਹੈ ਵਿਸ਼ੇਸ਼ ਉਪਰਾਲੇ:—ਮੁੱਖ ਖੇਤੀਬਾੜੀ ਅਫਸਰ
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ 2025- ਖੇਤੀਬਾੜੀ ਮੰਤਰੀ ਪੰਜਾਬ ਅਤੇ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਤੇ ਫ਼ਸਲੀ ਵਿਭਿੰਨਤਾ ਅਧੀਨ ਨਰਮਾ ਪੱਟੀ ਵਾਲੇ ਜਿ਼ਲਿ੍ਹਆਂ ਵਿੱਚ ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਕਿਸਾਨਾਂ ਨੂੰ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਸਬੰਧ ਵਿੱਚ ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿ਼ਲ੍ਹੇ ਦੇ ਪਿੰਡ ਬੱਲਮਗੜ੍ਹ ਅਤੇ ਲੰਬੀ ਢਾਬ ਵਿਖੇ ਨਰਮੇਂ ਦੀ ਬਿਜਾਈ ਕਰ ਰਹੇ ਕਿਸਾਨਾਂ ਤੱਕ ਮੌਕੇ ਤੇ ਪਹੁੰਚ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕਦਿਆਂ ਨਰਮੇਂ ਦੇ ਬੀ.ਟੀ. ਬੀਜ਼ ਤੇ ਬੀਜ਼ ਦੀ ਕੁੱਲ ਕੀਮਤ ਦਾ 33 ਪ੍ਰਤੀਸ਼ਤ ਹਿੱਸਾ ਸਬਸਿਡੀ ਦਿੱਤੀ ਜਾ ਰਹੀ ਹੈ। ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ, 10 ਬੀ.ਟੀ. ਬੀਜ਼ ਦੇ ਪੈਕੇਟਾਂ ਤੇ ਹੀ ਸਬਸਿਡੀ ਮਿਲੇਗੀ। ਇਹ ਸਬਸਿਡੀ ਕੇਵਲ ਪੀ.ਏ.ਯੂ. ਵੱਲੋਂ ਸਿ਼ਫਾਰਸ਼ ਕੀਤੀਆਂ ਕਿਸਮਾਂ ਤੇ ਹੀ ਮਿਲੇਗੀ। ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ www.agrimachinerypb.com ਪੋਰਟਲ ਉਪਰ 31 ਮਈ ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਬਸਿਡੀ ਲਈ ਅਪਲਾਈ ਕਰਨ ਸਮੇਂ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ/ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਗੇਤੇ ਬੀਜ਼ੇ ਗਏ ਨਰਮੇਂ ਦੀ ਫ਼ਸਲ ਤੇ ਕੀੜੇ ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ ਅਤੇ ਝਾੜ ਵੱਧ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਨਰਮੇਂ ਦੀ ਅਗੇਤੀ ਬਿਜਾਈ ਲਈ 13 ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਲਈ ਨਹਿਰੀ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਟੇਲ ਐਂਡ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ। ਬਿਜਾਈ ਵਾਲੇ ਇਨ੍ਹਾਂ ਦਿਨਾਂ ਦੌਰਾਨ ਨਰਮੇਂ ਵਾਲੇ ਪਿੰਡਾਂ ਵਿੱਚ ਟਿਊਬਵੈਲਾਂ ਤੇ ਬਿਜਲੀ ਦੀ ਸਪਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਛਟੀਆਂ ਦੇ ਪ੍ਰਬੰਧਨ ਤੋਂ ਇਲਾਵਾ ਜਿ਼ੰਨਿੰਗ ਅਤੇ ਆਇਲ ਮਿੱਲਾਂ ਵਿੱਚ ਵੀ ਲੋੜੀਂਦੇ ਪ੍ਰਬੰਧਨ ਕਰਵਾਏ ਗਏ ਹਨ। ਨਰਮੇ਼ ਦੀ ਫ਼ਸਲ ਨੂੰ ਚਿੱਟੇ ਮੱਛਰ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਵੀ ਚਲਾਈ ਗਈ ਹੈ। ਅੰਤ ਵਿੱਚ ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਤੂੜੀ ਬਣਾਉਣ ਉਪਰੰਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ। ਨਰਮੇਂ ਦੀ ਬਿਜਾਈ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਨਰਮੇਂ ਦੀ ਬਿਜਾਈ ਹੇਠ ਰਕਬਾ ਵਧਾਇਆ ਜਾਵੇ, ਜਿ਼ਲ੍ਹੇ ਅੰਦਰ ਸੱਠੀ ਮੂੰਗੀ ਦੀ ਬਿਜਾਈ ਨਾ ਕੀਤੀ ਜਾਵੇ, ਖੇਤਾਂ ਦੁਆਲੇ ਉਘੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ, ਜੇਕਰ ਕਿਸੇ ਕਿਸਾਨ ਨੇ ਅਜੇ ਤੱਕ ਛਟੀਆਂ ਦਾ ਪ੍ਰਬੰਧਨ ਨਹੀਂ ਕੀਤਾ ਤਾਂ ਤੁਰੰਤ ਛਟੀਆਂ ਝਾੜ ਕੇ ਇਸ ਦੀ ਰਹਿੰਦ ਖੂੰਹਦ ਨੂੰ ਨਸ਼ਟ ਕਰ ਦਿੱਤਾ ਜਾਵੇ ਅਤੇ ਕਿਸੇ ਗਲਤ ਪ੍ਰਚਾਰ ਅਧੀਨ ਆ ਕੇ ਗੁਜਰਾਤ ਤੋਂ ਬੀਜ਼ ਲਿਆ ਕੇ ਨਾ ਬੀਜਿ਼ਆ ਜਾਵੇ। ਇਸ ਤੋਂ ਇਲਾਵਾ ਬੀਜ਼, ਖਾਦ ਅਤੇ ਦਵਾਈਆਂ ਖ੍ਰੀਦ ਦੇ ਸਮੇਂ ਪੱਕਾ ਬਿੱਲ ਲਿਆ ਜਾਵੇ ਅਤੇ ਜੇਕਰ ਕੋਈ ਡੀਲਰ ਅਣਚਾਹੀ ਖੇਤੀ ਸਮੱਗਰੀ ਖਰੀਦਣ ਲਈ ਕਿਸਾਨ ਨੂੰ ਮਜ਼ਬੂਰ ਕਰਦਾ ਹੈ ਤਾਂ ਉਸ ਦੀ ਸੂਚਨਾਂ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਦਿੱਤੀ ਜਾਵੇ। ਇਸ ਮੌਕੇ ਸ਼੍ਰੀ ਸੁਖਜਿੰਦਰ ਸਿੰਘ, ਏ.ਡੀ.ਓ, ਸ਼੍ਰੀ ਸ਼ਵਿੰਦਰ ਸਿੰਘ ਏ.ਡੀ.ਓ, ਸ਼੍ਰੀ ਗਗਨਦੀਪ ਸਿੰਘ ਡੀ.ਪੀ.ਡੀ. ਤੋ ਇਲਾਵਾਂ ਖੇਤੀਬਾੜੀ ਵਿਭਾਗ ਦੇ ਹੋਰ ਕਰਮਚਾਰੀ ਅਤੇ ਕਿਸਾਨ ਵੀ ਮੌਜੂਦ ਸਨ।