ਸਿਹਤ ਵਿਭਾਗ ਨਥਾਣਾ ਨੇ ‘ਵਿਸ਼ਵ ਤੰਬਾਕੂ ਰਹਿਤ ਦਿਵਸ' ਮੌਕੇ ਜਾਗਰੂਕਤਾ ਮੁਹਿੰਮ ਚਲਾਈ
ਤੰਬਾਕੂਨੋਸ਼ੀ ਦੇ ਸਰੀਰ ਉਤੇ ਪੈਣ ਵਾਲੇ ਦੁਰਪ੍ਰਭਾਵਾਂ ਤੋਂ ਜਾਣੂ ਕਰਾਇਆ
ਅਸ਼ੋਕ ਵਰਮਾ
ਨਥਾਣਾ, 31 ਮਈ 2025:ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਊਨਿਟੀ ਹੈਲਥ ਸੈਂਟਰ ਨਥਾਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਸਰਾਂ ਦੀ ਅਗਵਾਈ ਹੇਠ ਸਿਹਤ ਵਿਭਾਗ ਨਥਾਣਾ ਦੀਆਂ ਸਿਹਤ ਟੀਮਾਂ ਵੱਲੋਂ ‘ਵਿਸ਼ਵ ਤੰਬਾਕੂ ਰਹਿਤ ਦਿਵਸ' ਮੌਕੇ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਲੋਕਾਂ ਨੂੰ ਅਜਿਹੇ ਮਾਰੂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਾਂ ਨੇ ਕਿਹਾ ਕਿ ‘ਵਿਸ਼ਵ ਤੰਬਾਕੂ ਰਹਿਤ ਦਿਵਸ' ਹਰ ਸਾਲ 31 ਮਈ ਨੂੰ ਮਨਾਇਆ ਜਾਂਦਾ ਹੈ ਪਰ ਤੰਬਾਕੂ ਵਿਰੋਧੀ ਗਤੀਵਿਧੀਆਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਹਫ਼ਤੇ ਭਰ ਲਈ ਚਲਾਇਆ ਜਾਵੇਗਾ, ਜਿਸ ਦਾ ਮਕਸਦ ਲੋਕਾਂ ਨੂੰ ਤੰਬਾਕੂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨਾ ਹੈ ਤਾਂ ਕਿ ਵਰਤਮਾਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਤੰਬਾਕੂਨੋਸ਼ੀ ਦੇ ਸਰੀਰ ‘ਤੇ ਪੈਣ ਵਾਲੇ ਦੁਰਪ੍ਰਭਾਵਾਂ ਬਾਰੇ ਸੁਚੇਤ ਕੀਤਾ ਜਾ ਸਕੇ।
ਇਸ ਦੇ ਨਾਲ ਹੀ ਤੰਬਾਕੂਨੋਸ਼ੀ ਕਾਰਨ ਹੁੰਦੇ ਸਮਾਜਿਕ, ਵਾਤਾਵਰਣ ਅਤੇ ਆਰਥਿਕ ਨੁਕਸਾਨਾਂ ਤੋਂ ਵੀ ਜਾਣੂ ਕਰਾਉਣਾ ਹੈ।ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਦਿਲ ਦੀ ਧੜਕਨ ਅਤੇ ਲਹੂ ਦੇ ਦਬਾਅ ‘ਚ ਵਾਧਾ ਹੁੰਦਾ ਹੈ, ਜਿਸ ਨਾਲ ਕੁਝ ਸਮੇਂ ਲਈ ਸਰੀਰ ਦੀ ਸਮਰੱਥਾ ਤਾਂ ਵਧ ਜਾਂਦੀ ਹੈ ਪਰ ਇਸ ਦੀ ਵਰਤੋਂ ਕਾਰਨ ਸਰੀਰ ਕਈ ਪ੍ਰਕਾਰ ਦੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ। ਤੰਬਾਕੂ ਨੂੰ ਮੂੰਹ ਦੇ ਕੈਂਸਰ ਦਾ ਇੱਕ ਵੱਡਾ ਕਾਰਨ ਮੰਨਿਆ ਜਾਂਦਾ ਹੈ। ਸਿਗਰਟ ਵਰਗੇ ਤੰਬਾਕੂ ਉਤਪਾਦ ਮੂੰਹ ਦੇ ਕੈਂਸਰ, ਗਲੇ ਦੇ ਕੈਂਸਰ, ਫੇਫੜਿਆਂ ਦੇ ਕੈਂਸਰ ਅਤੇ ਖੂਨ ਦੇ ਕੈਂਸਰ ਦਾ ਕਾਰਨ ਬਣਦੇ ਹਨ। ਮੂੰਹ ਦਾ ਕੈਂਸਰ ਹਰ ਸਾਲ ਲੱਖਾਂ ਲੋਕਾਂ ਦੀ ਜਾਨ ਲੈਂਦਾ ਹੈ, ਜਿਸਦਾ ਸਭ ਤੋਂ ਵੱਡਾ ਕਾਰਨ ਤੰਬਾਕੂ ਜਾਂ ਤੰਬਾਕੂ ਉਤਪਾਦਾਂ ਦੀ ਵਰਤੋਂ ਹੈ। ਗੁਟਖਾ, ਪਾਨ ਮਸਾਲਾ, ਸਿਗਰਟ, ਬੀੜੀ ਅਤੇ ਹੁੱਕਾ ਵਰਗੀਆਂ ਚੀਜ਼ਾਂ ਵਿੱਚ ਨਿਕੋਟੀਨ ਅਤੇ ਹਾਨੀਕਾਰਕ ਰਸਾਇਣ ਹੁੰਦੇ ਹਨ, ਜੋ ਮੂੰਹ ਦੇ ਟਿਸ਼ੂਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ।
ਉਹਨਾਂ ਕਿਹਾ ਕਿ ਇਨ੍ਹਾਂ ਚੀਜ਼ਾਂ ਦੀ ਨਿਯਮਤ ਵਰਤੋਂ ਨਾਲ ਕੈਂਸਰ ਸੈੱਲ ਵਿਕਸਤ ਹੁੰਦੇ ਹਨ। ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ,ਹਾਰਟ ਅਟੈਕ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ, ਗਰਭ ਦੌਰਾਨ ਪਲ ਰਹੇ ਬੱਚੇ ਵਿਚ ਵਿਕਾਰ ਸਮੇਤ ਹੋਰ ਬਹੁਤ ਸਾਰੀਆਂ ਬੀਮਾਰੀਆਂ ਲੱਗ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਿਗਰਟ ਬੀੜੀ ਪੀਣ ਵਾਲਾ ਵਿਅਕਤੀ ਆਪਣੇ ਆਲੇ –ਦੁਆਲੇ ਜਾਂ ਪਰਿਵਾਰਕ ਮੈਂਬਰਾਂ ਦਾ ਪੈਸਿਵ ਸਮੋਕਰ ਬਣ ਕੇ ਨੁਕਸਾਨ ਕਰਦਾ ਹੈ। ਇਸ ਲਈ ਤੰਬਾਕੂਨੋਸ਼ੀ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਨਾਲ ਨਾਲ ਸਮਾਜ ਵਿਚ ਵੀ ਬੀਮਾਰੀ ਫੈਲਾਉਣ ਦਾ ਕਾਰਨ ਬਣਦਾ ਹੈ।ਬਲਾਕ ਐਜੂਕੇਟਰ ਪਵਨਜੀਤ ਕੌਰ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਤੰਬਾਕੂ ਜਾਂ ਇਸ ਤੋਂ ਬਣੀਆਂ ਚੀਜ਼ਾਂ ਦੀ ਵਰਤੋਂ ਕਰਦਾ ਹੈ ਤਾਂ ਤੁਰੰਤ ਇਸ ਦਾ ਤਿਆਗ ਕਰ ਦੇਣਾ ਚਾਹੀਦਾ ਹੈ। ਇਸ ਬੁਰੀ ਆਦਤ ਤੋਂ ਛੁਟਕਾਰਾ ਪਾਉਣ ਲਈ ਡਾਕਟਰੀ ਸਹਾਇਤਾ ਲਈ ਜਾ ਸਕਦੀ ਹੈ। ਸਰਕਾਰੀ ਹਸਪਤਾਲਾਂ ਵਿਚ ਹਰ ਤਰ੍ਹਾਂ ਦਾ ਤੰਬਾਕੂ ਬਿਨਾਂ ਕਿਸੇ ਤਕਲੀਫ ਤੋਂ ਮੁਫ਼ਤ ਛੁਡਾਇਆ ਜਾਂਦਾ ਹੈ।