ਨਸ਼ਾ ਮੁਕਤੀ ਯਾਤਰਾ ਨੂੰ ਪਟਿਆਲਾ ਜ਼ਿਲ੍ਹੇ 'ਚ ਮਿਲ ਰਿਹੈ ਭਰਵਾਂ ਹੁੰਗਾਰਾ : ਡਾ. ਬਲਬੀਰ ਸਿੰਘ
- ਸਿਹਤ ਮੰਤਰੀ ਵੱਲੋਂ ਪਿੰਡ ਸਿੱਧੂਵਾਲ, ਬਖਸ਼ੀਵਾਲਾ, ਕਾਠ ਮੱਠੀ, ਲਚਕਾਣੀ, ਲੰਗ ਤੇ ਸਿਊਣਾ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਬੈਠਕਾਂ
- ਨਸ਼ਾ ਮੁਕਤੀ ਯਾਤਰਾ 'ਚ ਲੋਕ ਆਪ ਮੁਹਾਰੇ ਸ਼ਾਮਲ ਹੋਣ ਲੱਗੇ : ਡਾ. ਬਲਬੀਰ ਸਿੰਘ
ਪਟਿਆਲਾ, 29 ਮਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਿੰਡ ਸਿੱਧੂਵਾਲ, ਬਖਸ਼ੀਵਾਲਾ, ਕਾਠ ਮੱਠੀ, ਲਚਕਾਣੀ, ਲੰਗ ਤੇ ਸਿਊਣਾ ਵਿੱਚ ਬਣੀਆਂ ਵਿਲੇਜ ਡਿਫੈਂਸ ਕਮੇਟੀਆਂ ਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਉਨ੍ਹਾਂ ਨਾਲ ਨਸ਼ਿਆਂ ਦੇ ਖ਼ਾਤਮੇ ਦਾ ਅਹਿਦ ਲਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਆਪ ਮੁਹਾਰੇ ਅੱਗੇ ਆ ਕੇ ਇਸ ਯਾਤਰਾ ਦਾ ਹਿੱਸਾ ਬਣ ਰਹੇ ਹਨ ਅਤੇ ਪੰਜਾਬ ਵਿੱਚੋਂ ਨਸ਼ੇ ਦੀਆਂ ਜੜ੍ਹਾਂ ਪੁੱਟਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਵੀ ਕਰਨ ਲੱਗ ਪਏ ਹਨ, ਹੁਣ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਮੁਕੰਮਲ ਤੌਰ ਉੱਤੇ ਹੋ ਜਾਵੇਗਾ।
ਡਾ. ਬਲਬੀਰ ਸਿੰਘ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ, ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁਕਵਾਂ ਇਲਾਜ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ਹਿ ਪ੍ਰਾਪਤ ਨਹੀਂ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਇਹ ਸਖ਼ਤ ਹਦਾਇਤ ਦਿੱਤੀ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕਿਸੇ ਵੀ ਪਰਿਵਾਰ ਨਾਲ ਸਬੰਧ ਰੱਖਦਾ ਹੋਵੇ, ਉਸ ਨੂੰ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨਸ਼ਿਆਂ ਖ਼ਿਲਾਫ਼ ਇਹ ਫ਼ੈਸਲਾਕੁਨ ਯੁੱਧ ਅਵਾਮ ਦੇ ਸਹਿਯੋਗ ਨਾਲ ਜ਼ਰੂਰ ਜਿੱਤੇਗੀ। ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਪਟਿਆਲਾ ਦਿਹਾਤੀ ਦੇ ਕੁਆਰਡੀਨੇਟਰ ਯਾਦਵਿੰਦਰ ਗੋਲਡੀ, ਹਰਪਾਲ ਸਿੰਘ ਵਿਰਕ, ਜੈ ਸ਼ੰਕਰ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।