ਨਸ਼ਾ ਮੁਕਤੀ ਯਾਤਰਾ ਨੂੰ ਗੁਰਦਾਸਪੁਰ ਵਿੱਚ ਵੱਡਾ ਹੁੰਗਾਰਾ ਮਿਲਿਆ
ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਰੌਸ਼ਨ ਭਵਿੱਖ ਵੱਲ ਲਿਜਾਣਾ : ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 30 ਮਈ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਰੋਜ਼ਾਨਾਂ ਜਾਗਰੂਕਤਾ ਸਭਾਵਾਂ ਹੋ ਰਹੀਆਂ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਅਤੇ ਆਮ ਲੋਕ ਭਾਗ ਲੈ ਰਹੇ ਹਨ।
ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਹਾਜ਼ਰੀ ਵਿੱਚ ਪਿੰਡ ਬਾਜੇਚੱਕ ਦੇ ਵਸਨੀਕਾਂ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦਾ ਸਮੂਹਿਕ ਤੌਰ `ਤੇ ਪ੍ਰਣ ਲਿਆ। ਪਿੰਡ ਦੇ ਵਸਨੀਕਾਂ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਦੀ ਜ਼ਮਾਨਤ ਨਹੀਂ ਦੇਣਗੇ ਅਤੇ ਅਜਿਹੇ ਅਨਸਰਾਂ ਦਾ ਮੁਕੰਮਲ ਬਾਈਕਾਟ ਕਰਨਗੇ।
ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬਾਜੇਚੱਕ, ਰੱਤੋਵਾਲ ਅਤੇ ਤਲਵੰਡੀ ਵਿਰਕ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ, ਜਿਨ੍ਹਾਂ ਦੀ ਅਗਵਾਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤੀ ਗਈ।
ਇਸ ਮੌਕੇ ਪਿੰਡਾਂ ਵਿੱਚ ਹੋਈਆਂ ਜਨਤਕ ਸਭਾਵਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਰੌਸ਼ਨ ਭਵਿੱਖ ਵੱਲ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸਦੇ ਲਈ ਜ਼ਮੀਨੀ ਪੱਧਰ `ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ `ਤੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਹਲਕਾ ਕੋਆਰਡੀਨੇਟਰ ਸ੍ਰੀ ਨੀਰਜ ਸਲਹੋਤਰਾ, ਟਰੱਸਟੀ ਤੇ ਬਲਾਕ ਪ੍ਰਧਾਨ ਹਿਤੇਸ਼ ਮਹਾਜਨ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।