ਲੁਧਿਆਣਾ ਪੱਛਮੀ ਜ਼ਿਮਨੀ ਚੋਣ: ACEO ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ - ਦਿਸ਼ਾ-ਨਿਰਦੇਸ਼ਾਂ ਬਾਰੇ ਦਿੱਤੀ ਜਾਣਕਾਰੀ
- ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਦਿੱਤੀ ਜਾਣਕਾਰੀ
ਚੰਡੀਗੜ੍ਹ, 26 ਮਈ 2025 - ਵਧੀਕ ਮੁੱਖ ਚੋਣ ਅਧਿਕਾਰੀ (ਏ.ਸੀ.ਈ.ਓ.) ਹਰੀਸ਼ ਨਈਅਰ ਨੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਦੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ, ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੋਰ ਮਹੱਤਵਪੂਰਨ ਚੋਣ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਜਾ ਸਕੇ।
ਜ਼ਿਮਨੀ ਚੋਣਾਂ ਸਬੰਧੀ ਜਾਰੀ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਨਈਅਰ ਨੇ ਦੱਸਿਆ ਕਿ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ 26 ਮਈ (ਸੋਮਵਾਰ) ਨੂੰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ ਜਦੋਂ ਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ 26 ਮਈ ਤੋਂ 2 ਜੂਨ ਤੱਕ (ਐਤਵਾਰ, 1 ਜੂਨ, 2025 ਨੂੰ ਛੱਡ ਕੇ) ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੀਆਂ ਜਾ ਸਕਦੀਆਂ ਹਨ। ਵੋਟਾਂ ਪਾਉਣ ਦਾ ਸਮਾਂ ਮਿਤੀ 19.6.2025 ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਸੀਟ ‘ਤੇ ਚੋਣ ਲੜਨ ਲਈ, ਉਮੀਦਵਾਰ ਉਸ ਸੂਬੇ ਦੇ ਕਿਸੇ ਵੀ ਹਲਕੇ ਵਿੱਚ ਵੋਟਰ ਵਜੋਂ ਰਜਿਸਟਰਡ ਹੋਣਾ ਚਾਹੀਦਾ ਹੈ। ਇਸ ਸਬੰਧੀ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫਸਰ ਤੋਂ ਮਨਜ਼ੂਰੀ ਲੈਣ ਲਈ, ਮੌਜੂਦਾ ਵੋਟਰ ਸੂਚੀ ਦੀ ਸਬੰਧਿਤ ਐਂਟਰੀ ਦੀ ਇੱਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਚੋਣਾਂ ਵਾਲੇ ਦਿਨ ਕਮਿਸ਼ਨ ਨੇ ਚੋਣ ਕਾਨੂੰਨਾਂ ਮੁਤਾਬਕ ਪੋਲਿੰਗ ਸਟੇਸ਼ਨ ਦੇ ਦਾਖਲੇ ਵਾਲੇ ਸਥਾਨਾਂ ਤੋਂ 100 ਮੀਟਰ ਦੀ ਦੂਰੀ ਤੱਕ ਚੋਣ ਪ੍ਰਚਾਰ ਲਈ ਮਨਜ਼ੂਰਸ਼ੁਦਾ ਮਾਪਦੰਡਾਂ ਨੂੰ ਤਰਕਸੰਗਤ ਬਣਾਇਆ ਹੈ।
ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਵੱਖ-ਵੱਖ ਭਾਸ਼ਾਵਾਂ ਦੇ ਦੋ ਅਖਬਾਰਾਂ ਵਿੱਚ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਤਿੰਨ ਵਾਰ ਪ੍ਰਕਾਸ਼ਿਤ ਕਰਨ ਦੀ ਵੀ ਜ਼ਰੂਰਤ ਹੈ। ਏ.ਸੀ.ਈ.ਓ. ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ ਭਾਵ 25.05.2025 ਤੋਂ ਸਬੰਧਤ ਵਿਧਾਨ ਸਭਾ ਹਲਕੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਈਅਰ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਚੋਣ ਪ੍ਰਕਿਰਿਆ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।