ਸਿਹਤ ਵਿਭਾਗ ਵੱਲੋਂ ਗਰਮੀ ਦੇ ਮੱਦੇਨਜ਼ਰ ਅਡਵਾਇਜ਼ਰੀ ਜਾਰੀ
ਅਸ਼ੋਕ ਵਰਮਾ
ਨਥਾਣਾ/ਬਠਿੰਡਾ 22 ਮਈ 2025 :ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾ. ਨਵਦੀਪ ਕੌਰ ਸਰਾਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਲੂਅ ਤੋਂ ਆਪਣਾ ਬਚਾਅ ਕਰਨ ਲਈ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਡਾ. ਸਰਾਂ ਨੇ ਦੱਸਿਆ ਕਿ ਜੇਕਰ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ।
ਉਹਨਾਂ ਕਿਹਾ ਕਿ ਜੇਕਰ ਅਜਿਹੇ ਲੱਛਣ ਨਜ਼ਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ। ਓ.ਆਰ.ਐਸ. ਦਾ ਘੋਲ ਬਣਾ ਕੇ ਪਿਲਾਓ।
ਉਹਨਾਂ ਦੱਸਿਆ ਕਿ ਜੇਕਰ ਬੁਖਾਰ 104—105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ।
ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ।
ਉਹਨਾਂ ਕਿਹਾ ਕਿ ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ, ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ। ਬਲਾਕ ਐਜੂਕੇਟਰ ਪਵਨਜੀਤ ਕੌਰ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲੂਅ ਤੋਂ ਬਚਣ ਲਈ ਸਾਵਧਾਨੀਆਂ ਅਮਲ ਵਿੱਚ ਲਿਆਓ ਅਤੇ ਜ਼ਿਆਦਾ ਸਮਾਂ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ।