ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਜਾਰੀ
ਅਸ਼ੋਕ ਵਰਮਾ
ਬਠਿੰਡਾ 22 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ‘ਚ ਬੁਨਿਆਦੀ ਢਾਚੇ ਨੂੰ ਪ੍ਰਮੁੱਖ ਤਰਜੀਹ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਤਲਵੰਡੀ ਸਾਬੋ ਤੇ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੁਖਲੱਧੀ ਅਤੇ ਸਰਕਾਰੀ ਮਿਡਲ ਸਕੂਲ ਸ਼ੇਰਗੜ੍ਹ ਵਿਖੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਸਿੱਖਿਆ ਕ੍ਰਾਂਤੀ ਸਮਾਗਮ ਦੀ ਲੜੀ ਦੇ ਤਹਿਤ ਵਿਧਾਇਕ ਰਾਮਪੁਰਾ ਫੂਲ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਰਾਮਪੁਰਾ ਮੰਡੀ ਵਿਖੇ ਸਕੂਲ ਦੇ ਮੁਕੰਮਲ ਹੋਏ ਵਿਕਾਸ ਕਾਰਜ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੰਜਾਬ ਭਰ ਦੇ ਸਕੂਲਾਂ ਦੀ ਲਗਾਤਾਰ ਕਾਇਆ-ਕਲਪ ਕੀਤੀ ਜਾ ਰਹੀ ਹੈ, ਜਿਸ ਨਾਲ ਸਕੂਲਾਂ ਦਾ ਬੁਨਿਆਦੀ ਢਾਂਚਾ ਪਹਿਲਾਂ ਨਾਲੋਂ ਕਿਤੇ ਬਿਹਤਰ ਤੇ ਸ਼ਾਨਦਾਰ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ ਦੇ ਕੇ ਅਧਿਆਪਨ ਦੇ ਖੇਤਰ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਮੌਜੂਦਾ ਮੁਕਾਬਲੇਬਾਜੀ ਦੇ ਦੌਰ ’ਚ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਰਹੇਗੀ।
ਚੇਅਰਮੈਨ ਸ਼੍ਰੀ ਰਾਕੇਸ਼ ਪੁਰੀ ਨੇ ਸਿੱਖਿਆ ਕ੍ਰਾਂਤੀ ਸਮਾਗਮ ਦੇ ਮੱਦੇਨਜ਼ਰ ਸਰਕਾਰੀ ਹਾਈ ਸਕੂਲ ਬਾਂਡੀ ਵਿਖੇ ਸਕੂਲ ਦੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆਂ ਸਿੱਖਿਆ ਮੁਹੱਈਆ ਕਰਵਾ ਸਕਣ।
ਸਮਾਗਮਾਂ ਮੌਕੇ ਸਕੂਲ ਦਾ ਸਮੂਹ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਪਿੰਡ ਦੀ ਪੰਚਾਇਤ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।