ਨਸ਼ਾ ਮੁਕਤੀ ਯਾਤਰਾ: ਬਠਿੰਡਾ ਜ਼ਿਲ੍ਹੇ ਦੇ ਵਿਧਾਇਕਾਂ ਵੱਲੋਂ ਨਸ਼ਾ ਰੋਕੂ ਕਮੇਟੀਆਂ ਦੇ ਨਾਲ ਮੀਟਿੰਗਾਂ
ਅਸ਼ੋਕ ਵਰਮਾ
ਬਠਿੰਡਾ, 17 ਮਈ 2025: ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ "ਨਸ਼ਾ ਮੁਕਤੀ ਯਾਤਰਾ" ਤਹਿਤ ਚੀਫ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ, ਬਲਜਿੰਦਰ ਕੌਰ, ਵਿਧਾਇਕ ਭੁਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ, ਚੇਅਰਮੈਨ ਨਗਰ ਸੁਧਾਰ ਟਰਸਟ ਸ ਜਤਿੰਦਰ ਸਿੰਘ ਭੱਲਾ ਅਤੇ ਚੈਅਰਮੈਨ ਅਮ੍ਰਿਤ ਲਾਲ ਅਗਰਵਾਲ ਨੇ ਅੱਜ ਦੂਸਰੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਲਈ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ।
ਚੀਫ਼ ਵਿਪ ਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ ਬਲਜਿੰਦਰ ਕੌਰ ਨੇ ਪਿੰਡ ਬੰਗੀ ਰੁਲਦੂ, ਲਾਲੇਆਣਾ ਅਤੇ ਭਾਗੀਵਾਂਦਰ 1 ਵਿਖੇ ਬਣਾਈਆਂ ਨਸ਼ਾ ਰੋਕੋ ਕਮੇਟੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨਸ਼ੇ ਨੂੰ ਜੜੋ ਪੁੱਟਣ ਲਈ ਤਤਪਰ ਹੈ। ਉਹਨਾਂ ਕਿਹਾ ਕਿ ਜਿਹੜੇ ਨਸ਼ਾ ਪੀੜਤ ਹਨ, ਉਹਨਾਂ ਦਾ ਇਲਾਜ ਕਰਵਾਉਣਾ ਹੈ ਤੇ ਜਿਹੜੇ ਨਸ਼ੇ ਵੇਚਦੇ ਹਨ, ਉਹ ਕਿਸੇ ਵੀ ਹਾਲ ਬਖ਼ਸ਼ੇ ਨਹੀਂ ਜਾਣਗੇ। ਕਈ ਵਾਰ ਨੌਜਵਾਨਾਂ ਨੂੰ ਵਰਗਲਾ ਕੇ ਨਸ਼ਿਆਂ ਵਿਚ ਪਾਇਆ ਜਾਂਦਾ ਹੈ ਪਰ ਕਈ ਵਾਰ ਪਰਿਵਾਰ ਵਾਲੇ ਇਹ ਗੱਲ ਕਿਸੇ ਨੂੰ ਦੱਸਦੇ ਨਹੀਂ, ਜਿਸ ਨਾਲ ਇਹ ਬਿਮਾਰੀ ਵਧਦੀ ਜਾਂਦੀ ਹੈ ਤੇ ਫੇਰ ਉਹਨਾਂ ਦਾ ਇਸ ਦਲਦਲ ਵਿਚੋਂ ਬਾਹਰ ਆਉਣਾ ਮੁਸ਼ਕਲ ਹੋ ਜਾਂਦਾ ਹੈ।
ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਪਿੰਡ ਤੁੰਗਵਾਲੀ, ਬੁਰਜ ਕਾਹਨ ਸਿੰਘ ਵਾਲਾ ਅਤੇ ਭੁੱਚੋ ਖੁਰਦ ਵਿਖੇ ਨਸ਼ਾ ਮੁਕਤੀ ਯਾਤਰਾ 'ਚ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਸੰਬੋਧਨ ਕਰਦਿਆਂ ਉਹਨਾਂ ਪੰਚਾਇਤਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਨਸ਼ਿਆਂ ਖਿਲਾਫ ਮਤੇ ਪਾਏ ਹਨ ਤੇ ਜਿਹੜੇ ਪਿੰਡਾਂ ਵਿੱਚ ਨਸ਼ੇ ਖਤਮ ਹੋਏ ਹਨ, ਉਹਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨਾਲ ਹੀ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਡੱਟ ਕੇ ਕੰਮ ਕਰਨ ਲਈ ਪ੍ਰੇਰਿਆ।
