ਪਹਿਲੀ ਵਾਰ CM ਮਾਨ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ
- ਲੋਕਾਂ ਨੂੰ ਇੱਕੋ ਛੱਤ ਹੇਠ ਨਾਗਰਿਕ-ਕੇਂਦਰਿਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਸਥਾਪਤ ਕੀਤਾ ਸਹਾਇਤਾ ਕੇਂਦਰ
ਧੂਰੀ (ਸੰਗਰੂਰ), 21 ਮਈ 2025 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਹਲਕੇ ਦੇ ਵਸਨੀਕਾਂ ਲਈ ਅਸਰਦਾਰ, ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਇੱਥੇ ਨਵਾਂ ਬਣਿਆ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਕੇਂਦਰ ਨੂੰ ਸਮਰਪਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਧੂਰੀ ਹਲਕੇ ਦੇ ਵਸਨੀਕਾਂ ਲਈ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਤੱਕ ਪਹੁੰਚ ਕਰਨ ਲਈ ‘ਸਿੰਗਲ ਵਿੰਡੋ ਸਿਸਟਮ’ ਵਜੋਂ ਕੰਮ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਲੋਕਾਂ ਅਤੇ ਸਰਕਾਰੀ ਦਫਤਰਾਂ ਦਰਮਿਆਨ ਪਾੜੇ ਨੂੰ ਖਤਮ ਕਰਨਾ, ਪਾਰਦਰਸ਼ਤਾ ਵਧਾਉਣਾ, ਧੂਰੀ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਲਈ ਡੇਟਾ ਅਤੇ ਇਸ ਦੇ ਵਿਸ਼ਲੇਸ਼ਣ ਤੱਕ ਪਹੁੰਚ ਨੂੰ ਬਿਹਤਰ ਬਣਾਉਣਾ ਅਤੇ ਨਾਗਰਿਕ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨਾਗਰਿਕ-ਕੇਂਦ੍ਰਿਤ ਸ਼ਾਸਨ ਨੂੰ ਉਤਸ਼ਾਹਿਤ ਕਰੇਗਾ, ਜਨਤਕ ਵਿਸ਼ਵਾਸ ਕਾਇਮ ਕਰੇਗਾ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਅਸਰਦਾਰ ਢੰਗ ਨਾਲ ਵਾਧਾ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ 1.21 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਹੈ ਅਤੇ ਇਸ ਵਿੱਚ ਛੇ ਕਾਊਂਟਰ ਅਤੇ ਇੱਕ ਰਿਸੈਪਸ਼ਨ ਡੈਸਕ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਇਕ ਮੀਟਿੰਗ-ਕਮ-ਕਾਨਫਰੰਸ ਹਾਲ ਵੀ ਸ਼ਾਮਲ ਹੈ। ਇਸ ਦਾ ਮੁੱਖ ਉਦੇਸ਼ ਜਨਤਾ ਅਤੇ ਸਰਕਾਰੀ ਦਫਤਰਾਂ ਵਿਚਕਾਰ ਤਾਲਮੇਲ ਨੂੰ ਬਿਹਤਰ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਜਨਤਕ ਮੁੱਦਿਆਂ ਦਾ ਸਮੇਂ ਸਿਰ ਹੱਲ ਕਰਨ ਵਿੱਚ ਮਦਦ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਤੇ ਪੀ.ਸੀ.ਐਸ. ਅਧਿਕਾਰੀ ਇਸ ਕੇਂਦਰ ਦਾ ਇੰਚਾਰਜ ਹੋਵੇਗਾ ਅਤੇ ਇਹ ਅਧਿਕਾਰੀ ਲੋਕਾਂ ਨੂੰ ਸੇਵਾਵਾਂ ਦੇਣ ਦੀ ਵਿਵਸਥਾ ਦੀ ਨਿਗਰਾਨੀ ਕਰੇਗਾ ਅਤੇ ਖੇਤਰ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਵੀ ਦੇਖ-ਰੇਖ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸਿਹਤ, ਮਾਲ, ਸਮਾਜਿਕ ਸੁਰੱਖਿਆ, ਪੁਲਿਸ ਅਤੇ ਪ੍ਰਸ਼ਾਸਨ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਕੇਂਦਰ ਵਿੱਚ ਮੌਜੂਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੇਂ ਸੇਵਾ ਕੇਂਦਰਾਂ ਰਾਹੀਂ 443 ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ ਇਹ ਨਵੀਂ ਸਹੂਲਤ ਲੋਕਾਂ ਨੂੰ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਕਰਨ ਵਿੱਚ ਮਦਦ ਕਰੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਪੈਨਸ਼ਨ ਸਕੀਮਾਂ, ਆਯੁਸ਼ਮਾਨ ਭਾਰਤ ਯੋਜਨਾ, ਅਸ਼ੀਰਵਾਦ ਯੋਜਨਾ, ਲੇਬਰ ਕਾਰਡ, ਆਧਾਰ ਕਾਰਡ ਅੱਪਡੇਟ ਅਤੇ ਹੋਰ ਬਹੁਤ ਸਾਰੀਆਂ ਸਕੀਮਾਂ ਲਈ ਫਾਰਮ ਭਰਨ ਪ੍ਰਕਿਰਿਆ ਇਸ ਕੇਂਦਰ ਵਿੱਚ ਹੀ ਹੋਇਆ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚੋਂ ਇੱਕ ਇਹ ਹੈ ਕਿ ਨਾਗਰਿਕਾਂ ਨੂੰ ਹੁਣ ਵਾਰ-ਵਾਰ ਦਫਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਇਸ ਦੀ ਬਜਾਏ ਕੰਮ ਪੂਰਾ ਹੋਣ ਤੱਕ ਇਹ ਕੇਂਦਰ ਸਬੰਧਤ ਵਿਭਾਗਾਂ ਕੋਲ ਪੈਰਵੀ ਕਰੇਗਾ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਂਝ ਕੇਂਦਰਾਂ ਰਾਹੀਂ ਪਾਸਪੋਰਟ ਜਾਰੀ ਕਰਨ, ਚਰਿੱਤਰ ਸਰਟੀਫਿਕੇਟ, ਐਫ.ਆਈ.ਆਰ., ਡੀ.ਡੀ.ਆਰ. ਦੀਆਂ ਕਾਪੀਆਂ ਅਤੇ ਲਾਊਡਸਪੀਕਰਾਂ ਅਤੇ ਸਮਾਗਮਾਂ ਲਈ ਐਨ.ਓ.ਸੀ. ਵਰਗੀਆਂ ਸੇਵਾਵਾਂ ਨਾਲ ਸਬੰਧਤ ਦਸਤਾਵੇਜ਼ ਤਿਆਰ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਉਦੇਸ਼ ਸਰਕਾਰੀ ਦਫ਼ਤਰਾਂ ਵਿੱਚ ਨਾਗਰਿਕਾਂ ਨੂੰ ਆਮ ਤੌਰ 'ਤੇ ਪੇਸ਼ ਆਉਣ ਵਾਲੀ ਪ੍ਰੇਸ਼ਾਨੀ ਨੂੰ ਖਤਮ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਕੇਂਦਰ ਆਮ ਲੋਕਾਂ ਲਈ ਉਮੀਦ ਦੀ ਕਿਰਨ ਬਣ ਕੇ ਉੱਭਰੇਗਾ।