ਵਿਧਾਇਕ ਬੱਲੂਆਣਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ
ਅਬੋਹਰ 24 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਗਰੂਕਤਾ ਸਭਾਵਾਂ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਨਸ਼ਾ ਮੁਕਤੀ ਯਾਤਰਾ ਤਹਿਤ ਹੋ ਰਹੀਆਂ ਇਹਨਾਂ ਜਾਗਰੂਕਤਾ ਸਭਾਵਾਂ ਦੀ ਲੜੀ ਵਿੱਚ ਵਿਧਾਇਕ ਬੱਲੂਆਣਾ ਨੇ ਪਿੰਡ ਬਜੀਦਪੁਰ ਭੋਮਾ, ਚੱਕ ਰਾਧੇ ਵਾਲਾ ਅਤੇ ਰਾਮਪੁਰਾ ਨਰਾਇਣ ਪੁਰਾ ਵਿੱਚ ਭਰਵੇਂ ਇਕੱਠਾਂ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦਾ ਮੁਕੰਮਲ ਖਾਤਮਾ ਕਰਨ ਦਾ ਇਹ ਸਹੀ ਵੇਲਾ ਹੈ ਜਿਸ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸਾਰੇ ਲੋਕਾਂ ਦੇ ਸਹਿਯੋਗ ਨਾਲ ਨੇਪਰੇ ਚੜਾਇਆ ਜਾਵੇਗਾ। ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਮਿਸਾਲੀ ਕਾਰਵਾਈ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਕਾਲੀ ਕਮਾਈ ਨਾਲ ਬਣਾਈਆਂ ਪ੍ਰਾਪਰਟੀਆਂ ਨੂੰ ਰੋਜ਼ਾਨਾ ਦੇ ਆਧਾਰ 'ਤੇ ਬੁਲਡੋਜ਼ਰ ਨਾਲ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰਥਕ ਯਤਨਾਂ ਨਾਲ ਆਮ ਨਾਗਰਿਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਇਸ ਗੱਲੋਂ ਪੂਰੀ ਤਰ੍ਹਾਂ ਆਸਵੰਦ ਹਨ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਦਾ ਜਿਹੜਾ ਟੀਚਾ ਮਿਥਿਆ ਹੈ ਉਸ ਨੂੰ ਪੂਰਾ ਕਰਕੇ ਦਿਖਾਇਆ ਜਾਵੇਗਾ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਇਹ ਪ੍ਰਣ ਲਿਆ ਗਿਆ ਹੈ ਕਿ ਨਸ਼ਿਆਂ ਦੇ ਕੋਹੜ ਦਾ ਮੁਕੰਮਲ ਤੌਰ 'ਤੇ ਸਫਾਇਆ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਦੀ ਭਰਪੂਰ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਲੋਕ ਖੁਦ ਨਸ਼ਿਆਂ ਵਰਗੀ ਭੈੜੀ ਲਾਹਣਤ ਦਾ ਸਫਾਇਆ ਕਰਨ ਲਈ ਸਰਗਰਮ ਹਨ।
ਇਸ ਮੌਕੇ ਪਿੰਡਾਂ ਦੇ ਨਿਵਾਸੀਆਂ ਨੇ ਨਸ਼ਾ ਨਾ ਕਰਨ ਦਾ ਪ੍ਰਣ ਵੀ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