CM ਮਾਨ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ
- ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਤਕਰੀਬਨ 55,000 ਸਰਕਾਰੀ ਨੌਕਰੀਆਂ ਦੇ ਕੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੱਤਾ
- ਪਿਛਲੀਆਂ ਸਰਕਾਰਾਂ ਦੇ ਹੱਥ ਆਮ ਆਦਮੀ ਦੇ ਖ਼ੂਨ ਨਾਲ ਰੰਗੇ ਹੋਏ ਹਨ: ਭਗਵੰਤ ਸਿੰਘ ਮਾਨ
ਚੰਡੀਗੜ੍ਹ, 20 ਮਈ 2025 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।
ਇੱਥੇ 450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੇਂ ਭਰਤੀ ਹੋਏ ਨੌਜਵਾਨ ਹੁਣ ਸੂਬਾ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਦਿਲੋਂ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਨੂੰ ਖ਼ਤਮ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਨੌਜਵਾਨਾਂ ਦਾ ਸਮਰਥਨ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਯੁੱਧ ਨਸ਼ਿਆਂ ਵਿਰੁੱਧ ਵਰਗੀਆਂ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸੂਬੇ ਦੇ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਨ੍ਹਾਂ ਮੁਹਿੰਮਾਂ ਦੀ ਸਫ਼ਲਤਾ ਵਿੱਚ ਸਰਕਾਰ ਦਾ ਸਾਥ ਦੇਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ `ਚ ਨੌਜਵਾਨਾਂ ਨੂੰ 54,142 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਲਈ ਅੱਜ ਦਾ ਦਿਨ ਬਹੁਤ ਹੀ ਮਹੱਤਵਪੂਰਨ ਹੈ, ਜਿਨ੍ਹਾਂ ਨੇ ਮਕਾਨ ਉਸਾਰੀ, ਖੇਤੀਬਾੜੀ, ਜਲ ਸਰੋਤ, ਖੇਡਾਂ ਅਤੇ ਯੁਵਕ ਸੇਵਾਵਾਂ, ਸਥਾਨਕ ਸਰਕਾਰਾਂ, ਸਿਹਤ ਅਤੇ ਪਰਿਵਾਰ ਭਲਾਈ, ਸਕੂਲ ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਆਬਕਾਰੀ ਤੇ ਕਰ, ਵਿੱਤ ਅਤੇ ਸੈਰ-ਸਪਾਟਾ ਵਿਭਾਗਾਂ ਵਿੱਚ ਨੌਕਰੀ ਹਾਸਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਪ੍ਰਕਿਰਿਆ ਰਾਹੀਂ 54,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਮੀਲ ਪੱਥਰ ਸਥਾਪਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਹੱਥ ਖ਼ੂਨ ਨਾਲ ਰੰਗੇ ਹੋਏ ਹਨ, ਜਿਨ੍ਹਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਣ ਅਤੇ ਇਸ ਦੀ ਬਰਬਾਦੀ ਦੇ ਸਿਵਾਏ ਹੋਰ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਡੋਨੇਸ਼ਨ, ਪ੍ਰੀਮੀਅਮ ਅਤੇ ਹੋਰ ਕਈ ਢੰਗ-ਤਰੀਕਿਆਂ ਦੇ ਰੂਪ ਵਿੱਚ ਭ੍ਰਿਸ਼ਟਾਚਾਰ ਨੂੰ ਪ੍ਰਫੁੱਲਿਤ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਹਰ ਢੰਗ-ਤਰੀਕੇ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਨਾਗਰਿਕ-ਕੇਂਦਰਿਤ ਸੇਵਾਵਾਂ ਦੇਣਾ ਯਕੀਨੀ ਬਣਾਉਣ ਲਈ ਫੈਸਲਾਕੁਨ ਕਦਮ ਚੁੱਕੇ ਹਨ।
ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੱਤਾ ਸੰਭਾਲਣ ਵਾਲਿਆਂ ਨੇ ਬਸਤੀਵਾਦੀ ਸ਼ਾਸਕਾਂ ਤੋਂ ਵੀ ਵੱਧ ਬੇਰਹਿਮੀ ਨਾਲ ਦੇਸ਼ ਨੂੰ ਲੁੱਟਿਆ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦਾ ਇਹ ਦੇਖ ਕੇ ਦਿਲ ਦੁਖਦਾ ਹੋਵੇਗਾ ਕਿ ਜਿਨ੍ਹਾਂ ਤਾਕਤਾਂ ਨੂੰ ਉਨ੍ਹਾਂ ਨੇ ਆਜ਼ਾਦੀ ਸੰਘਰਸ਼ ਦੌਰਾਨ ਦੇਸ਼ ਤੋਂ ਬਾਹਰ ਕੱਢਿਆ, ਹੁਣ ਪੰਜਾਬ ਦੇ ਨੌਜਵਾਨ ਉਨ੍ਹਾਂ ਦੇ ਦੇਸ਼ਾਂ ਵਿੱਚ ਜਾ ਕੇ ਵਸਣ ਲਈ ਕਤਾਰਾਂ ਬੰਨ੍ਹੀ ਖੜ੍ਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਿਨ੍ਹਾਂ ਪੰਜਾਬੀਆਂ ਨੇ ਕਦੇ ਬਸਤੀਵਾਦ ਵਿਰੁੱਧ ਲੜਾਈ ਦੀ ਅਗਵਾਈ ਕੀਤੀ ਸੀ, ਅੱਜ ਉਹ ਵਿਦੇਸ਼ਾਂ ਵਿੱਚ ਪਰਵਾਸ ਲਈ ਸਭ ਤੋਂ ਅੱਗੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਆਪ ਦੀ ਸਰਕਾਰ ਵੱਲੋਂ 55,000 ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ `ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣਾ ਹੈ। ਭਗਵੰਤ ਸਿੰਘ ਮਾਨ ਨੇ ਖੁਸ਼ੀ ਨਾਲ ਕਿਹਾ ਕਿ ਅੱਜ ਬਹੁਤ ਸਾਰੇ ਨੌਜਵਾਨ ਜੋ ਕਦੇ ਵਿਦੇਸ਼ ਜਾਣ ਦੀ ਸੋਚ ਰਹੇ ਸਨ, ਹੁਣ ਸਰਕਾਰੀ ਨੌਕਰੀਆਂ ਲੈਣ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੀਆਂ ਨਿਯੁਕਤੀਆਂ ਸਿਰਫ਼ ਯੋਗਤਾ ਦੇ ਆਧਾਰ `ਤੇ ਕੀਤੀਆਂ ਗਈਆਂ ਹਨ, ਜਿਸ ਵਿੱਚ ਉਮੀਦਵਾਰ ਮੁਕਾਬਲੇ ਦੀਆਂ ਸਖ਼ਤ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਨੌਕਰੀ ਹਾਸਲ ਕਰਨ ਵਿੱਚ ਸਫ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਹੀ ਸਰਕਾਰ ਦਾ ਏਜੰਡਾ ਨੌਜਵਾਨਾਂ ਨੂੰ ਸੁਰੱਖਿਅਤ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਰਿਹਾ ਹੈ ਤਾਂ ਜੋ ਉਹ ਸੂਬੇ ਅਤੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੋਜ਼ਗਾਰ ਮੁਹਿੰਮ ਨੇ ਨੌਜਵਾਨਾਂ ਵਿੱਚ ਨਕਾਰਾਤਮਕਤਾ ਨੂੰ ਦੂਰ ਕਰਨ ਵਿੱਚ ਮਦਦ ਕੀਤੀ ਹੈ, ਜਿਸ ਸਦਕਾ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦੀਆਂ ਆਪਣੀਆਂ ਯੋਜਨਾਵਾਂ ਨੂੰ ਬਦਲ ਕੇ ਦੇਸ਼ ਵਿੱਚ ਹੀ ਰਹਿ ਕੇ ਨੌਕਰੀ ਕਰਨ ਦਾ ਮਨ ਬਣਾ ਰਹੇ ਹਨ।
ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਪਿਛਲੇ 75 ਸਾਲਾਂ ਦੌਰਾਨ ਅਜਿਹੇ ਕਦਮ ਕਿਉਂ ਨਹੀਂ ਚੁੱਕੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਜਿਹੀਆਂ ਪਹਿਲਕਮਦੀਆਂ ਵਿੱਚ ਅਸਫ਼ਲ ਰਹੀਆਂ ਅਤੇ ਉਨ੍ਹਾਂ ਨੇ ਸਿਸਟਮ ਨੂੰ ਵਿਗੜਨ ਦਿੱਤਾ, ਜਿਸ ਕਾਰਨ ਨੌਜਵਾਨਾਂ ਨੂੰ ਮੌਕਿਆਂ ਦੀ ਭਾਲ ਵਿੱਚ ਮਜਬੂਰਨ ਦੇਸ਼ ਤੋਂ ਬਾਹਰ ਜਾਣ ਦਾ ਰਾਹ ਚੁਣਨਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਭਾਰਤ ਦੀ ਖੜਗ ਭੁਜਾ ਵੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਾਸੀ ਆਲਮੀ ਪੱਧਰ `ਤੇ ਆਪਣੀ ਹਿੰਮਤ, ਲਚਕੀਲੇਪਣ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਅਮੀਰੀ ਅਤੇ ਮਹਿਮਾਨ ਨਿਵਾਜ਼ੀ ਬੇਮਿਸਾਲ ਹੈ ਅਤੇ ਇਥੋਂ ਦੇ ਲੋਕਾਂ ਵਿੱਚ ਲੀਡਰਸ਼ਿਪ ਦੇ ਬੇਮਿਸਾਲ ਗੁਣ ਹਨ। ਹੁਣ ਜਦੋਂ ਇਹ ਨੌਜਵਾਨ ਸਰਕਾਰ ਦਾ ਹਿੱਸਾ ਬਣ ਗਏ ਹਨ ਤਾਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਮਿਸ਼ਨਰੀ ਜੋਸ਼ ਨਾਲ ਜਨਤਾ ਦੀ ਸੇਵਾ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਉਹ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਸਹਾਇਤਾ ਲਈ ਕਰਨਗੇ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸਮਰਥਨ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕਰਦਿਆਂ ਕਿਹਾ ਕਿ ਜਿਵੇਂ ਰਨਵੇਅ ਜਹਾਜ਼ ਦੀ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਮਦਦ ਕਰਦੇ ਹਨ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ ਅਤੇ ਇਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਪ੍ਰੇਰਿਆ। ਅੰਤ ਵਿੱਚ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਫ਼ਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ, ਜੋ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੰਜਾਬ ਵਿੱਚ ਰਹਿਣ ਲਈ ਉਤਸ਼ਾਹਿਤ ਕੀਤਾ, ਜਿੱਥੇ ਵਿਕਾਸ ਅਤੇ ਖੁਸ਼ਹਾਲੀ ਦੇ ਅਥਾਹ ਮੌਕੇ ਨੌਜਵਾਨਾਂ ਦੀ ਉਡੀਕ ਕਰ ਰਹੇ ਹਨ।
ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ਉੱਤੇ ਲੈ ਜਾਣ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਵਚਨਬੱਧਤਾ ਅਤੇ ਮਿਸ਼ਨਰੀ ਜੋਸ਼ ਨਾਲ ਨਿਭਾਉਣਗੇ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਡਾ. ਰਵਜੋਤ ਸਿੰਘ ਅਤੇ ਹੋਰ ਵੀ ਮੌਜੂਦ ਸਨ।