ਸੁਪਰੀਮ ਕੋਰਟ ਵੱਲੋਂ ਨਗਰ ਨਿਗਮ ਬਠਿੰਡਾ ਦੇ ਮੁਅੱਤਲ ਐਕਸੀਅਨ ਗੁਰਪ੍ਰੀਤ ਬੁੱਟਰ ਦੀ ਜ਼ਮਾਨਤ ਅਰਜ਼ੀ ਰੱਦ
ਅਸ਼ੋਕ ਵਰਮਾ
ਬਠਿੰਡਾ, 20 ਮਈ 2025: ਸੁਪਰੀਮ ਕੋਰਟ ਨੇ ਨਗਰ ਨਿਗਮ ਬਠਿੰਡਾ ਦੇ ਮੁਅੱਤਲ ਐਕਸੀਅਨ ਗੁਰਪ੍ਰੀਤ ਸਿੰਘ ਬੁੱਟਰ ਦੀ ਜਮਾਨਤ ਅਰਜੀ ਖਾਰਜ ਕਰ ਦਿੱਤੀ ਹੈ। ਬੁੱਟਰ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਬਠਿੰਡਾ ਨੂੰ ਲੁੜੀਂਦਾ ਹੈ। ਲੰਘੇ ਤਿੰਨ ਮਹੀਨਿਆਂ ਤੋਂ ਫਰਾਰ ਚੱਲ ਰਹੇ ਬੁੱਟਰ ਨੂੰ ਅਜੇ ਤੱਕ ਵਿਜੀਲੈਂਸ ਗ੍ਰਿਫਤਾਰ ਨਹੀਂ ਕਰ ਸਕੀ ਹੈ। ਇਸ ਤੋਂ ਪਹਿਲਾਂ ਬੁੱਟਰ ਨੂੰ ਹਾਈ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਮਿਲੀ ਸੀ ਜਿਸ ਦੇ ਚਲਦਿਆਂ ਉਸ ਨੇ ਆਪਣੇ ਵਕੀਲਾਂ ਰਾਹੀਂ ਅਗਾਊ ਜਮਾਨਤ ਵਾਸਤੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਬਿਨਾਂ ਉਸਦੀ ਅਰਜੀ ਤੇ ਗੌਰ ਕੀਤਿਆਂ ਹੀ ਉਸਨੂੰ ਰੱਦ ਕਰ ਦਿੱਤਾ ਹੈ । ਹੁਣ ਐਕਸੀਅਨ ਗੁਰਪ੍ਰੀਤ ਬੁੱਟਰ ਕੋਲ ਵਿਜੀਲੈਂਸ ਅੱਗੇ ਪੇਸ਼ ਹੋਣ ਤੋਂ ਬਿਨਾਂ ਕੋਈ ਰਾਹ ਨਹੀਂ ਬਚਿਆ ਹੈ। ਬੁੱਟਰ ਦੀ ਅਗਾਂਊ ਜਮਾਨਤ ਅਰਜੀ ਰੱਦ ਹੋਣ ਸਬੰਧੀ ਪੁਸ਼ਟੀ ਡੀਐਸਪੀ ਵਿਜੀਲੈਂਸ ਕੁਲਵੰਤ ਸਿੰਘ ਨੇ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਬੁੱਟਰ ਦੀ ਜ਼ਮਾਨਤ ਪਟੀਸ਼ਨ ਸਥਾਨਕ ਅਦਾਲਤ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਵਿਚ ਆਪਣੀ ਪਟੀਸ਼ਨ ਦਾਇਰ ਕੀਤੀ ਸੀ, ਪਰ ਹੁਣ ਸੁਪਰੀਮ ਕੋਰਟ ਨੇ ਵੀ ਇਸ ਨੂੰ ਰੱਦ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਦੱਸਣਾ ਬਣਦਾ ਹੈ, ਕਿ 25 ਫਰਵਰੀ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਨਗਰ ਨਿਗਮ ਦੇ ਐਕਸੀਅਨ ਗੁਰਪ੍ਰੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਕਰਕੇ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਸੀ। ਇਹ ਕਾਰਵਾਈ ਗੁਰਪ੍ਰੀਤ ਸਿੰਘ ਵਿਰੁੱਧ ਲੰਬੇ ਸਮੇਂ ਤੋਂ ਚੱਲੀ ਆ ਰਹੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ, ਜਿਸ ਦੌਰਾਨ ਉਸ ਕੋਲ ਆਮਦਨ ਦੇ ਸਰੋਤਾਂ ਤੋਂ 1.83 ਕਰੋੜ ਰੁਪਏ ਵੱਧ ਜਾਇਦਾਦ ਪਾਈ ਗਈ ਸੀ। ਸੂਤਰ ਦੱਸਦੇ ਹਨ ਕਿ ਵਿਜੀਲੈਂਸ ਹੁਣ ਗੁਰਪ੍ਰੀਤ ਬੁੱਟਰ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ।