ਬਠਿੰਡਾ: ਕਿਸਾਨ ਮੇਲੇ ਦੌਰਾਨ ਝੋਨੇ ਦੇ ਬਦਲ ਵਜੋਂ ਮੱਕੀ ਬੀਜਣ ਦਾ ਸੱਦਾ
ਅਸ਼ੋਕ ਵਰਮਾ
ਬਠਿੰਡਾ, 30 ਮਈ 2025 : ਕਿਸਾਨਾਂ ਨੂੰ ਸਾਉਣੀ 2025 ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਸਬੰਧੀ ਸਥਾਨਕ ਲਾਰਡ ਰਾਮਾਂ ਹਾਲ, ਅਨਾਜ ਮੰਡੀ ਵਿਖੇ ਜ਼ਿਲ੍ਹਾ ਪੱਧਰ ਦੇ ਕਿਸਾਨ ਮੇਲੇ ਦੌਰਾਨ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੇ ਬਦਲ ਵਜੋਂ ਮੱਕੀ ਦੀ ਕਾਸ਼ਤ ਕਰਨ ਦਾ ਸੱਦਾ ਦਿੱਤਾ ਗਿਆ।ਇਨਾਂ ਮਾਹਿਰਾਂ ਨੇ ਦੱਸਿਆ ਕਿ ਮੱਕੀ ਦੇ ਪਾਇਲਟ ਪ੍ਰੋਜੈਕਟ ਅਧੀਨ ਜ਼ਿਲ੍ਹੇ ਵਿੱਚ 2500 ਹੈਕ. ਰਕਬੇ ਵਿੱਚ ਮੱਕੀ ਦੀ ਬਿਜਾਈ ਕਰਵਾਈ ਜਾਵੇਗੀ।ਇਸ ਪ੍ਰੌਜੈਕਟ ਤਹਿਤ ਜ਼ਿਲ੍ਹੇ ਵਿੱਚ 40 ਕਿਸਾਨ ਮਿੱਤਰ ਵੀ ਰੱਖੇ ਗਏ ਹਨ ਜੋ ਕਿ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨਾਲ ਤਾਲਮੇਲ ਕਰਕੇ ਸਮੇਂ-ਸਮੇਂ ਤੇ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹੱਲ ਕਰਵਾਉਣਗੇ। ਜੋ ਕਿਸਾਨ ਝੋਨੇ ਦੇ ਬਦਲ ਵਿੱਚ ਮੱਕੀ ਦੀ ਕਾਸ਼ਤ ਕਰਨਗੇ, ਉਨ੍ਹਾਂ ਕਿਸਾਨਾਂ ਨੂੰ 7000⁄^ਰੁਪਏ ਪ੍ਰਤੀ ਏਕੜ ਸਬਸਿਡੀ ਦਿੱਤੀ ਜਾਵੇਗੀ।
ਇਸ ਕਿਸਾਨ ਮੇਲੇ ਦੌਰਾਨ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਨੁਮਾਇਸ਼ਾਂ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ। ਇਸ ਮੌਕੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਖੇਤੀਬਾੜੀ ਦੀਆਂ ਨਵੀਨਤਮ ਤਕਨੀਕਾਂ ਨੂੰ ਅਪਣਾ ਕੇ ਵੱਧ ਤੋ ਵੱਧ ਮੁਨਾਫਾ ਲੈ ਸਕਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੇ ਵੱਧ ਉਤਪਾਦਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸਿਫਾਰਸ਼ ਬੀਜ, ਖਾਦ ਅਤੇ ਕੀੜੇਮਾਰ ਜ਼ਹਿਰਾਂ ਦੀ ਹੀ ਵਰਤੋਂ ਕਰਨ ਬਾਰੇ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਹੀ ਜ਼ਮੀਨ ਦੀ ਸਿਹਤ ਦੀ ਸੰਭਾਲ ਵੀ ਕੀਤੀ ਜਾ ਸਕਦੀ ਹੈ। ਇਸ ਦੌਰਾਨ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਸਾਨਾਂ ਨੂੰ ਬੇਲੋੜੇ ਖਰਚੇ ਘਟਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਅਤੇ ਡੀਲਰਾਂ ਤੋ ਸਾਰੇ ਇੰਨਪੁਟਸ ਦੇ ਪੱਕੇ ਬਿੱਲ ਲੈਣ ਦੀ ਅਪੀਲ ਵੀ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹੇ ਵਿੱਚ ਨਿਰਵਿਘਨ ਨਹਿਰੀ ਪਾਣੀ ਅਤੇ ਬਿਜਲੀ ਦੀ ਸਪਲਾਈ ਦੇਣ ਬਾਰੇ ਵਿਸ਼ਵਾਸ਼ ਦਿਵਾਇਆ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਬਸਿਡੀ ‘ਤੇ ਦਿੱਤੀ ਮਸ਼ੀਨਰੀ ਦਾ ਵੱਧ ਤੋ ਵੱਧ ਫਾਇਦਾ ਉਠਾਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਖਰਾਬ ਹੁੰਦਾ ਹੈ ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) 15 ਮਈ ਤੋ 30 ਜੂਨ ਤੱਕ ਕਰ ਸਕਦੇ ਹਨ, ਜਿਸ ਨਾਲ 10 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਰਮੇ ਦੇ ਬੀਜ ਤੇ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਸਾਉਣੀ 2025 ਦੌਰਾਨ ਜ਼ਿਲ੍ਹੇ ਨੂੰ ਅਲਾਟ ਕੀਤੇ ਗਏ ਨਰਮੇ ਦੇ 18600 ਹੈਕ. ਰਕਬੇ ਲਈ ਦਿੱਤੇ ਗਏ ਟੀਚੇ ਅਨੁਸਾਰ ਵੱਧ ਤੋ ਵੱਧ ਰਕਬੇ ਵਿੱਚ ਬਿਜਾਈ ਕਰਨ ਦੀ ਅਪੀਲ ਕੀਤੀ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਇਸ ਸਾਲ ਝੋਨੇ ਦੀ ਲਵਾਈ 1 ਜੂਨ 2025 ਤੋ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਨਿਸ਼ਚਿਤ ਮਿਤੀ ਤੋ ਪਹਿਲਾਂ ਝੋਨੇ ਦੀ ਲਵਾਈ ਨਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਰੋਜ਼ਾਨਾ ਘੱਟੋ-ਘੱਟ 8 ਘੰਟੇ ਮਿਲੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀਆਂ ਹਾਈਬ੍ਰਿਡ ਅਤੇ ਪੀਲੀ ਪੂਸਾ, ਪੂਸਾ-44 ਆਦਿ ਕਿਸਮਾਂ ਦੀ ਬਿਜਾਈ ਕਰਨ ਤੋ ਗੁਰੇਜ਼ ਕਰਨ, ਕਿਉਂਕਿ ਇਹ ਕਿਸਮਾਂ ਪੀ.ਆਰ.ਕਿਸਮਾਂ ਤੋਂ ਵੱਧ ਪਾਣੀ ਅਤੇ ਲੰਬਾ ਸਮਾਂ ਲੈਂਦੀਆਂ ਹਨ ਅਤੇ ਇਨ੍ਹਾਂ ਦੀ ਪਰਾਲੀ ਵੀ ਵੱਧ ਹੁੰਦੀ ਹੈ। ਇਸ ਲਈ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸਿਫਾਰਸ਼ ਪੀ.ਆਰ.ਕਿਸਮਾਂ ਦੀ ਹੀ ਬਿਜਾਈ ਕਰਨ। ਇਸ ਮੌਕੇ ਡਾ.ਅਮਰਜੀਤ ਸਿੰਘ ਸੰਧੂ (ਜ਼ਿਲ੍ਹਾ ਪ੍ਰਸਾਰ ਮਾਹਿਰ, ਬਠਿੰਡਾ) ਦੀ ਅਗਵਾਈ ਹੇਠ ਖੇਤਰੀ ਖੋਜ ਕੇਂਦਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੇ ਵੱਖ-ਵੱਖ ਖੇਤੀ ਸਬੰਧੀ ਵਿਸ਼ਿਆਂਤੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜ਼ਿਲ੍ਹੇ ਵਿੱਚੋਂ 15 ਅਗਾਂਹਵਧੂ ਕਿਸਾਨਾਂ ਨੂੰ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਸੰਚਾਲਨ ਡਾ.ਜਸਕਰਨ ਸਿੰਘ ਬਲਾਕ ਖੇਤੀਬਾੜੀ ਅਫਸਰ ਨਥਾਣਾ ਅਤੇ ਡਾ.ਹਰਦੀਪ ਸਿੰਘ ਖੇਤੀਬਾੜੀ ਅਫਸਰ(ਟਰੇਨਿੰਗ) ਬਠਿੰਡਾ ਨੇ ਕੀਤਾ। ਅੰਤ ਵਿੱਚ ਡਾ. ਦਵਿੰਦਰ ਸਿੰਘ ਸਹਾਇਕ ਪੌਦਾ ਸੁਰੱਖਿਆ ਅਫਸਰ, ਬਠਿੰਡਾ ਵੱਲੋ ਆਏ ਹੋਏ ਕਿਸਾਨਾਂ ਅਤੇ ਮਹਿਮਾਨਾਂ ਦਾ ਕਿਸਾਨ ਮੇਲੇ ਵਿੱਚ ਆਉਣ ਤੇ ਧੰਨਵਾਦ ਕੀਤਾ ਗਿਆ।