ਵਿਧਾਇਕ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਪਿੰਡ ਗੁਮਟੀ ਕਲਾ, ਦਿਆਲਪੁਰਾ ਮਿਰਜ਼ਾ ਅਤੇ ਕੋਠਾ ਗੁਰੂ ਕਾ 1 ਵਿਖੇ ਨਸ਼ਾ ਮੁਕਤੀ ਯਾਤਰਾ ਦੇ ਮੱਦੇਨਜ਼ਰ ਮੀਟਿੰਗਾਂ ਕੀਤੀਆਂ। ਉਹਨਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ। ਜਿਹੜੇ ਨੌਜਵਾਨ ਨਸ਼ੇ ਛੱਡਣ ਲਈ ਅੱਗੇ ਆਏ ਹਨ, ਉਹਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ।
ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਪਿੰਡ ਸੰਦੋਹਾ, ਖੋਖਰ, ਪਿਥੋ ਵਿਖੇ ਨਸ਼ਾ ਰੋਕੋ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਉਹਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਨਸ਼ੇ ਵੇਚ ਕੇ ਨਾਜਾਇਜ਼ ਉਸਾਰੀਆਂ ਕੀਤੀਆਂ ਹਨ, ਉਹਨਾਂ ਨੂੰ ਢਾਹਿਆ ਜਾ ਰਿਹਾ ਹੈ। ਹੇਠਲੇ ਪੱਧਰ ਤਕ ਸਾਰੇ ਲੋਕਾਂ ਨੂੰ ਜਾਗਰੂਕ ਕਰ ਕੇ ਇਸ ਬਿਮਾਰੀ ਨੂੰ ਖਤਮ ਕਰਨ ਦੀ ਲੋੜ ਹੈ। ਅੱਜ ਲੋਕਾਂ ਵੱਲੋਂ ਇਸ ਗੱਲ ਲਈ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ, ਕਿ ਵੱਡੇ ਤੋਂ ਵੱਡੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਆਪਣਾ ਫਰਜ਼ ਨਿਭਾਅ ਰਹੀ ਹੈ ਤੇ ਲੋਕ ਆਪਣਾ ਫਰਜ਼ ਨਿਭਾਉਣ।
ਇਸ ਦੌਰਾਨ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਸ਼ਹਿਰ ਦੇ ਵਾਰਡ ਨੰਬਰ 6, 7 ਅਤੇ 8 'ਚ ਬਣਾਈਆਂ ਨਸ਼ਾ ਰੋਕੋ ਰੱਖਿਆ ਕਮੇਟੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਆਪ ਸਰਕਾਰ ਬਣਨ 'ਤੇ ਪੰਜਾਬ ਦੇ ਹਾਲਾਤ ਸੁਧਰਨ ਵਾਲੇ ਪਾਸੇ ਮੁੜੇ ਹਨ ਤੇ ਅੱਜ ਪੰਜਾਬ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ ਅਤੇ ਪੰਜਾਬ ਵਿੱਚ ਨਸ਼ਾ ਕਿਸੇ ਵੀ ਕੀਮਤ ਉੱਤੇ ਵੀ ਰਹਿਣ ਨਹੀਂ ਦਿੱਤਾ ਜਾਵੇਗਾ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ ਜਤਿੰਦਰ ਸਿੰਘ ਭੱਲਾ ਨੇ ਬਠਿੰਡਾ (ਦਿਹਾਤੀ) ਦੇ ਪਿੰਡ ਸੰਗਤ, ਗੁਰੂਸਰ ਸਹਿਣੇ ਵਾਲਾ ਤੇ ਗਹਿਰੀ ਬੁੱਟਰ ਵਿਖੇ ਵੀ ‘ਨਸ਼ਾ ਮੁਕਤੀ ਯਾਤਰਾ’ ਚ ਸ਼ਿਰਕਤ ਕੀਤੀ ਕੀਤੀ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਕੌਂਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋ, ਹਲਕਾ ਕੋਆਰਡੀਨੇਟਰ ਸ ਮਹਿੰਦਰ ਸਿੰਘ ਫੁੱਲੋਂਮਿੱਠੀ, ਜ਼ਿਲ੍ਹਾ ਪ੍ਰਧਾਨ ਸ਼੍ਰੀ ਅੰਕਿਤ ਅਗਰਵਾਲ, ਡਾਕਟਰ ਸ਼ੀਤਲ, ਕੌਂਸਲਰ ਵੀਨੂ, ਪਿੰਡਾਂ ਦੇ ਮੋਹਤਵਾਰ ਵਿਅਕਤੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾਂ ਵਲੋਂ ਸ਼ਿਰਕਤ ਕੀਤੀ ਗਈ।